550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਐੱਸ. ਜੀ. ਪੀ. ਸੀ. ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ

09/08/2019 5:55:55 PM

ਚੰਡੀਗੜ੍ਹ— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੂਬਾ ਸਰਕਾਰ 'ਤੇ ਲਾਏ ਦੋਸ਼ਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਇਤਿਹਾਸਕ ਦਿਹਾੜੇ ਦੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕਣ ਲਈ ਧਾਰਮਿਕ ਸੰਸਥਾਵਾਂ ਨਾਲ ਤਾਲਮੇਲ ਲਈ ਪਹਿਲਾਂ ਹੀ ਮੰਤਰੀਆਂ ਦਾ ਸਮੂਹ ਬਣਾਇਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਹੋਈ ਤਾਲਮੇਲ ਕਮੇਟੀ ਦੀ ਮੀਟਿੰਗ 'ਚ ਸੂਬਾ ਸਰਕਾਰ 'ਤੇ ਹਿੱਸਾ ਨਾ ਲੈਣ ਦੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਏ ਦੋਸ਼ਾਂ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀਆਂ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ. ਸੋਨੀ 'ਤੇ ਆਧਾਰਿਤ ਮੰਤਰੀਆਂ ਦੇ ਸਮੂਹ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਹੋਏ ਹਨ ਕਿ ਉਹ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਨਾਲ ਸਾਰੇ ਮਾਮਲਿਆਂ 'ਤੇ ਚਰਚਾ ਕਰਨ। 

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਾਂਝਾ ਸਮਾਗਮ ਕਰਨ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ 'ਤੇ ਮਾਮਲੇ 'ਚ ਸੂਬਾ ਸਰਕਾਰ 'ਤੇ ਇਹ ਦੋਸ਼ ਲਾਉਣਾ ਕਿ ਉਹ ਸਾਂਝਾ ਸਮਾਗਮ ਕਰਵਾਉਣ 'ਚ ਕੋਈ ਦਿਲਚਸਪੀ ਨਹੀਂ ਦਿਖਾ ਰਹੀ ਹੈ, ਸਰਾਸਰ ਗਲਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਉਲਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੂਬਾ ਸਰਕਾਰ ਨਾਲ ਇਸ ਇਤਿਹਾਸਕ ਦਿਹਾੜੇ ਨੂੰ ਸਾਂਝੇ ਮੰਚ 'ਤੇ ਮਨਾਉਣ ਤੋਂ ਭੱਜ ਰਹੀ ਹੈ।

Gurminder Singh

This news is Content Editor Gurminder Singh