ਭੂਮੀ ਤੇ ਜਲ ਸੰਭਾਲ ਮੰਤਰੀ ਨੇ 41 ਸਰਵੇਅਰਾਂ ਨੂੰ ਸੌਂਪੇ ਨਿਯੁਕਤੀ-ਪੱਤਰ

07/21/2022 12:44:17 AM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਲਿਜਾਂਦਿਆਂ ਭੂਮੀ ਅਤੇ ਜਲ ਸੰਭਾਲ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਬੁੱਧਵਾਰ ਭੂਮੀ ਅਤੇ ਜਲ ਸੰਭਾਲ ਵਿਭਾਗ ਅਧੀਨ 41 ਸਰਵੇਅਰਾਂ ਨੂੰ ਨਿਯੁਕਤੀ-ਪੱਤਰ ਸੌਂਪੇ। ਸਥਾਨਕ ਮਿਊਂਸੀਪਲ ਭਵਨ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਨਵ-ਨਿਯੁਕਤ ਉਮੀਦਵਾਰਾਂ ਨੂੰ ਸੰਬੋਧਿਤ ਹੁੰਦਿਆਂ ਡਾ. ਨਿੱਝਰ ਨੇ ਕਿਹਾ ਕਿ ਪੰਜਾਬ 'ਚ ਸੱਤਾ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੀ ਨੌਜਵਾਨੀ ਨੂੰ ਵਿਦੇਸ਼ਾਂ 'ਚ ਜਾਣ ਤੋਂ ਰੋਕਣ ਲਈ ਪੰਜਾਬ ਵਿੱਚ ਹੀ ਰੁਜ਼ਗਾਰ ਦੇ ਵਸੀਲੇ ਪੈਦਾ ਕੀਤੇ ਜਾਣਗੇ। ਇਸੇ ਵਾਅਦੇ ਨੂੰ ਪੂਰਾ ਕਰਦਿਆਂ ਵੱਖ-ਵੱਖ ਵਿਭਾਗਾਂ 'ਚ ਵੱਡੇ ਪੱਧਰ ‘ਤੇ ਭਰਤੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਗੈਂਗਸਟਰਾਂ ਨਾਲ ਐਨਕਾਊਂਟਰ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਉਨ੍ਹਾਂ ਨਵੇਂ ਨਿਯੁਕਤ ਹੋਏ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਆਪਣੇ ਕੰਮ ਪ੍ਰਤੀ ਸਮਰਪਿਤ ਹੋ ਕੇ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਡਾ. ਨਿੱਝਰ ਨੇ ਕਿਹਾ ਕਿ ਜਿਸ ਅਹੁਦੇ ‘ਤੇ ਉਹ ਨਿਯੁਕਤ ਹੋਏ ਹਨ, ਉਹ ਸਿੱਧੇ ਤੌਰ ‘ਤੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੀ ਯੋਜਨਾ ਅਤੇ ਕੰਮਾਂ ਨੂੰ ਲਾਗੂ ਕਰਨ ਨਾਲ ਸਬੰਧਿਤ ਹੈ, ਜੋ ਕਿ ਮੌਜੂਦਾ ਸਮੇਂ ਬਹੁਤ ਅਹਿਮ ਹੈ। ਉਨ੍ਹਾਂ ਪੰਜਾਬ 'ਚ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਦੇਖਦਿਆਂ ਨਵੇਂ ਉਪਰਾਲੇ ਅਤੇ ਹੋਰ ਨਵੇਂ ਪ੍ਰੋਗਰਾਮ ਉਲੀਕਣ ਤੇ ਚੱਲ ਰਹੇ ਭੂਮੀ ਅਤੇ ਜਲ ਸੰਭਾਲ ਦੇ ਕੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਖੇਤੀਬਾੜੀ ਖੇਤਰ ਵਿੱਚ ਵੱਡੇ ਪੱਧਰ ‘ਤੇ ਪਾਣੀ ਸੰਭਾਲ ਦੀ ਮੁਹਿੰਮ ਸ਼ੁਰੂ ਕਰਨ ਲਈ ਵੀ ਕਿਹਾ ਕਿਉਂਕਿ ਇਸ ਖੇਤਰ ਵਿੱਚ ਰਾਜ ਦੇ ਜਲ ਸਰੋਤ ਦਾ 90 ਫੀਸਦੀ ਤੋਂ ਵੱਧ ਹਿੱਸਾ ਵਰਤੋਂ 'ਚ ਆਉਂਦਾ ਹੈ।

ਇਹ ਵੀ ਪੜ੍ਹੋ : ਲੁਟੇਰਿਆਂ ਨੇ ਅੱਡਾ ਸਰਾਂ 'ਚ ਵੈਸਟਰਨ ਯੂਨੀਅਨ ਦੀ ਦੁਕਾਨ ਨੂੰ ਲੁੱਟਣ ਦੀ ਕੀਤੀ ਕੋਸ਼ਿਸ਼

ਡਾ. ਨਿੱਝਰ ਨੇ ਵਿਭਾਗ 'ਚ ਹੋਰ ਸ਼੍ਰੇਣੀ ਦੇ ਮੁਲਾਜ਼ਮਾਂ ਦੀ ਘਾਟ ਦੇ ਮਸਲੇ ਨੂੰ ਦੇਖਦਿਆਂ ਯਕੀਨ ਦਿਵਾਇਆ ਕਿ ਸੂਬਾ ਸਰਕਾਰ ਇਨ੍ਹਾਂ ਮੁਲਾਜ਼ਮਾਂ ਦੀ ਭਰਤੀ ਲਈ ਯੋਗ ਉਪਰਾਲੇ ਕਰ ਰਹੀ ਹੈ ਅਤੇ ਖਾਲੀ ਪਈਆਂ ਅਸਾਮੀਆਂ ਨੂੰ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਬਹੁਤ ਜਲਦ ਭਰਿਆ ਜਾਵੇਗਾ। ਇਸ ਮੌਕੇ ਵਧੀਕ ਮੁੱਖ ਸਕੱਤਰ (ਭੂਮੀ ਅਤੇ ਜਲ ਸੰਭਾਲ) ਸਰਵਜੀਤ ਸਿੰਘ ਅਤੇ ਮੁੱਖ ਭੂਮੀ ਪਾਲ ਮਹਿੰਦਰ ਸਿੰਘ ਸੈਣੀ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਬਿਸ਼ਨੋਈ ਗਰੁੱਪ ਦੇ ਸ਼ੂਟਰ ਮਨਪ੍ਰੀਤ ਮਨੂੰ ਦੇ ਇਨਕਾਊਂਟਰ 'ਚ ਮਾਰੇ ਜਾਣ 'ਤੇ ਕੁੱਸਾ ਪਿੰਡ ਆਇਆ ਫਿਰ ਚਰਚਾ 'ਚ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News