ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਵਜੋਂ 5 ਲੱਖ 9 ਹਜ਼ਾਰ ਦੀ ਵਿੱਤੀ ਸਹਾਇਤਾ ਦਿੱਤੀ : ਦਿਲਰਾਜ ਸਿੰਘ
Thursday, Apr 05, 2018 - 11:43 PM (IST)

ਮੋਗਾ, (ਗਰੋਵਰ, ਗੋਪੀ)- ਜ਼ਿਲੇ 'ਚ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਲਾਗੂ ਕੀਤੀ ਗਈ 'ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ' ਤਹਿਤ ਹੁਣ ਤੱਕ ਪਹਿਲੀ ਵਾਰ ਮਾਂ ਬਣਨ ਵਾਲੀਆਂ ਜਾਂ ਬਣ ਰਹੀਆਂ ਜ਼ਿਲੇ ਦੀਆਂ 509 ਔਰਤਾਂ ਦੇ ਬੈਂਕ ਖਾਤਿਆਂ 'ਚ ਪਹਿਲੀ ਕਿਸ਼ਤ ਵਜੋਂ 5 ਲੱਖ 9 ਹਜ਼ਾਰ ਰੁਪਏ ਜਮ੍ਹਾ ਕਰਵਾਏ ਜਾ ਚੁੱਕੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਆਈ. ਏ. ਐੱਸ. ਨੇ ਦੱਸਿਆ ਕਿ ਇਸ ਸਕੀਮ ਤਹਿਤ ਪਹਿਲੀ ਵਾਰ ਮਾਂ ਬਣਨ ਵਾਲੀਆਂ ਜਾਂ ਬਣਨ ਜਾ ਰਹੀਆਂ ਔਰਤਾਂ ਨੂੰ ਸਰਕਾਰ ਵੱਲੋਂ 5,000 ਰੁਪਏ ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਬਾਰੇ ਵੱਧ ਤੋਂ ਵੱਧ ਔਰਤਾਂ ਨੂੰ ਜਾਣੂ ਕਰਵਾਉਣ ਲਈ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਰਕਾਰ ਦੀ ਇਸ ਸਕੀਮ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਜ਼ਿਲੇ ਦੀ ਕੋਈ ਵੀ ਯੋਗ ਲਾਭਪਾਤਰੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਗਰਭਵਤੀ ਔਰਤਾਂ ਨੂੰ ਆਪਣੇ ਨੇੜੇ ਦੇ ਆਂਗਣਵਾੜੀ ਕੇਂਦਰ ਵਿਖੇ ਆਖਰੀ ਮਾਹਵਾਰੀ ਤਰੀਕ ਤੋਂ 150 ਦਿਨਾਂ ਦੇ ਅੰਦਰ-ਅੰਦਰ ਪੰਜੀਕਰਨ ਅਤੇ ਨੇੜਲੇ ਸਿਹਤ ਕੇਂਦਰ ਤੋਂ ਜੱਚਾ-ਬੱਚਾ ਸਿਹਤ ਕਾਰਡ ਬਣਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਂ ਬਣਨ ਵਾਲੀਆਂ ਰਜਿਸਟਰਡ ਔਰਤਾਂ ਨੂੰ ਪਹਿਲੀ ਕਿਸ਼ਤ ਵਜੋਂ 1,000 ਰੁਪਏ ਗਰਭ ਰਜਿਸਟਰਡ ਕਰਵਾਉਣ ਸਮੇਂ ਦਿੱਤੇ ਜਾਂਦੇ ਹਨ, ਜਦੋਂ ਕਿ 2,000 ਰੁਪਏ ਦੀ ਦੂਜੀ ਕਿਸ਼ਤ ਗਰਭ ਦੇ 6 ਮਹੀਨੇ 'ਚ ਦੂਸਰੇ ਚੈੱਕਅਪ ਮੌਕੇ ਅਤੇ ਤੀਜੀ ਕਿਸ਼ਤ ਵਜੋਂ 2,000 ਰੁਪਏ ਨਵਜੰਮੇ ਬੱਚੇ ਦੇ ਪਹਿਲੇ ਗੇੜ ਦਾ ਟੀਕਾਕਰਨ ਪੂਰਾ ਹੋਣ 'ਤੇ ਦਿੱਤੇ ਜਾਂਦੇ ਹਨ। ਉਨ੍ਹਾਂ ਲਾਭਪਾਤਰੀਆਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਜ਼ਿਲਾ ਪ੍ਰੋਗਰਾਮ ਅਫਸਰ ਮਨਜੀਤ ਕੌਰ ਨੇ ਦੱਸਿਆ ਕਿ 1 ਜਨਵਰੀ, 2017 ਤੋਂ ਬਾਅਦ ਪਹਿਲੀ ਵਾਰ ਮਾਂ ਬਣ ਚੁੱਕੀਆਂ ਔਰਤਾਂ ਵੀ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ ਅਤੇ ਇਹ ਲਾਭ ਸਿਰਫ ਪਹਿਲੇ ਬੱਚੇ ਦੇ ਜਣੇਪੇ 'ਤੇ ਹੀ ਔਰਤ ਨੂੰ ਮਿਲ ਸਕੇਗਾ। ਉਨ੍ਹਾਂ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀ ਔਰਤ ਦਾ ਬੈਂਕ 'ਚ ਆਪਣੇ ਨਾਂ 'ਤੇ ਸਿੰਗਲ ਖਾਤਾ ਹੋਣਾ ਚਾਹੀਦਾ ਹੈ ਅਤੇ ਰਿਹਾਇਸ਼ੀ ਸਬੂਤ ਵਜੋਂ ਉਸ ਦਾ ਆਪਣਾ ਤੇ ਉਸ ਦੇ ਪਤੀ ਦਾ ਆਧਾਰ ਕਾਰਡ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਲਾਭ ਸਰਕਾਰ ਦੇ ਕਿਸੇ ਵੀ ਵਿਭਾਗ ਵੱਲੋਂ ਗਰਭਵਤੀ ਔਰਤਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਤੋਂ ਵੱਖਰਾ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਜ਼ਿਲੇ ਦੇ ਇਸਤਰੀ ਤੇ ਬਾਲ ਵਿਕਾਸ ਦਫਤਰ ਵਿਖੇ ਹੁਣ ਤੱਕ 2,563 ਫਾਰਮ ਭਰੇ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 1,089 ਲਾਭਪਾਤਰੀ ਰਜਿਸਟਰਡ ਹੋ ਚੁੱਕੇ ਹਨ ਅਤੇ ਬਕਾਇਆ ਕੇਸਾਂ ਦੀ ਬਣਦੀ ਰਾਸ਼ੀ ਵੀ ਲਾਭਪਾਤਰੀਆਂ ਨੂੰ ਜਲਦੀ ਮੁਹੱਈਆ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਨੇੜਲੇ ਆਂਗਣਵਾੜੀ ਸੈਂਟਰ ਵਿਖੇ ਆਂਗਣਵਾੜੀ ਵਰਕਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।