550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾਈ ਖੇਡਾਂ ਕਰਵਾਏਗੀ SGPC : ਭਾਈ ਲੌਂਗੋਵਾਲ

Friday, Oct 18, 2019 - 01:01 AM (IST)

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾਈ ਖੇਡਾਂ ਕਰਵਾਏਗੀ SGPC : ਭਾਈ ਲੌਂਗੋਵਾਲ

ਚੰਡੀਗੜ੍ਹ,(ਭੁੱਲਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਕਾਲਜਾਂ ਦੀਆਂ ਖ਼ਾਲਸਾਈ ਖੇਡਾਂ 23 ਤੋਂ 25 ਅਕਤੂਬਰ ਤੱਕ ਬੱਬਰ ਅਕਾਲੀ ਖਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਰਵਾਈਆਂ ਜਾਣਗੀਆਂ। ਇਹ ਫੈਸਲਾ ਇਥੇ 27 ਸੈਕਟਰ ਸਥਿਤ ਕਲਗੀਧਰ ਨਿਵਾਸ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ। ਇਸ ਤੋਂ ਇਲਾਵਾ ਇਕੱਤਰਤਾ ਦੌਰਾਨ ਵੱਖ-ਵੱਖ ਖੇਡਾਂ 'ਚ ਪ੍ਰਾਪਤੀਆਂ ਕਰਨ ਵਾਲੇ ਕੁਝ ਖਿਡਾਰੀਆਂ ਨੂੰ ਸਨਮਾਨਿਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਇਕ ਖ਼ਾਸ ਮੌਕਾ ਹੈ ਤੇ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਦੀਆਂ ਖ਼ਾਲਸਾਈ ਖੇਡਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਇਤਿਹਾਸਕ ਪੁਰਬ ਨੂੰ ਸਮਰਪਿਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਕਾਲਜਾਂ ਦੇ ਸਾਬਤ ਸੂਰਤ ਖਿਡਾਰੀ ਹਿੱਸਾ ਲੈਣਗੇ। ਵੱਖ-ਵੱਖ ਖੇਡਾਂ ਤੋਂ ਇਲਾਵਾ ਬਾਣੀ ਤੇ ਬਾਣੇ ਦੀ ਖੇਡ ਸਿੱਖ ਮਾਰਸ਼ਲ ਆਰਟ ਗੱਤਕਾ ਵਿਸ਼ੇਸ਼ ਤੌਰ 'ਤੇ ਖਿੱਚ ਦਾ ਕੇਂਦਰ ਰਹੇਗੀ।

ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਖੇ ਤਾਈਕਵਾਂਡੋਂ ਖੇਡ 'ਚੋਂ ਗੋਲਡ ਮੈਡਲ ਹਾਸਲ ਕਰਨ ਵਾਲੇ ਪਟਿਆਲਾ ਨੇੜਲੇ ਭੁਨਰਹੇੜੀ ਪਿੰਡ ਦੇ ਵਸਨੀਕ ਰਵਿੰਦਰ ਸਿੰਘ ਨੂੰ ਉਸ ਦੀ ਪ੍ਰਾਪਤੀ ਬਦਲੇ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਗੁਰੂ ਨਾਨਕ ਖਾਲਸ ਕਾਲਜ ਡਰੋਲੀ ਕਲਾਂ ਜਲੰਧਰ ਦੀ ਵਿਦਿਆਰਥਣ ਲਕਸ਼ਮੀ ਨੂੰ ਵੀ ਕਰਾਸ ਕੰਟਰੀ ਓਪਨ ਪੰਜਾਬ ਵਿਚੋਂ ਸੋਨੇ ਦਾ ਤਮਗਾ, ਐਥਲੈਟਿਕ ਮੀਟ 1500 ਮੀਟਰ ਵਿਚੋਂ ਚਾਂਦੀ ਦਾ ਤਮਗਾ ਹਾਸਲ ਕਰਨ ਬਦਲੇ 50 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਟਰੱਸਟ ਵਿਭਾਗ ਤੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮਸਲੇ ਵੀ ਵਿਚਾਰੇ ਗਏ ਅਤੇ ਲੋੜੀਂਦੇ ਕਾਰਜਾਂ ਨੂੰ ਪ੍ਰਵਾਨਗੀਆਂ ਦਿੱਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਖੁਸ਼ਵਿੰਦਰ ਸਿੰਘ ਭਾਟੀਆ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਭੁਪਿੰਦਰ ਸਿੰਘ ਭਲਵਾਨ, ਜਗਜੀਤ ਸਿੰਘ ਤਲਵੰਡੀ, ਅਮਰੀਕ ਸਿੰਘ ਵਿਛੋਆ, ਸ਼ਿੰਗਾਰਾ ਸਿੰਘ ਲੋਹੀਆਂ, ਬੀਬੀ ਜਸਬੀਰ ਕੌਰ ਜੱਫਰਵਾਲ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ ਆਦਿ ਮੌਜੂਦ ਸਨ।


Related News