ਕੇਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਤੇ ਬੀਬਾ ਬਾਦਲ ਵੱਲੋਂ ਵਿਲੱਖਣ ਪ੍ਰਦਰਸ਼ਨੀ ਦਾ ਉਦਘਾਟਨ
Friday, Nov 08, 2019 - 06:08 PM (IST)

ਸੁਲਤਾਨਪੁਰ ਲੋਧੀ (ਸੋਢੀ)— ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ 'ਚ ਸ਼ਮੂਲੀਅਤ ਕਰਨ ਲਈ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਸ੍ਰੀ ਪ੍ਰਕਾਸ਼ ਜਾਵੇਡਕਰ ਅੱਜ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ। ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਸਮੇ ਉਨ੍ਹਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਨੇ ਸ੍ਰੀ ਪ੍ਰਕਾਸ਼ ਜਾਵੇਡਕਰ ਨੂੰ ਸਿਰਪਾਓ ਦੀ ਬਖਸ਼ਿਸ਼ ਕੀਤੀ। ਇਸ ਤੋਂ ਬਾਅਦ ਕੇਂਦਰੀ ਮੰਤਰੀ ਸ੍ਰੀ ਪ੍ਰਕਾਸ਼ ਜਾਵੇਡਕਰ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਤੇ ਸਿੱਖਿਆਵਾਂ ਦੇ ਅਧਾਰਿਤ ਲਗਾਈ ਗਈ ਡਿਜ਼ੀਟਲ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਇਸ ਨਿਵੇਕਲੀ ਕਿਸਮ ਦੀ ਆਧੁਨਿਕ ਪ੍ਰਦਰਸ਼ਨੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨੂੰ ਰੌਸ਼ਨੀ, ਸਪੇਸ ਅਤੇ ਆਵਾਜ਼ ਜ਼ਰੀਏ ਦਰਸਾਇਆ ਗਿਆ ਹੈ।
ਇਹ ਪ੍ਰਦਰਸ਼ਨੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣ ਰਹੀ ਹੈ। ਇਸ ਮੌਕੇ ਆਪਣੀਆਂ ਭਾਵਨਾਵਾਂ ਦਾ ਇਜ਼ਹਾਰ ਕਰਦਿਆਂ ਕੇਂਦਰੀ ਮੰਤਰੀ ਸ੍ਰੀ ਜਾਵੇਡਕਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਬਰਾਬਰਤਾ, ਪਿਆਰ ਅਤੇ ਮਿਲਵਰਤਨ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਦੀ ਭਲਾਈ ਲਈ ਸਾਰਥਿਕਤਾ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਂਦਿਆਂ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਧਾਰਨ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਕੱਲ੍ਹ 9 ਨਵੰਬਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਉਚੇਚੇ ਤੌਰ 'ਤੇ ਸੁਲਤਾਨਪੁਰ ਲੋਧੀ ਪੁੱਜ ਕੇ ਗੁਰੂ ਚਰਨਾਂ ਚ ਨਤਮਸਤਕ ਹੋਣਗੇ ਅਤੇ ਉਪਰੰਤ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨੀ ਸਮਾਰੋਹ ਚ ਸ਼ਾਮਿਲ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਅਕਾਲੀ ਦਲ ਦੇ ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ, ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਕਮੇਟੀ, ਇੰਜ ਸਵਰਨ ਸਿੰਘ ਮੈਂਬਰ ਪੀ. ਏ. ਸੀ, ਸੱਜਣ ਸਿੰਘ ਚੀਮਾ, ਸਰਬਜੀਤ ਸਿੰਘ ਮੱਕੜ, ਹਰਮੀਤ ਸਿੰਘ ਸੰਧੂ, ਜਗਤਾਰ ਸਿੰਘ ਅਈਤਾਨ, ਸਤਰਨਜੀਤ ਸਿੰਘ ਰਿੰਪੀ, ਯੂ. ਕੇ. ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਕੋਟਸ਼ਮੀਰ, ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਜਥੇਦਾਰ ਸਰਵਨ ਸਿੰਘ ਕੁਲਾਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਇੰਜੀਨੀਅਰ ਸੁਖਮਿੰਦਰ ਸਿੰਘ, ਸੁਲੱਖਣ ਸਿੰਘ ਭੰਗਾਲੀ, ਸਕੱਤਰ ਪ੍ਰਤਾਪ ਸਿੰਘ, ਸ. ਸਿਮਰਜੀਤ ਸਿੰਘ ਅਤੇ ਸ. ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਜਰਨੈਲ ਸਿੰਘ ਬੂਲੇ ਸਮੇਤ ਹੋਰ ਹਾਜ਼ਰ ਸਨ।