ਕੈਪਟਨ ਨੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

10/19/2019 9:30:39 PM

ਗੁਰਦਾਸਪੁਰ,(ਵਿਨੋਦ, ਹਰਮਨਪ੍ਰੀਤ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਤਿਬੜੀ ਕੈਂਟ ਗੁਰਦਾਸਪੁਰ ਵਿਖੇ ਜ਼ਿਲੇ ਦੇ ਸਮੂਹ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਡੇਰਾ ਬਾਬਾ ਨਾਨਕ ਵਿਖੇ ਆਉਣ ਵਾਲੀ ਸਮੂਹ ਸੰਗਤ ਦੀ ਸੁਰੱਖਿਆ ਤੇ ਸਹੂਲਤ ਲਈ ਸੁਚੱਜੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਮੌਕੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਾਰੇ ਕਾਰਜਾਂ ਦੀ ਬਾਰੀਕੀ ਨਾਲ ਸਮੀਖਿਆ ਕਰਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਡੇਰਾ ਬਾਬਾ ਨਾਨਕ ਵਿਖੇ ਆਉਣ ਵਾਲੀਆਂ ਸੰਗਤਾਂ ਦੇ ਠਹਿਰਣ, ਲੰਗਰ ਤੇ ਆਵਾਜਾਈ ਆਦਿ ਸਬੰਧੀ ਸਾਰੇ ਪ੍ਰਬੰਧ ਜਲਦੀ ਤੋਂ ਜਲਦੀ ਮੁਕੰਮਲ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਅਸੀਂ ਸਾਰੇ ਵਡਭਾਗੇ ਹਾਂ ਕਿ ਸਾਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਮਨਾਉਣ ਦਾ ਮਾਣ ਮਿਲਿਆ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਪੰਜਾਬ ਨੂੰ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਸੰਗਤਾਂ ਦੇ ਠਹਿਰਣ ਲਈ ਬਣ ਰਹੇ 'ਟੈਂਟ ਸਿਟੀ' ਦਾ ਕੰਮ 60 ਫੀਸਦੀ ਮੁਕੰਮਲ ਕਰ ਲਿਆ ਗਿਆ ਤੇ 31 ਅਕਤੂਬਰ ਤਕ ਟੈਂਟ ਸਿਟੀ ਬਣ ਕੇ ਤਿਆਰ ਹੋ ਜਾਵੇਗਾ। ਪੰਡਾਲ ਤੇ ਵੱਖ-ਵੱਖ ਪੰਜ ਪਾਰਕਿੰਗਾਂ ਦੀ ਤਿਆਰੀ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਪਹਿਲੀ ਨਵੰਬਰ ਤੋਂ 15 ਨਵੰਬਰ ਤਕ ਡੇਰਾ ਬਾਬਾ ਨਾਨਕ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਸਮਾਗਮਾਂ ਨੂੰ ਮਨਾਉਣ ਲਈ ਤਿਆਰੀਆਂ ਪੂਰੇ ਜੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ ਤੇ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਡੇਰਾ ਬਾਬਾ ਨਾਨਕ ਨੂੰ 9 ਸੈਕਟਰਾਂ ਵਿਚ ਵੰਡਿਆ ਗਿਆ ਹੈ ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ ਤੇ ਉਨ੍ਹਾਂ ਦੀ ਹਰ ਸਹੂਲਤ ਦਾ ਧਿਆਨ ਰੱਖਿਆ ਜਾ ਸਕੇ। ਉਨਾਂ ਦੱਸਿਆ ਕਿ ਸੰਗਤਾਂ ਦੀ ਆਵਾਜਾਈ ਦੀ ਸਹੂਲਤ ਲਈ ਬੱਸਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਜ਼ਿਲਾ ਪ੍ਰਸ਼ਾਸਨ ਲੰਗਰ ਲਗਾਉਣ ਲਈ ਪਾਰਕਿੰਗਾਂ 'ਚ ਵਿਸ਼ੇਸ ਸਥਾਨ ਨਿਰਧਾਰਿਤ ਕੀਤੇ ਗਏ ਹਨ।

ਸਮੂਹ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਿਤ ਸਥਾਨਾਂ 'ਤੇ ਹੀ ਸੰਗਤਾਂ ਲਈ ਲੰਗਰ ਲਗਾਉਣ ਤਾਂ ਜੋ ਸੰਗਤਾਂ ਨੂੰ ਆਵਾਜਾਈ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ ਤੇ ਸ਼ਹਿਰ ਨੂੰ ਸਾਫ ਸੁਥਰਾ ਵੀ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕਰੀਬ 65 ਏਕੜ 'ਚ ਟੈਂਟ ਸਿਟੀ, ਪੰਡਾਲ ਤੇ ਸੰਗਤਾਂ ਲਈ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ ਤੇ 31 ਅਕਤੂਬਰ 2019 ਤਕ ਤਿਆਰੀਆਂ ਮੁਕੰਮਲ ਕਰ ਲਈਆਂ ਜਾਣਗੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਪੰਜਾਬ ਨੂੰ ਦੱਸਿਆ ਕਿ ਜ਼ਿਲੇ ਅੰਦਰ ਚੱਲ ਰਹੇ 'ਸਮਰਪਣ' ਪ੍ਰੋਜੈਕਟ ਤਹਿਤ ਜਿਲੇ ਦੇ 550 ਪ੍ਰਾਇਮਰੀ ਸਕੂਲ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ। ਇਨ੍ਹਾਂ ਸਕੂਲਾਂ ਅੰਦਰ ਐਲ.ਈ.ਡੀਜ਼ ਅਤੇ ਹੋਰ ਅਤਿ ਆਧਨਿਕ ਸਾਮਾਨ ਮੁੱਹਈਆ ਕਰਵਾਇਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਡਿਪਟੀ ਕਮਿਸ਼ਨਰ ਵਲੋਂ ਸਾਰਿਆਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ 'ਸਮਰਪਣ' ਪ੍ਰੋਜੈਕਟ ਦੀ ਸ਼ਲਾਘਾ ਕੀਤੀ। ਇਸ ਮੌਕੇ ਸਰਵ ਐਸ.ਪੀ.ਐਸ ਪਰਮਾਰ, ਸਵਰਨਦੀਪ ਸਿੰਘ ਐਸ.ਐਸ.ਪੀ ਗੁਰਦਾਸਪੁਰ, ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਡੇਰਾ ਬਾਬਾ ਨਾਨਕ ਆਦਿ ਹਾਜ਼ਰ ਸਨ।


Related News