ਨਸ਼ੇ ਵਾਲੇ ਪਦਾਰਥਾਂ ਸਣੇ 4 ਗ੍ਰਿਫਤਾਰ

04/26/2018 7:12:02 AM

ਤਰਨਤਾਰਨ,   (ਰਾਜੂ, ਰਮਨ, ਲਵਲੀ)-  ਪੁਲਸ ਨੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਖੇਤਰਾਂ 'ਚ ਛਾਪੇਮਾਰੀ ਕਰ ਕੇ ਨਸ਼ੇ ਵਾਲੇ ਪਦਾਰਥਾਂ ਸਣੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ, ਜਦ ਇਕ ਭੱਜਣ 'ਚ ਕਾਮਯਾਬ ਹੋ ਗਿਆ। 
ਐੱਸ. ਟੀ. ਐੱਫ. ਤਰਨਤਾਰਨ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਖਿਲਾਫ ਥਾਣਾ ਸਰਹਾਲੀ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰੈੱਸ ਨੂੰ ਸੰਬੋਧਨ ਕਰਦੇ ਹੋਏ ਐੱਸ. ਟੀ. ਐੱਫ. ਦੇ ਇੰਚਾਰਜ ਸੁਖਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੁਲਸ ਵੱਲੋਂ ਬਿੱਲੀਆਂ ਵਾਲੇ ਪੁਲ 'ਤੇ ਨਾਕਾਬੰਦੀ ਕਰ ਕੇ ਰੇਸ਼ਮ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਦਿਲਾਵਰਪੁਰ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 1.20 ਲੱਖ ਨਸ਼ੇ ਵਾਲੀਆਂ ਗੋਲੀਆਂ ਮਾਈਕਰੋਲਿਟ ਬਰਾਮਦ ਕੀਤੀਆਂ ਗਈਆਂ। ਫੜੇ ਗਏ ਵਿਅਕਤੀ ਨੇ ਦੱਸਿਆ ਕਿ ਉਹ ਇਹ ਗੋਲੀਆਂ ਤਰਨਤਾਰਨ ਅਤੇ ਆਸ-ਪਾਸ ਦੇ ਇਲਾਕਿਆਂ 'ਚ ਸਪਲਾਈ ਕਰਦਾ ਸੀ। ਪੁਲਸ ਨੇ ਉਸ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੌਰਾਨ ਮੋੜ ਬੂਹ ਤੋਂ ਸੁਰਜੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਹਰੀਕੇ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 800 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਬੱਸ ਅੱਡਾ ਵਾੜਾ ਸ਼ੇਰ ਸਿੰਘ ਤੋਂ ਨਿੰਦਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਅਮਰਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 780 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਸਦਰ ਪੱਟੀ ਦੇ ਐੱਚ. ਸੀ. ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੌਰਾਨ ਬੱਸ ਅੱਡਾ ਸਭਰਾ ਤੋਂ 30 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀਆਂ, ਜਦਕਿ ਮੁਲਜ਼ਮ ਕਾਲਾ ਸਿੰਘ ਪੁੱਤਰ ਭਾਨ ਸਿੰਘ ਵਾਸੀ ਸਭਰਾ ਮੌਕੇ ਤੋਂ ਫਰਾਰ ਹੋ ਗਿਆ।
ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਐੱਚ. ਸੀ. ਸੁਖਵੰਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੌਰਾਨ ਚੋਹਲਾ ਸਾਹਿਬ ਮੌਜੂਦ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਚੋਹਲਾ ਸਾਹਿਬ ਵਿਖੇ ਇਕ ਸ਼ੱਕੀ ਜ਼ੈੱਨ ਖੜ੍ਹੀ ਹੈ, ਜਦੋਂ ਜਾ ਕੇ ਦੇਖਿਆ ਤਾਂ ਡਰਾਈਵਰ ਅਜਮੇਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਮਰੜ ਸੀਟ 'ਤੇ ਬੈਠਾ ਸੀ। ਕਾਰ ਦੀ ਤਲਾਸ਼ੀ ਕਰਨ 'ਤੇ ਉਸ 'ਚੋਂ 6 ਕੇਨ 'ਚੋਂ 2.25 ਲੱਖ ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਤਫਤੀਸ਼ ਅਮਲ 'ਚ ਲਿਆਂਦੀ ਹੈ।


Related News