ਹੈਰੋਇਨ ਦੇ ਨਾਲ ਅਤੇ ਹੈਰੋਇਨ ਦਾ ਸੇਵਨ ਕਰਦੇ 4 ਦੋਸ਼ੀ ਗ੍ਰਿਫ਼ਤਾਰ
Saturday, Jul 26, 2025 - 04:57 PM (IST)

ਗੁਰੂਹਰਸਹਾਏ (ਸੁਨੀਲ ਵਿੱਕੀ) : ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਚਾਰ ਵਿਅਕਤੀਆਂ ਨੂੰ 40 ਗ੍ਰਾਮ ਹੈਰੋਇਨ ਦੇ ਨਾਲ ਅਤੇ ਹੈਰੋਇਨ ਦਾ ਸੇਵਨ ਕਰਦੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੁਲਵੰਤ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਰੇਲਵੇ ਬਸਤੀ ਗੁਰੂਹਰਸਹਾਏ ਬਾਹਰੋਂ ਹੈਰੋਇਨ ਲਿਆ ਕੇ ਵੇਚਣ ਦਾ ਆਦੀ ਹੈ ਅਤੇ ਜੋ ਇਸ ਵਕਤ ਕਬਰਸਤਾਨ ਗੁਰੂਹਰਸਹਾਏ ਵਿੱਚ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ ਤਾਂ ਪੁਲਸ ਨੇ ਤੁਰੰਤ ਉੱਥੇ ਛਾਪੇਮਾਰੀ ਕਰਦੇ ਹੋਏ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਉਸ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਦੂਜੇ ਪਾਸੇ ਇਸੇ ਥਾਣੇ ਦੇ ਸਬ ਇੰਸਪੈਕਟਰ ਕੁਲਵੰਤ ਸਿੰਘ ਨੇ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਕਬਰਿਸਤਾਨ ਗੁਰੂਹਰਸਹਾਏ ਨੇੜੇ ਛਾਪਾਮਾਰੀ ਕਰਦੇ ਸਾਜਨ ਕੁਮਾਰ ਪੁੱਤਰ ਦੇਸ ਰਾਜ ਵਾਸੀ ਬਸਤੀ ਗੁਰੂ ਕਰਮ ਸਿੰਘ ਵਾਲੀ ਗੁਰੂਹਰਸਹਾਏ, ਮੁਨੀਸ਼ ਕੁਮਾਰ ਪੁੱਤਰ ਵਿਜੈ ਕੁਮਾਰ ਵਾਸੀ ਧਾਨਕਾ ਮੁਹੱਲਾ ਗੁਰੂਹਰਸਹਾਏ ਅਤੇ ਅਕਾਸ਼ਦੀਪ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਮਿਸ਼ਰੀ ਵਾਲਾ ਨੂੰ ਹੈਰੋਇਨ ਦਾ ਸੇਵਨ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਅਤੇ ਤਲਾਸ਼ੀ ਲੈਣ ’ਤੇ ਉਨ੍ਹਾ ਕੋਲੋਂ ਹੈਰੋਇਨ ਲੱਗੀ ਪੰਨੀ, 10 ਰੁਪਏ ਦੇ 2 ਨੋਟ, ਤਿੰਨ ਲਾਈਟਰ ਬਰਾਮਦ ਹੋਏ। ਪੁਲਸ ਵੱਲੋਂ ਨਾਮਜ਼ਦ ਦੋਸ਼ੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।