ਪ੍ਰਕਾਸ਼ ਪੁਰਬ ਮੌਕੇ ਸੰਗਤ ਲਈ ਵੱਡੀ ਸਹੂਲਤ, ਚੱਲਣਗੀਆਂ 300 ਮਿੰਨੀ ਬੱਸਾਂ ਤੇ 800 ਈ-ਰਿਕਸ਼ੇ

10/15/2019 7:19:10 PM

ਸੁਲਤਾਨਪੁਰ ਲੋਧੀ (ਸੋਢੀ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਵਿਚ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਸਵਿਧਾ ਲਈ ਪੰਜਾਬ ਸਰਕਾਰ ਵੱਲੋਂ ਪਹਿਲੀ ਨਵੰਬਰ ਤੋਂ 300 ਮਿੰਨੀ ਬੱਸਾਂ ਅਤੇ 800 ਈ-ਰਿਕਸ਼ੇ ਚਲਾਏ ਜਾਣਗੇ। ਇਹ ਵਾਹਨ ਸ਼ਰਧਾਲੂਆਂ ਨੂੰ ਪਾਰਕਿੰਗ ਵਾਲੀਆਂ ਥਾਵਾਂ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਲੈ ਕੇ ਜਾਣਗੇ। ਅੱਜ ਇਥੇ ਵਿਧਾਇਕ ਨਵਤੇਜ ਸਿੰਘ ਚੀਮਾ, ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਅਤੇ ਐੱਸ. ਐੱਸ. ਪੀ ਸਤਿੰਦਰ ਸਿੰਘ ਵੱਲੋਂ ਕੌਂਸਲਰਾਂ ਨਾਲ ਕੀਤੀ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੋਵੇਗੀ ਕਿ ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ 'ਤੇ ਘੱਟੋ-ਘੱਟ ਰੋਕਾਂ ਲਗਾਈਆਂ ਜਾਣ। 

ਉਨ੍ਹਾਂ ਕਿਹਾ ਕਿ 1 ਨਵੰਬਰ ਤੋਂ ਪਵਿੱਤਰ ਨਗਰੀ ਨੂੰ ਆਉਣ ਵਾਲੇ ਸਾਰੇ ਵਾਹਨਾਂ ਨੂੰ ਪਾਰਕਿੰਗ ਸਥਾਨਾਂ ਤੋਂ ਅੱਗੇ ਜਾਣ ਦੀ ਆਗਿਆ ਨਹੀਂ ਹੋਵੇਗੀ ਅਤੇ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਜ਼ਦੀਕ ਸਥਿਤ ਪਾਰਕਿੰਗਾਂ ਵਿਚ ਲਿਜਾਣ ਲਈ 300 ਮਿੰਨੀ ਬੱਸਾਂ ਲਗਾਈਆਂ ਜਾਣਗੀਆਂ, ਜਿਥੋਂ ਉਹ ਪੈਦਲ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ। ਉਨ੍ਹਾਂ ਇਹ ਸਾਫ਼ ਕੀਤਾ ਕਿ ਬਜ਼ੁਰਗ ਜਾਂ ਬਿਮਾਰ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ ਤੱਕ ਈ-ਰਿਕਸ਼ਾ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। 

ਕੌਂਸਲਰਾਂ ਵੱਲੋਂ ਉਠਾਏ ਇਕ ਮੁੱਦੇ 'ਤੇ ਜਵਾਬ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੇ ਕਿਹਾ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸ਼ਹਿਰ ਵਾਸੀਆਂ ਨੂੰ ਵਿਸ਼ੇਸ਼ ਪਾਸ ਵੀ ਜਾਰੀ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹੁਣ ਸ਼ਹਿਰ ਵਿਚ ਕਿਸੇ ਵੀ ਤਰਾਂ ਦਾ ਨਿਰਮਾਣ ਕਾਰਜ ਨਾ ਕਰਨ ਤਾਂ ਜੋ ਸਾਫ਼-ਸੁਥਰਾ ਮਾਹੌਲ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਨਗਰ ਕੌਂਸਲ ਇਸ ਸਬੰਧੀ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਏਗੀ।


Gurminder Singh

Content Editor

Related News