ਰੰਗਲਾ ਪੰਜਾਬ ਬਣਾਉਣ ਲਈ ਬਣਾਏ ਜਾਣਗੇ 500 ਸਮਾਰਟ ਪਿੰਡ: ਕੁਲਦੀਪ ਧਾਲੀਵਾਲ

09/13/2022 10:08:30 PM

ਚੰਡੀਗੜ੍ਹ (ਬਿਊਰੋ) : ਪੰਜਾਬ ਪਿੰਡਾਂ ’ਚ ਵਸਦੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਪਹਿਲਾਂ ਰੰਗਲੇ ਪਿੰਡ ਬਣਾਉਣਾ ਜ਼ਰੂਰੀ ਹੈ। ਅੱਜ ਇਥੇ ਸੂਬੇ ਭਰ ਤੋਂ ਆਏ ਬਲਾਕ ਵਿਕਾਸ ਅਫ਼ਸਰਾਂ ਨਾਲ ਮੀਟਿੰਗ ਉਪਰੰਤ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨੂੰ ਪੂਰਾ ਕਰਨ ਲਈ ਪੇਂਡੂ ਵਿਕਾਸ ਵਿਭਾਗ ਵੱਲੋਂ 500 ਸਮਾਰਟ ਪਿੰਡ ਬਣਾਏ ਜਾਣਗੇ। ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਹਰ ਹਲਕੇ ਦੇ ਘੱਟੋ-ਘੱਟ 5 ਪਿੰਡ ਸਮਾਰਟ ਪਿੰਡ ਬਣਾਉਣ ਲਈ ਚੁਣੇ ਜਾਣਗੇ, ਜਿਨ੍ਹਾਂ ਨੂੰ ਸਿਹਤ, ਸਿੱਖਿਆ ਖੇਡਾਂ, ਪੀਣ ਵਾਲੇ ਪਾਣੀ ਅਤੇ ਸਫ਼ਾਈ ਆਦਿ ਦੀਆਂ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਇਨ੍ਹਾਂ ਪਿੰਡਾਂ ’ਚ ਹੀ ਨੌਜਵਾਨਾਂ ਨੂੰ ਆਈ. ਟੀ. ਖੇਤਰ ਵਿਚ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਛੋਟੀਆਂ ਆਈ. ਟੀ. ਇਕਾਈਆਂ ਸਥਾਪਿਤ ਕੀਤੀਆਂ ਜਾਣਗੀਆਂ। ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਸਮਾਰਟ ਪਿੰਡਾਂ ਦੇ ਵਿਕਾਸ ਕਾਰਜਾਂ ਵਾਲੀ ਥਾਂ ’ਤੇ ਕਿਸੇ ਵੀ ਰਾਜਨੀਤਕ ਆਗੂ ਦਾ ਕੋਈ ਨਾਂ ਜਾਂ ਬੋਰਡ ਨਹੀਂ ਲਾਇਆ ਜਾਵੇਗਾ ਬਲਕਿ ਬਲਕਿ ਪਿੰਡਾਂ ਦੀ ਨੁਹਾਰ ਬਦਲਣ ਵਾਲੇ ਮਾਹਿਰਾਂ ਦਾ ਨਾਮਕਰਨ ਪਿੰਡ ’ਚ ਵਿਸ਼ੇਸ਼ ਥਾਂ ’ਤੇ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ, ਘਰ-ਘਰ ਆਟਾ ਵੰਡਣ ਦੀ ਯੋਜਨਾ ’ਤੇ ਲਾਈ ਰੋਕ

ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਪਿੰਡਾਂ ਦੀ ਨੁਹਾਰ ਬਦਲਣ ਲਈ 52 ਸੂਤਰੀ ਵਿਕਾਸ ਏਜੰਡਾ ਦਿੱਤਾ ਸੌਂਪਿਆ ਗਿਆ ਹੈ, ਜਿਸ ਨੂੰ ਲਾਗੂ ਕਰਨ ਲਈ ਸਮਾਂਬੱਧ ਅਤੇ ਜਵਾਬਦੇਹੀ ਤੈਅ ਕੀਤੀ ਕੀਤੀ ਗਈ ਹੈ। ਕੁਲਦੀਪ ਧਾਲੀਵਾਲ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਾਰੇ ਲੰਬਿਤ ਕੇਸ 31 ਦਸੰਬਰ ਤੱਕ ਮੈਰਿਟ ਦੇ ਆਧਾਰ ’ਤੇ ਬਿਨਾਂ ਕਿਸੇ ਪੱਖਪਾਤ ਦੇ ਨਿਬੇੜੇ ਜਾਣ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੂੰ 3 ਮਹੀਨੇ ’ਚ ਕੇਸ ਦਾ ਨਿਪਟਾਰਾ ਕਰਨਾ ਲਾਜ਼ਮੀ ਹੈ। ਪੇਂਡੂ ਵਿਕਾਸ ਮੰਤਰੀ ਨੇ ਇਕ ਹੋਰ ਅਹਿਮ ਫੈਸਲਾ ਲਾਗੂ ਕਰਦਿਆਂ ਐਲਾਨ ਕੀਤਾ ਕਿ ਅਜਿਹਾ ਦੇਖਣ ’ਚ ਆਇਆ ਕਿ ਕੁਝ ਅਫਸਰ ਰਿਟਾਇਰਮੈਂਟ ਜਾਂ ਕੁਝ ਅਫਸਰ ਬਦਲੀ ਹੋਣ ਤੋਂ ਕੁਝ ਸਮਾਂ ਪਹਿਲਾਂ ਗ਼ਲਤ ਫ਼ੈਸਲੇ ਕਰ ਜਾਂਦੇ ਹਨ ਪਰ ਹੁਣ ਜਿਸ ਅਫ਼ਸਰ ਵੱਲੋਂ ਕੋਈ ਵੀ ਗ਼ਲਤ ਫ਼ੈਸਲਾ ਜਾਂ ਗ਼ਲਤ ਕੰਮ ਕੀਤਾ ਗਿਆ ਹੋਵੇਗਾ, ਉਸ ਖ਼ਿਲਾਫ਼ ਕਾਰਵਾਈ ਹੋਵੇਗੀ ਭਾਵੇਂ ਉਹ ਰਿਟਾਇਰ ਹੋ ਗਿਆ ਹੋਵੇ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਹੁਣ ਕਿਸਾਨ ਆਪਣੀ ਜ਼ਮੀਨ ਦੀ ਔਸਤ ਉਪਜ ਤੋਂ ਵੱਧ ਫ਼ਸਲ ਨਹੀਂ ਵੇਚ ਸਕਣਗੇ, ਨਹੀਂ ਮਿਲੇਗਾ MSP

ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਜੋ ਖੇਤਾਂ ’ਚ ਝੋਨੇ ਦੀ ਫਸਲ ਕਾਰਨ ਕੁਝ ਸਮੇਂ ਲਈ ਰੋਕੀ ਗਈ ਸੀ ਮੁੜ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ। ਪੇਂਡੂ ਵਿਕਾਸ ਮੰਤਰੀ ਨੇ ਪਿੰਡਾਂ ’ਚ ਕੀਤੇ ਜਾਂਦੇ ਵਿਕਾਸ ਕਾਰਜਾਂ ਦੀ ਅਸਲ ਤਸਵੀਰ ਲੋਕਾਂ ਤੱਕ ਪਹੁੰਚਾਉਣ ਲਈ ਪੇਂਡੂ ਵਿਕਾਸ ਵਿਭਾਗ ਵੱਲੋਂ ਮੀਡੀਆ ਸੈੱਲ ਸਥਾਪਿਤ ਕਰਨ ਦਾ ਐਲਾਨ ਵੀ ਕੀਤਾ, ਜੋ ਬਲਾਕ ਪੱਧਰ ਦੇ ਵਿਕਾਸ ਕਾਰਜਾਂ ਦੀਆਂ ਰਿਪੋਰਟਾਂ, ਫੋਟੋਆਂ ਅਤੇ ਵੀਡੀਓਜ਼ ਇਸ ਸੈੱਲ ਨੂੰ ਭੇਜੇਗਾ। ਇਕ ਹੋਰ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾਵੇਗੀ।ਇਸ ਮੁਹਿੰਮ ਤਹਿਤ ਪੇਂਡੂ ਵਿਕਾਸ ਵਿਭਾਗ ਪਰਾਲੀ ਨਾ ਸਾੜਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ‘ਤੇ ਮੁਹਿੰਮ ਚਲਾਏਗਾ।

ਇਹ ਖ਼ਬਰ ਵੀ ਪੜ੍ਹੋ : ‘ਆਪ’ ਵੱਲੋਂ ਭਾਜਪਾ ’ਤੇ ਵਿਧਾਇਕਾਂ ਦੀ ਖ਼ਰੀਦੋ-ਫ਼ਰੋਖਤ ਦੇ ਲਾਏ ਦੋਸ਼ਾਂ ’ਤੇ ਰਾਜਾ ਵੜਿੰਗ ਦਾ ਵੱਡਾ ਬਿਆਨ 


Manoj

Content Editor

Related News