550ਵਾਂ ਪ੍ਰਕਾਸ਼ ਪੁਰਬ : ਕੈਪਟਨ ਦਾ ਐਲਾਨ, ਸ੍ਰੀ ਅਕਾਲ ਤਖਤ ਦਾ ਹਰ ਫੈਸਲਾ ਮਨਜ਼ੂਰ
Tuesday, Oct 15, 2019 - 06:48 PM (IST)

ਅੰਮ੍ਰਿਤਸਰ (ਸੁਮਿਤ) : ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਲੈ ਕੇ ਐੱਸ. ਜੀ. ਪੀ. ਸੀ. ਅਤੇ ਪੰਜਾਬ ਸਰਕਾਰ ਦਰਮਿਆਨ ਪੈਦਾ ਹੋਏ ਰੜਕੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮੁਤਾਬਕ ਜੋ ਵੀ ਫੈਸਲਾ ਸ੍ਰੀ ਅਕਾਲ ਤਖਤ ਸਾਹਿਬ ਕਰੇਗਾ ਉਹ ਸਰਕਾਰ ਨੂੰ ਮਨਜ਼ੂਰ ਹੋਵੇਗਾ। ਦਰਅਸਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੰਤਰੀਆਂ ਵਲੋਂ ਜਥੇਦਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਿਖੀ ਚਿੱਠੀ ਵੀ ਸੌਂਪੀ ਗਈ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।
ਇਸ ਉਪਰੰਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਿਲ ਕੇ ਮਨਾਉਣ ਦੀ ਸਾਰੀ ਟੇਕ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਰੱਖਦਿਆਂ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜੋ ਵੀ ਹੁਕਮ ਜਾਰੀ ਹੋਵੇਗਾ, ਉਹ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ। ਉਨ੍ਹਾਂ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ 'ਤੇ ਮਨਾਉਣ ਸੰਬੰਧੀ ਇਹ ਮਾਮਲਾ 21 ਅਕਤੂਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ 'ਚ ਵਿਚਾਰਿਆ ਜਾਵੇਗਾ। ਇੱਥੇ ਜ਼ਿਕਰਯੋਗ ਹੈ ਕਿ ਇਸ ਮੁਲਾਕਾਤ ਸਮੇਂ ਮੰਤਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਫੋਨ 'ਤੇ ਗੱਲ ਵੀ ਕਰਵਾਈ।