ਲੱਖਾਂ ਰੁਪਏ ਦੀ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ
Tuesday, Oct 28, 2025 - 11:13 AM (IST)
ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ, ਆਨੰਦ) : ਐੱਸ. ਐੱਸ. ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਭਰ ’ਚ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਕੁਲਗੜ੍ਹੀ ਦੇ ਏ. ਐੱਸ. ਆਈ. ਬਲਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਨੂੰ ਇਕ ਗੁਪਤ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ਼ ਪ੍ਰੀਤ ਫਿਰੋਜ਼ਪੁਰ-ਮੋਗਾ ਰੋਡ ’ਤੇ ਪੁਲ ਦੇ ਹੇਠਾਂ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ।
ਇਸ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਤਰੁੰਤ ਉੱਥੇ ਛਾਪੇਮਾਰੀ ਕਰ ਕੇ ਨਾਮਜ਼ਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਦੀ ਤਲਾਸ਼ੀ ਲੈਣ ਤੋਂ ਬਾਅਦ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਜੇ ਪਾਸੇ ਥਾਣਾ ਘੱਲ ਖੁਰਦ ਦੇ ਏ. ਐੱਸ. ਆਈ. ਅੰਗਰੇਜ਼ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਨੇ ਇਕ ਸ਼ੱਕੀ ਨੌਜਵਾਨ ਨੂੰ ਖੜ੍ਹਾ ਦੇਖਿਆ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਭੱਜਣ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਪੁਲਸ ਨੂੰ ਆਪਣਾ ਨਾਂ ਅਮਰਜੋਤ ਸਿੰਘ ਉਰਫ਼ ਜੋਤ ਦੱਸਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 4.75 ਗ੍ਰਾਮ ਹੈਰੋਇਨ ਬਰਾਮਦ ਹੋਈ।
ਥਾਣਾ ਮੱਲਾਂਵਾਲਾ ਦੇ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਨੇ ਮੱਲਾਂਵਾਲਾ ਤੋਂ ਸੁਨਵਾਂ ਸੜਕ ’ਤੇ ਸ਼ੱਕ ਦੇ ਆਧਾਰ ’ਤੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨੇ ਪੁੱਛਗਿੱਛ ਕਰਨ ’ਤੇ ਪੁਲਸ ਨੂੰ ਦੱਸਿਆ ਕਿ ਆਪਣਾ ਨਾਂ ਸੁਮਿਤ ਪੁੱਤਰ ਮੁਕੱਦਰ ਦੱਸਿਆ, ਜਿਸ ਦੀ ਤਲਾਸ਼ੀ ਲੈਣ ’ਤੇ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਥਾਣਾ ਕੁਲਗੜ੍ਹੀ, ਥਾਣਾ ਘੱਲ ਖੁਰਦ ਅਤੇ ਥਾਣਾ ਮੱਲਾਂਵਾਲਾ ਵਿਖੇ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
