ਡਿਪਟੀ ਕਮਿਸ਼ਨਰ ਦੀ ਵੱਡੀ ਕਾਰਵਾਈ, 4 ਟ੍ਰੈਵਲ ਏਜੰਟਾਂ ਦੇ ਲਾਇਸੈਂਸ ਕੀਤੇ ਰੱਦ
Thursday, Oct 19, 2023 - 08:14 PM (IST)
ਜਲੰਧਰ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵੀਰਵਾਰ ਨੂੰ ਜ਼ਿਲ੍ਹੇ ਦੇ 4 ਟ੍ਰੈਵਲ ਏਜੰਟਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਇਹ ਕਾਰਵਾਈ ਇਨ੍ਹਾਂ ਖ਼ਿਲਾਫ਼ ਐੱਫ.ਆਈ.ਆਰਜ਼ ਅਤੇ ਸ਼ਿਕਾਇਤਾਂ ਦਰਜ ਹੋਣ ਤੋਂ ਬਾਅਦ ਕੀਤੀ ਗਈ ਹੈ। ਇਨ੍ਹਾਂ ਫਰਮਾਂ ਵਿੱਚ ਸਥਾਨਕ ਲਾਜਪਤ ਨਗਰ 'ਚ ਮੈਸਰਜ਼ ਮਿਡਵੈਸਟ ਇਮੀਗ੍ਰੇਸ਼ਨ ਕੰਸਲਟੈਂਟ, ਛੋਟੀ ਬਾਰਾਂਦਰੀ-2 ਵਿੱਚ ਮੈਸਰਜ਼ ਆਈ.ਕਿਊ. ਐਜੂਕੇਸ਼ਨ ਅਤੇ ਇਮੀਗ੍ਰੇਸ਼ਨ ਸਰਵਿਸਿਜ਼, ਅਰਬਨ ਅਸਟੇਟ ਫੇਜ਼-1 'ਚ ਮੈਸਰਜ਼ ਆਰ.ਡੀ.ਐੱਸ.ਆਈ. ਇੰਸਟੀਚਿਊਟ ਐੱਲ.ਐੱਲ.ਪੀ. ਅਤੇ ਮੁਹੱਲਾ ਕਾਜ਼ੀਆਂ, ਫਿਲੌਰ ਵਿੱਚ ਮੈਸਰਜ਼ ਹਾਈ ਸਪਿਰਿਟਸ ਸ਼ਾਮਲ ਹਨ।
ਇਹ ਵੀ ਪੜ੍ਹੋ : ਇਜ਼ਰਾਈਲ ਪਹੁੰਚੇ ਬ੍ਰਿਟਿਸ਼ PM ਰਿਸ਼ੀ ਸੁਨਕ ਦਾ ਵੱਡਾ ਬਿਆਨ, ਕਿਹਾ- ਅੱਤਵਾਦ ਦੇ ਖ਼ਿਲਾਫ਼ ਹਮੇਸ਼ਾ ਤੁਹਾਡੇ ਨਾਲ ਹਾਂ
ਡੀਸੀ ਸਾਰੰਗਲ ਨੇ ਕਿਹਾ ਕਿ ਇਮੀਗ੍ਰੇਸ਼ਨ ਕੰਸਲਟੈਂਟਾਂ/ਫਰਮਾਂ ਵੱਲੋਂ ਕਿਸੇ ਵੀ ਕਿਸਮ ਦੀ ਧੋਖਾਧੜੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਮੀਗ੍ਰੇਸ਼ਨ ਫਰਮਾਂ ਦੀਆਂ ਗਤੀਵਿਧੀਆਂ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਲੋਕਾਂ ਨਾਲ ਧੋਖਾਧੜੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸਾਰੀਆਂ ਲਾਇਸੈਂਸਸ਼ੁਦਾ ਫਰਮਾਂ ਨੂੰ ਕਾਨੂੰਨ ਅਨੁਸਾਰ ਆਪਣਾ ਕਾਰੋਬਾਰ ਕਰਨ ਅਤੇ ਕਿਸੇ ਵੀ ਅਜਿਹੀ ਗਤੀਵਿਧੀ ਵਿੱਚ ਸ਼ਾਮਲ ਨਾ ਹੋਣ ਦੀ ਅਪੀਲ ਕੀਤੀ, ਜਿਸ ਨਾਲ ਦੂਜਿਆਂ ਨੂੰ ਨੁਕਸਾਨ ਪਹੁੰਚਦਾ ਹੋਵੇ।
ਇਹ ਵੀ ਪੜ੍ਹੋ : ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਦੀ ਮਲੇਸ਼ੀਆ 'ਚ ਮੌਤ, ਇਕ ਹਫ਼ਤੇ ਬਾਅਦ ਭੈਣ ਦਾ ਵਿਆਹ ਕਰਨ ਆਉਣਾ ਸੀ ਪੰਜਾਬ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਇਮੀਗ੍ਰੇਸ਼ਨ ਫਰਮਾਂ ਦੀ ਚੈਕਿੰਗ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਐੱਸ.ਡੀ.ਐੱਮਜ਼ ਦੀ ਅਗਵਾਈ ਵਿੱਚ ਵਿਸ਼ੇਸ਼ ਟੀਮਾਂ ਲਗਾਤਾਰ ਇਮੀਗ੍ਰੇਸ਼ਨ ਕੰਸਲਟੈਂਟਾਂ ਦੀਆਂ ਗਤੀਵਿਧੀਆਂ ਦੀ ਜਾਂਚ ਕਰਨਗੀਆਂ। ਡੀਸੀ ਨੇ ਲੋਕਾਂ ਖਾਸ ਕਰਕੇ ਮਾਪਿਆਂ, ਜੋ ਆਪਣੇ ਬੱਚਿਆਂ ਨੂੰ ਅਗਲੀ ਪੜ੍ਹਾਈ ਲਈ ਵਿਦੇਸ਼ਾਂ ਵਿੱਚ ਭੇਜਣਾ ਚਾਹੁੰਦੇ ਹਨ, ਨੂੰ ਸੇਵਾਵਾਂ ਲੈਣ ਤੋਂ ਪਹਿਲਾਂ ਫਰਮਾਂ ਦੀ ਪ੍ਰਮਾਣਿਤਾ ਦੀ ਜਾਂਚ ਕਰਨ ਦੀ ਅਪੀਲ ਵੀ ਕੀਤੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8