ਲੁਧਿਆਣਾ ਜ਼ਿਲ੍ਹੇ ''ਚ ਕੋਰੋਨਾ ਕਾਰਨ 3 ਦੀ ਮੌਤ, 37 ਨਵੇਂ ਪਾਜ਼ੇਟਿਵ
Thursday, Dec 31, 2020 - 02:34 AM (IST)
ਲੁਧਿਆਣਾ, (ਸਹਿਗਲ)- ਮਹਾਨਗਰ ਦੇ ਹਸਪਤਾਲਾਂ ਵਿਚ ਕੋਰੋਨਾ ਸੰਕ੍ਰਮਣ ਨਾਲ 3 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ 37 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਮਰੀਜ਼ਾਂ ’ਚੋਂ 26 ਮਰੀਜ਼ ਜ਼ਿਲੇ ਦੇ ਰਹਿਣ ਵਾਲੇ ਹਨ, ਜਦੋਂਕਿ 11 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਸਿਵਲ ਸਰਜਨ ਦੇ ਮੁਤਾਬਕ ਤਿੰਨ ਮ੍ਰਿਤਕ ਮਰੀਜ਼ਾਂ ਵਿਚ 2 ਜ਼ਿਲੇ ਦੇ ਰਹਿਣ ਵਾਲੇ ਹਨ। ਇਨ੍ਹਾਂ ਵਿਚ ਇਕ 55 ਸਾਲਾਂ ਮਹਿਲਾ ਤਾਜਪੁਰ ਰੋਡ ਦੀ ਰਹਿਣ ਵਾਲੀ ਸੀ ਅਤੇ ਸਿਵਲ ਹਸਪਤਾਲ ਵਿਚ ਦਾਖਲ ਸੀ, ਜਦੋਂਕਿ ਇਕ ਹੋਰ 55 ਸਾਲਾਂ ਔਰਤ ਜ਼ਿਲੇ ਦੀ ਰਹਿਣ ਵਾਲੀ ਸੀ ਅਤੇ ਜੀ. ਟੀ. ਬੀ. ਹਸਪਤਾਲ ਵਿਚ ਦਾਖਲ ਸੀ।
ਅੱਜ ਸਾਹਮਣੇ ਆਏ 26 ਮਰੀਜ਼ਾਂ ਵਿਚੋਂ 2 ਮਰੀਜ਼ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਨਾਲ ਪਾਜ਼ੇਟਿਵ ਹੋਏ। 19 ਮਰੀਜ਼ ਫਲੂ ਕਾਰਨਰ ਵਿਚ ਸਾਹਮਣੇ ਆਏ। ਇਨ੍ਹਾਂ ਵਿਚ 2 ਹੈਲਥ ਕੇਅਰ ਵਰਕਰ ਵੀ ਸ਼ਾਮਲ ਹਨ। ਸਾਹਮਣੇ ਆਏ 26 ਮਰੀਜ਼ਾਂ ਤੋਂ ਬਾਅਦ ਜ਼ਿਲੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 24737 ਹੋ ਗਈ ਹੈ। ਇਨ੍ਹਾਂ ’ਚੋਂ 962 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 3687 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲਿਆਂ ਵਿਚ ਜਾਂ ਰਾਜਾਂ ਦੇ ਰਹਿਣ ਵਾਲੇ ਸਨ। ਇਨ੍ਹਾਂ ’ਚੋਂ 446 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲੇ ਵਿਚ 23,432 ਮਰੀਜ਼ ਕੋਰੋਨਾ ਵਾਇਰਸ ਤੋਂ ਠੀਕ ਹੋ ਚੁੱਕੇ ਹਨ। ਮੌਜੂਦਾ ਵਿਚ 343 ਐਕਟਿਵ ਮਰੀਜ਼ ਰਹਿ ਗਏ ਹਨ।
2249 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ
ਜ਼ਿਲੇ ਵਿਚ ਅੱਜ 2249 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 1766 ਸੈਂਪਲ ਸਿਹਤ ਵਿਭਾਗ ਵੱਲੋਂ ਅਤੇ 483 ਸੈਂਪਲ ਨਿਜੀ ਹਸਪਤਾਲਾਂ ਅਤੇ ਲੈਬਸ ਵੱਲੋਂ ਲਏ ਗਏ 1856 ਸੈਂਪਲਾਂ ਦੀ ਰਿਪੋਰਟ ਅਜੇ ਪੈਂਡਿੰਗ ਦੱਸੀ ਜਾਂਦੀ ਹੈ।
32 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ
ਸਿਹਤ ਵਿਭਾਗ ਵੱਲੋਂ ਅੱਜ 32 ਪਾਜ਼ੇਟਿਵ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ ਹੈ, ਜਦੋਂਕਿ 56 ਸ਼ੱਕੀ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ’ਚ ਭੇਜਿਆÇ ਗਿਆ ਹੈ।
ਸਰਕਾਰੀ ਹਸਪਤਾਲਾਂ ’ਚ 7, ਨਿੱਜੀ ਹਸਪਤਾਲਾਂ ’ਚ 104 ਮਰੀਜ਼
ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਵਾਇਰਸ ਦੇ 7 ਪਾਜ਼ੇਟਿਵ ਮਰੀਜ਼ ਦਾਖਲ ਹਨ, ਜਦੋਂਕਿ 104 ਮਰੀਜ਼ ਨਿੱਜੀ ਹਸਪਤਾਲਾਂ ਵਿਚ ਭਰਤੀ ਦੱਸੇ ਜਾਂਦੇ ਹਨ, ਇਨ੍ਹਾਂ ਵਿਚੋਂ 5 ਮਰੀਜ਼ਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾਂਦੀ ਹੈ। ਇਨ੍ਹਾਂ ਵਿਚ 3 ਜ਼ਿਲੇ ਦੇ ਰਹਿਣ ਵਾਲੇ ਹਨ, ਜਦੋਂਕਿ ਦੋ ਦੂਜੇ ਜ਼ਿਲਿਆਂ ਤੋਂ ਆ ਕੇ ਸਥਾਨਕ ਹਸਪਤਾਲਾਂ ਵਿਚ ਦਾਖਲ ਹੋਏ ਹਨ।