550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਫਲ ਬਣਾਉਣ ਲਈ ਕੈਪਟਨ ਨੇ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਕੀਤਾ ਧੰਨਵਾਦ

11/19/2019 7:38:27 PM

ਜਲੰਧਰ,(ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਬਾਰੇ ਆਯੋਜਿਤ ਸਮਾਗਮਾਂ ਨੂੰ ਨੇਪਰੇ ਚਾੜ੍ਹਨ ਲਈ ਰਾਜ ਸਰਕਾਰ ਦੇ ਸਭਨਾਂ ਵਿਭਾਗਾਂ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਸ਼ੁਕਰੀਆ ਅਦਾ ਕੀਤਾ ਹੈ। ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਬਿਆਨ 'ਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਸਹਿਯੋਗ ਤੋਂ ਬਗ਼ੈਰ ਇਸ ਕੰਮ ਨੂੰ ਸਿਰੇ ਚੜ੍ਹਾਉਣਾ ਸੰਭਵ ਨਹੀਂ ਸੀ।

ਕੈਪਟਨ ਨੇ ਕਿਹਾ ਕਿ ਉਹ ਰਾਜ ਪੁਲਸ ਦੇ ਸਭਨਾਂ ਅਧਿਕਾਰੀਆਂ ਤੇ ਜਵਾਨਾਂ ਦਾ ਵੀ ਸ਼ੁਕਰੀਆ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ 'ਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਸ਼ੁਭ ਆਰੰਭ ਨੂੰ ਲੈ ਕੇ ਰਾਜ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ 'ਚ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸਮੁੱਚੇ ਅਧਿਕਾਰੀ ਤੇ ਮੁਲਾਜ਼ਮ ਸਵੇਰ ਤੋਂ ਲੈ ਕੇ ਸ਼ਾਮ ਤੱਕ ਪ੍ਰਬੰਧਾਂ 'ਚ ਲੱਗੇ ਰਹੇ। ਸ੍ਰੀ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ 'ਚ ਸਫ਼ਾਈ ਦਾ ਵੀ ਬਹੁਤ ਵਧੀਆ ਧਿਆਨ ਸਫ਼ਾਈ ਮੁਲਾਜ਼ਮਾਂ ਨੇ ਰੱਖਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਇਤਹਾਸਕ ਬਣਾਉਣ 'ਚ ਸਭਨਾਂ ਨੇ ਆਪਣਾ ਯੋਗਦਾਨ ਪਾਇਆ ਜਿਸ ਲਈ ਉਹ ਤਹਿ-ਦਿਲੋਂ ਸਭਨਾਂ ਦਾ ਸ਼ੁਕਰੀਆ ਅਦਾ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨਾਲ ਨਾ ਸਿਰਫ਼ ਪੰਜਾਬ 'ਚ ਸਗੋਂ ਪੂਰੇ ਿਵਸ਼ਵ 'ਚ ਸਦਭਾਵਨਾ ਦਾ ਮਾਹੌਲ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਸਾਡਾ ਫ਼ਰਜ਼ ਬਣਦਾ ਹੈ ਕਿ ਪੂਰੇ ਸਾਲ ਭਰ ਅਸੀਂ ਇਨ੍ਹਾਂ ਪ੍ਰੋਗਰਾਮਾਂ ਨੂੰ ਅੱਗੇ ਚਲਾਈਏ ਅਤੇ ਇਸ 'ਚ ਵਧ-ਚੜ੍ਹ ਕੇ ਹਿੱਸਾ ਲੈ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਫੈਲਾਉਣ 'ਚ ਸਹਿਯੋਗ ਕਰੀਏ ।