ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, MP ਅੰਮ੍ਰਿਤਪਾਲ ਸਿੰਘ ਦੇ ਸਾਥੀ ਸਣੇ 4 ਵਿਅਕਤੀ ਹਥਿਆਰਾਂ ਸਮੇਤ ਗ੍ਰਿਫ਼ਤਾਰ
Sunday, Oct 27, 2024 - 07:16 PM (IST)
ਜਲੰਧਰ (ਵਰੁਣ)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਬਰੀ ਵਸੂਲੀ ਅਤੇ ਹੋਰ ਦੇ ਦੋਸ਼ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪੀ. ਐੱਸ. ਓ. ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵੇਰਵਿਆਂ ਦਾ ਖ਼ੁਲਾਸਾ ਕਰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਹ ਰੈਕੇਟ ਸੂਬੇ ਵਿੱਚ ਸਰਗਰਮ ਸੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਨੂੰ ਵਿਗਾੜਨ ਲਈ ਵੱਡੀ ਕਾਰਵਾਈ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਚਾਰ ਵਿਅਕਤੀਆਂ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਹੈਬੋਵਾਲ, ਥਾਣਾ ਗੜ੍ਹਸ਼ੰਕਰ, ਹੁਸ਼ਿਆਰਪੁਰ, ਗੁਰਭੇਜ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਗੁਦਾਰਾ, ਥਾਣਾ ਬਾਜਾਖਾਨਾ, ਫਿਰੋਜ਼ਪੁਰ ਸਤਿੰਦਰ ਸਿੰਘ (ਉਰਫ਼ ਕਾਲਾ) ਹਰਦੇਵ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਪਲਾਹੀ, ਪੀ. ਐੱਸ. ਮੇਹਟੀਆਣਾ, ਹੁਸ਼ਿਆਰਪੁਰ ਅਤੇ ਭਰਤ (ਉਰਫ਼ ਭਾਊ) ਪੁੱਤਰ ਮੁਖਤਿਆਰ ਵਾਸੀ ਵਾਰਡ ਨੰਬਰ ਬਰਾਰ ਮੁਹੱਲਾ ਪੱਟੀ, ਤਰਨਤਾਰਨ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨਗੀ ਛੱਡਣ ਦੀ ਜਤਾਈ ਇੱਛਾ
ਸਵਪਨ ਸ਼ਰਮਾ ਨੇ ਦੱਸਿਆ ਕਿ ਹਰਸ਼ਦੀਪ ਸਿੰਘ, ਜਿਸ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ, ਲਖਵਿੰਦਰ ਸਿੰਘ, ਜਿਸ ਦੇ ਖ਼ਿਲਾਫ਼ ਕਈ ਅਪਰਾਧਿਕ ਕੇਸ ਦਰਜ ਹਨ, ਨਾਲ ਜਾਣੂ ਸੀ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਲਖਵਿੰਦਰ ਸਿੰਘ ਹਰਸ਼ਦੀਪ ਸਿੰਘ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਸੀ, ਜੋਕਿ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਵੀ ਸ਼ਾਮਲ ਸੀ, ਜੋਕਿ ਉਸ ਨੇ ਅੰਮ੍ਰਿਤਪਾਲ ਸਿੰਘ (ਵਾਰਿਸ ਪੰਜਾਬ ਦੇ) ਦੇ ਨਜ਼ਦੀਕੀ ਸਾਥੀ ਗੁਰਭੇਜ ਸਿੰਘ ਤੋਂ ਪ੍ਰਾਪਤ ਕੀਤਾ ਸੀ। ਉਨ੍ਹਾਂ ਦੱਸਿਆ ਕਿ ਗੁਰਭੇਜ ਸਿੰਘ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਕੇਸ ਅਤੇ ਅਜਨਾਲਾ ਪੁਲੀਸ ਸਟੇਸ਼ਨ ਹਮਲੇ ਦੇ ਕੇਸ ਵਿੱਚ ਕਪੂਰਥਲਾ ਜੇਲ੍ਹ ਵਿੱਚ ਸੀ, ਜਿੱਥੇ ਉਸ ਦੀ ਮੁਲਾਕਾਤ ਲਖਵਿੰਦਰ ਸਿੰਘ (ਉਰਫ਼ ਲੱਖੀ) ਨਾਲ ਹੋਈ, ਜੋ ਪਹਿਲਾਂ ਹੀ ਇਕ ਕਤਲ ਕੇਸ ਵਿੱਚ ਜੇਲ੍ਹ ਵਿੱਚ ਸੀ। ਸਵਪਨ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਬਾਅਦ ਵਿੱਚ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਹਥਿਆਰ, ਗੋਲਾ ਬਾਰੂਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿਚਕਾਰ ਫੋਨ ਕਾਲਾਂ ਅਤੇ ਸੁਨੇਹੇ ਤੋ ਇਹ ਸਬੂਤ ਮਿਲੇ ਹਨ ਕਿ ਉਹ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਦਿਸੇਗਾ ਚੱਕਰਵਾਤੀ ਤੂਫਾਨ ਦਾ ਅਸਰ
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 253 ਮਿਤੀ 19-10-2024 ਅ/ਧ 25-54-59 ਅਸਲਾ ਐਕਟ 21-61-85 ਐਨ. ਡੀ. ਪੀ. ਐੱਸ. ਐਕਟ ਥਾਣਾ ਨਿਊ ਬਾਰਾਦਰੀ ਸੀ. ਪੀ. ਜਲੰਧਰ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ 12 ਬੋਰ ਦੇ 10 ਕਾਰਤੂਸ, 315 ਬੋਰ ਦੇ ਅੱਠ ਕਾਰਤੂਸ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।
ਇਹ ਵੀ ਪੜ੍ਹੋ- ਮੁੜ ਗਰਮਾਉਣ ਲੱਗਾ ਢਿੱਲੋਂ ਬ੍ਰਦਰਜ਼ ਦਾ ਮਾਮਲਾ, ਸਾਬਕਾ ਇੰਸਪੈਕਟਰ ਨਵਦੀਪ ਸਿੰਘ ਬਾਰੇ ਹੋਏ ਅਹਿਮ ਖ਼ੁਲਾਸੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8