ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਅਨੰਦਪੁਰ ਸਾਹਿਬ ਦਾ 357ਵਾਂ ਸਥਾਪਨਾ ਦਿਵਸ
Sunday, Jun 19, 2022 - 02:23 PM (IST)
ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ, ਦਲਜੀਤ)- ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਅੱਜ ਸ੍ਰੀ ਆਨੰਦਪੁਰ ਸਾਹਿਬ ਦਾ 357ਵਾਂ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦਾ 357ਵਾਂ ਸਥਾਪਨਾ ਦਿਵਸ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਕੇ ਮਹਿਲ (ਗੁ . ਭੋਰਾ ਸਾਹਿਬ) ਵਿਖੇ ਬੜੀ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।
ਜ਼ਿਕਰਯੋਗ ਹੈ ਕਿ 19 ਜੂਨ 1665 ਵਾਲੇ ਦਿਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ‘ਚੱਕ ਮਾਤਾ ਨਾਨਕੀ’ ਪਿੰਡ ਜੋ ਕਿ ਬਾਅਦ ਵਿਚ ਮਾਖੋਵਾਲ ਅਤੇ ਫਿਰ ਸ੍ਰੀ ਅਨੰਦਪੁਰ ਸਾਹਿਬ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ, ਦੀ ਮੌਡ਼ੀ ਗਡਵਾਕੇ ਸਮੁੱਚੇ ਸੰਸਾਰ ਅੰਦਰ ਮਨੁੱਖਤਾ ਦੇ ਭਲੇ ਦਾ ਮੁੱਢ ਬੰਨਕੇ ਇਕ ਨਵੀਂ ਕ੍ਰਾਂਤੀ ਲਿਆਂਦੀ ਸੀ।
ਇਹ ਵੀ ਪੜ੍ਹੋ: ਦੁਨੀਆ ਦੇ 30 ਤੋਂ ਵੱਧ ਦੇਸ਼ਾਂ ’ਚ ਲਾਗੂ ਹੈ ਅਗਨੀਪਥ ਵਰਗੀ ਯੋਜਨਾ
ਇਸੇ ਧਰਤੀ ਤੋਂ ਚੱਲ ਕੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਜਾ ਕੇ ਹਿੰਦੂ ਧਰਮ ਦੀ ਰੱਖਿਆ ਖਾਤਰ ਕੁਰਬਾਨੀ ਦੇਣ ਦੀ ਮਿਸਾਲ ਵੀ ਕਿੱਧਰੇ ਹੋਰ ਨਹੀਂ ਮਿਲਦੀ। ਜਾਣਕਾਰੀ ਦਿੰਦਿਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਵਰੋਸਾਈ ਹੋਈ ਇਸ ਗੁਰੂ ਕੀ ਨਗਰੀ ਦਾ ਸਥਾਪਨਾ ਦਿਵਸ ਮਨਾਉਣ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਅਤੇ ਸ਼ਰਧਾ ਹੈ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਵਿਸ਼ੇਸ਼ ਤੌਰ ਉਤੇ ਗੁਰੂ ਘਰ ਵਿੱਚ ਹਾਜ਼ਰੀਆਂ ਭਰੀਆਂ।
ਇਸ ਸਬੰਧੀ ਅੱਜ 19 ਜੂਨ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਸਜਿਆ, ਜਿਸ ਵਿਚ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਅਤੇ ਢਾਡੀ ਅਤੇ ਪ੍ਰਚਾਰਕ ਸੰਗਤਾਂ ਨੂੰ ਗੁਰ ਇਤਹਾਸ ਨਾਲ ਜੋੜਿਆ। ਸ਼ਾਮ ਨੂੰ 6 ਵਜੇ ਤੋਂ ਰਾਤ 11 ਵਜੇ ਤੱਕ ਦੀਵਾਨ ਸਜਾਏ ਜਾਣਗੇ, ਜਿਸ ’ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਅਤੇ ਵਿਦਵਾਨ ਇਲਾਹੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰਸ਼ਬਦ ਨਾਲ ਜੋੜਨਗੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਅਹਿਮ ਮੌਕੇ ਵਹੀਰਾਂ ਘੱਤ ਕੇ ਖ਼ਾਲਸੇ ਦੀ ਨਗਰੀ ਵਿਖੇ ਪਹੁੰਚਣ ਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ।
ਇਹ ਵੀ ਪੜ੍ਹੋ: ਦੋਆਬਾ ਦੇ ਲੋਕਾਂ ਲਈ ਅਹਿਮ ਖ਼ਬਰ, ਕੈਨੇਡਾ ਸਰਕਾਰ ਨੇ ਜਲੰਧਰ ’ਚ ਦਿੱਤੀ ਪਾਸਪੋਰਟ ਜਮ੍ਹਾ ਕਰਵਾਉਣ ਦੀ ਸਹੂਲਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ