550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਹੋਣਗੇ 13 ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੈਮੀਨਾਰ

Saturday, Jul 13, 2019 - 10:04 AM (IST)

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਹੋਣਗੇ 13 ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੈਮੀਨਾਰ

ਪਟਿਆਲਾ (ਜੋਸਨ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸੁਚੱਜੀ ਅਗਵਾਈ 'ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਕਰਵਾਏ ਜਾਣ ਵਾਲੇ ਸੈਮੀਨਾਰਾਂ ਲਈ ਸਬ-ਕਮੇਟੀ ਗਠਿਤ ਕੀਤੀ ਗਈ ਹੈ। ਇਸ ਦੀ ਪਲੇਠੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਹੋਈ। ਇਸ 'ਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਗੁਰਮੀਤ ਸਿੰਘ ਬੂਹ, ਮੈਂਬਰ ਬੀਬੀ ਹਰਜਿੰਦਰ ਕੌਰ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਪਰਮਜੀਤ ਕੌਰ ਲਾਂਡਰਾ, ਸਹਾਇਕ ਡਾਇਰੈਕਟਰ ਪ੍ਰਭਜੀਤ ਸਿੰਘ (ਕਾਲਜਾਂ) ਅਤੇ ਸਹਾਇਕ ਡਾਇਰੈਕਟਰ (ਸਕੂਲਾਂ) ਬੀਬੀ ਸਤਵੰਤ ਕੌਰ ਤੋਂ ਇਲਾਵਾ ਕਮੇਟੀ ਦੇ ਕੋਆਰਡੀਨੇਟਰ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਸਿਮਰਜੀਤ ਸਿੰਘ, ਇੰਚਾਰਜ ਭਗਵੰਤ ਸਿੰਘ ਧੰਗੇੜਾ ਅਤੇ ਮੈਨੇਜਰ ਕਰਨੈਲ ਸਿੰਘ ਨਾਭਾ ਆਦਿ ਸ਼ਾਮਲ ਹੋਏ।

ਇਸ ਦੌਰਾਨ ਸਮੂਹ ਮੈਂਬਰਾਨ ਨੇ ਪ੍ਰਕਾਸ਼ ਪੁਰਬ ਨੂੰ ਸਮਰਪਤ ਕਰਵਾਏ ਜਾਣ ਵਾਲੇ ਸੈਮੀਨਾਰਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਿਲਾਸਫੀ ਨੂੰ ਦੇਸ਼-ਵਿਦੇਸ਼ ਤੱਕ ਪਹੁੰਚਾਉਣ 'ਤੇ ਜ਼ੋਰ ਦਿੱਤਾ। ਦੀਰਘ ਵਿਚਾਰਾਂ ਕਰਨ ਤੋਂ ਬਾਅਦ ਫੈਸਲਾ ਕੀਤਾ ਗਿਆ ਕਿ ਸੈਮੀਨਾਰਾਂ 'ਚ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਸਰਬ-ਸਾਂਝੀਵਾਲਤਾ ਦੇ ਸੁਨੇਹੇ ਨੂੰ ਦ੍ਰਿੜ੍ਹ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਆਪਣਾ ਹਰ ਕਰਤੱਵ ਪੂਰਾ ਕਰੇਗੀ।

ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਸਬ-ਕਮੇਟੀ 'ਚ ਸਰਬਸੰਮਤੀ ਨਾਲ ਕੀਤੇ ਫੈਸਲੇ ਮੁਤਾਬਕ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ 13 ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਏ ਜਾਣਗੇ। ਸੈਮੀਨਾਰਾਂ ਦੀ ਸ਼ੁਰੂਆਤ ਸ਼ਹੀਦਾਂ ਦੀ ਮਹਾਨ ਧਰਤੀ ਵਿਖੇ 9 ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕੀਤੀ ਜਾ ਰਹੀ ਹੈ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਲਾਹੌਰ, ਨਨਕਾਣਾ ਸਾਹਿਬ ਵਿਖੇ, ਬੰਬਈ ਗੁਰੂ ਨਾਨਕ ਕਾਲਜ, ਜੰਮੂ-ਕਸ਼ਮੀਰ ਯੂਨੀਵਰਸਿਟੀ ਜੰਮੂ, ਨੇਪਾਲ (ਕਾਠਮੰਡੂ) ਢਾਕਾ ਯੂਨੀਵਰਸਿਟੀ (ਬੰਗਲਾਦੇਸ਼), ਸ੍ਰੀ ਅੰਮ੍ਰਿਤਸਰ ਸਾਹਿਬ, ਗੁਰੂ ਤੇਗ ਬਹਾਦਰ ਸਾਹਿਬ ਕਾਲਜ ਸ੍ਰੀ ਅਨੰਦਪੁਰ ਸਾਹਿਬ, ਮਾਤਾ ਸਾਹਿਬ ਕੌਰ ਕਾਲਜ ਤਲਵਡੀ ਸਾਬੋ, ਗੁਰੂ ਨਾਨਕ ਇੰਜੀ. ਕਾਲਜ ਲੁਧਿਆਣਾ ਅਤੇ ਗੁਰੂ ਨਾਨਕ ਕਾਲਜ ਮੁਕਤਸਰ ਵਿਖੇ ਸੈਮੀਨਾਰ ਹੋਣਗੇ। ਉਨ੍ਹਾਂ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਕਰਵਾਏ ਜਾ ਰਹੇ ਸੈਮੀਨਾਰ ਦਾ ਮੁੱਖ ਮੰਤਵ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨਾਲ ਜੋੜ ਕੇ ਮਨੁੱਖਤਾ ਨੂੰ ਗੁਰੂ ਮਾਰਗ ਦਾ ਪਾਂਧੀ ਬਣਾਉਣਾ ਹੈ।


author

Shyna

Content Editor

Related News