550ਵੇਂ ਪ੍ਰਕਾਸ਼ ਪੁਰਬ ਮੌਕੇ 10 ਹਜ਼ਾਰ ਭਾਰਤੀਆ ਨੂੰ ਮਿਲੇਗਾ ਪਾਕਿਸਤਾਨ ਦਾ ਵੀਜ਼ਾ: ਸਤਵੰਤ ਸਿੰਘ

10/17/2019 9:54:29 AM

ਮੰਡੀ ਗੋਬਿੰਦਗੜ੍ਹ (ਮੱਗੋ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਆਯੋਜਿਤ ਹੋਣ ਵਾਲੇ ਸਮਾਗਮ 'ਚ ਭਾਗ ਲੈਣ ਲਈ ਕਰੀਬ 10 ਹਜ਼ਾਰ ਭਾਰਤੀ ਸਿੱਖ ਨਾਗਰਿਕਾਂ ਨੂੰ ਵੀਜ਼ਾ ਪ੍ਰਦਾਨ ਕਰਨ ਦਾ ਐਲਾਨ ਪਾਕਿਸਤਾਨ ਸਰਕਾਰ ਵੱਲੋਂ ਕੀਤਾ ਗਿਆ ਹੈ। ਇਸ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਾਕਿਸਤਾਨ ਸਰਕਾਰ ਵੱਲੋਂ ਪਹਿਲਾਂ ਕਰੀਬ 5-6 ਹਜ਼ਾਰ ਭਾਰਤੀ ਨਾਗਰਿਕਾਂ ਤੇ ਸਿੱਖਾਂ ਦੇ ਜਥੇ ਨੂੰ ਪਾਕਿਸਤਾਨ 'ਚ ਆਯੋਜਿਤ ਹੋਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪੰਜਾਬ 'ਚ ਪ੍ਰਕਾਸ਼ ਉਤਸਵ ਤੇ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦੇ ਉਦਘਾਟਨ ਲਈ ਵੀਜ਼ਾ ਪ੍ਰਦਾਨ ਕਰਨ ਦਾ ਐਲਾਨ ਕੀਤਾ ਸੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਸਰਕਾਰ ਨਾਲ ਸੰਪਰਕ ਕਰਨ 'ਤੇ ਸਰਕਾਰ ਨੇ ਹੁਣ ਕਰੀਬ 10 ਹਜ਼ਾਰ ਸਿੱਖਾਂ ਤੇ ਭਾਰਤੀ ਨਾਗਰਿਕਾਂ ਨੂੰ ਇਸ ਇਤਿਹਾਸਕ ਸਮਾਗਮ 'ਚ ਭਾਗ ਲੈਣ ਲਈ ਵੀਜ਼ਾ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਅਕਤੂਬਰ ਮਹੀਨੇ ਦੇ ਅੱਧ 'ਚ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣਗੀਆਂ ਤੇ ਆਉਣ ਵਾਲੇ ਸ਼ਰਧਾਲੂਆਂ ਲਈ ਰਹਿਣ ਤੇ ਹੋਰ ਪ੍ਰਬੰਧ ਸ਼ੁਰੂ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੰਸਾਰ ਭਰ ਦੇ ਸਿੱਖਾਂ ਦਾ ਇਨ੍ਹਾਂ ਸਮਾਗਮ 'ਚ ਭਾਗ ਲੈਣ ਲਈ ਆਉਣਾ ਸ਼ੁਰੂ ਹੋ ਚੁੱਕਿਆ ਹੈ, ਜਿਸ ਲਈ ਪਾਕਿਸਤਾਨ ਸਰਕਾਰ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੰਤਜਾਮ ਕੀਤੇ ਜਾ ਰਹੇ ਹਨ ਤਾਂ ਕਿ ਕਿਸੇ ਵੀ ਯਾਤਰਾ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਕਰੀਬ ਸਾਰਾ ਕਾਰਜ ਮੁਕੰਮਲ ਹੋ ਚੁੱਕਿਆ ਹੈ ਤੇ ਵਿਦੇਸ਼ੀ ਨਾਗਰਿਕਾਂ ਲਈ ਪੰਜਾਬੀ ਤੇ ਅੰਗਰੇਜ਼ੀ 'ਚ ਸੂਚਨਾ ਕੇਂਦਰ ਵੀ ਸਥਾਪਤ ਕੀਤੇ ਜਾਣਗੇ।

Shyna

This news is Content Editor Shyna