550ਵੇਂ ਪ੍ਰਕਾਸ਼ ਪੁਰਬ ਸਬੰਧੀ ਸੜਕਾਂ ਲਈ 75.23 ਕਰੋੜ ਰੁਪਏ ਦੀ ਮਨਜ਼ੂਰੀ

09/20/2019 9:57:07 AM

ਡੇਰਾ ਬਾਬਾ ਨਾਨਕ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਤਿਆਰੀ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਕਾਰੀਡੋਰ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਅਤੇ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਲਈ ਸੜਕਾਂ ਦੀ ਮਜ਼ਬੂਤੀ ਅਤੇ ਚੌੜਾ ਕਰਨ ਲਈ 75.23 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ। ਮੁੱਖ ਮੰਤਰੀ ਨੇ ਹੈਰੀਟੇਜ ਤੇ ਫੂਡ ਸਟ੍ਰੀਟ ਦੀ ਉਸਾਰੀ ਲਈ 3.70 ਕਰੋੜ ਰੁਪਏ ਦੀ ਵੀ ਮਨਜ਼ੂਰੀਦਿੱਤੀ ਅਤੇ ਵੱਖੋ-ਵੱਖ ਵਿਭਾਗਾਂ ਨੂੰ ਸਮੇਂ ਸਿਰ ਸਾਰੇ ਕੰਮ ਪੂਰੇ ਕਰਨ ਲਈ ਨਿਰਦੇਸ਼ ਦਿੱਤੇ।
ਆਪਣੇ ਕੈਬਨਿਟ ਸਹਿਯੋਗੀਆਂ ਨਾਲ ਮੁੱਖ ਮੰਤਰੀ ਨੇ ਇੱਥੇ ਭਾਰਤ-ਪਾਕਿ ਸਰਹੱਦ ਨੇੜੇ ਕਰਤਾਰਪੁਰ ਸਾਹਿਬ ਕਾਰੀਡੋਰ ਦੀ ਉਸਾਰੀ ਦੇ ਕੰਮਾਂ ਦਾ ਜਾਇਜ਼ਾ ਲਿਆ, ਜਿਸ 'ਚ ਇਕ ਸਾਂਝੀ ਚੈੱਕ ਪੋਸਟ ਉਸਾਰਨੀ ਵੀ ਸ਼ਾਮਲ ਹੈ। ਉਨ੍ਹਾਂ ਉਸਾਰੀ ਕਾਮਿਆਂ ਨਾਲ ਮੁਲਾਕਾਤ ਵੀ ਕੀਤੀ, ਜਿੱਥੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਚੈੱਕ ਪੋਸਟ ਨੂੰ ਅਤਿ-ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਇਸ ਦੀ ਸਮਰੱਥਾ 5 ਹਜ਼ਾਰ ਤੋਂ 10 ਹਜ਼ਾਰ ਦੀ ਹੋਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਦੂਰਬੀਨ ਦੀ ਮਦਦ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਵੀ ਕੀਤੇ ਅਤੇ ਇਹ ਫੈਸਲਾ ਵੀ ਕੀਤਾ ਗਿਆ ਕਿ ਅਗਲੀ ਕੈਬਨਿਟ ਮੀਟਿੰਗ ਬਟਾਲਾ ਵਿਖੇ ਹੋਵੇਗੀ। ਉਨ੍ਹਾਂ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦਾ ਇਹ ਸੁਝਾਅ ਵੀ ਮੰਨਿਆ ਕਿ ਮੁੱਖ ਸਕੱਤਰ ਨੂੰ ਬਟਾਲਾ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦਣ ਲਈ ਨਿਰਦੇਸ਼ ਦਿੱਤੇ ਜਾਣ।


Babita

Content Editor

Related News