550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕੈਪਟਨ ਨੇ ਸੱਦੀ ਸਰਬ ਪਾਰਟੀ ਮੀਟਿੰਗ

11/01/2019 6:49:24 PM

ਚੰਡੀਗੜ੍ਹ : ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ 'ਤੇ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿਚ ਸ਼ਾਮਲ ਹੋ ਕੇ ਇਸ ਨੂੰ ਸਾਂਝੇ ਰੂਪ ਵਿਚ ਮਨਾਉਣ ਦਾ ਸੰਕਲਪ ਲਿਆ। ਮੀਟਿੰਗ ਦੌਰਾਨ ਇਸ ਗੱਲ 'ਤੇ ਵੀ ਅਫ਼ਸੋਸ ਜ਼ਾਹਰ ਕੀਤਾ ਗਿਆ ਕਿ ਕੁਝ ਸਿਆਸੀ ਪਾਰਟੀਆਂ ਨੇ ਆਪਣੇ ਸੌੜੇ ਹਿੱਤਾਂ ਲਈ ਇਸ ਪਵਿੱਤਰ ਮੌਕੇ 'ਤੇ ਬਰਾਬਰ ਸਮਾਗਮ ਰੱਖਣ ਦਾ ਫੈਸਲਾ ਕੀਤਾ ਹੈ ਜਿਸ ਨਾਲ ਵਿਸ਼ਵ ਭਰ ਵਿਚ ਸਿੱਖ ਭਾਈਚਾਰੇ 'ਚ ਗਲਤ ਸੰਦੇਸ਼ ਜਾ ਰਿਹਾ ਹੈ। ਮੀਟਿੰਗ ਦੌਰਾਨ ਇਹ ਵੀ ਵਿਚਾਰ ਕੀਤੀ ਗਈ ਕਿ ਇਸ ਤੋਂ ਪਹਿਲਾਂ ਅਜਿਹੇ ਮੌਕਿਆਂ 'ਤੇ ਹੋਏ ਸਮਾਗਮ ਸੂਬਾ ਸਰਕਾਰ ਵੱਲੋਂ ਕਰਵਾਏ ਗਏ ਸਨ ਅਤੇ ਇਨ੍ਹਾਂ ਸਮਾਗਮਾਂ ਵਿਚ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰ ਸਾਂਝੇ ਤੌਰ 'ਤੇ ਸ਼ਾਮਲ ਹੁੰਦੇ ਸਨ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੁਝ ਸਿਆਸੀ ਪਾਰਟੀਆਂ ਨੇ ਇਸ ਵਾਰ ਇਸ ਰਵਾਇਤ ਨੂੰ ਤੋੜਣ ਦਾ ਫੈਸਲਾ ਕੀਤਾ ਹੈ ਅਤੇ ਇਸ ਪਵਿੱਤਰ ਤੇ ਇਤਿਹਾਸਕ ਮੌਕੇ ਨੂੰ ਆਪਣੇ ਨਿੱਜੀ ਸਵਾਰਥਾਂ ਲਈ ਵਰਤਣ ਦੀ ਕੋਸ਼ਿਸ਼ ਕੀਤੀ ਹੈ।

ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਸੂਬਾ ਸਰਕਾਰ 12 ਨਵੰਬਰ ਨੂੰ ਕਰਵਾਏ ਜਾ ਰਹੇ ਸਮਾਗਮ ਲਈ ਪੰਜਾਬ ਅਤੇ ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਸੱਦਾ ਦੇਵੇਗੀ। ਇਸ ਸਮਾਗਮ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਸਾਰੀਆਂ ਤਕਰੀਰਾਂ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਫਲਸਫੇ ਦੇ ਪਸਾਰ ਤੱਕ ਹੀ ਮਹਿਦੂਦ ਹੋਣਗੀਆਂ। ਮੁੱਖ ਮੰਤਰੀ ਤੋਂ ਇਲਾਵਾ ਸੱਤਾਧਾਰੀ ਕਾਂਗਰਸ ਦੇ ਨੁਮਾਇੰਿਦਆਂ ਵਜੋਂ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਅਤੇ ਸੁਨੀਲ ਜਾਖੜ ਸ਼ਾਮਲ ਹੋਏ। ਬਾਕੀ ਸਿਆਸੀ ਸ਼ਖਸੀਅਤਾਂ ਵਿਚ ਸ਼੍ਰੋਮਣੀ ਅਕਾਲੀ ਦਲ 1920 ਦੇ ਹਰਬੰਸ ਸਿੰਘ ਕੰਧੋਲਾ, ਸੀ.ਪੀ.ਆਈ. ਦੇ ਭੁਪਿੰਦਰ ਸਾਂਭਰ ਤੇ ਹਰਦੇਵ ਅਰਸ਼ੀ, ਸੀ.ਪੀ.ਆਈ. (ਐਮ) ਦੇ ਗੁਰਪਰਮਜੀਤ ਕੌਰ ਤੱਗੜ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸੇਵਾ ਸਿੰਘ ਸੇਖਵਾਂ, ਸੰਤ ਸਮਾਜ ਦੇ ਬਾਬਾ ਸਰਬਜੋਤ ਸਿੰਘ ਬੇਦੀ, ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ, ਆਮ ਆਦਮੀ ਪਾਰਟੀ ਦੇ ਮਨਜੀਤ ਸਿੰਘ ਬਿਲਾਸਪੁਰ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਮੀਟਿੰਗ ਵਿਚ ਸ਼ਾਮਲ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਇਤਿਹਾਸਕ ਮੌਕੇ ਨੂੰ ਸਿਆਸੀ ਤੰਗ ਨਜ਼ਰੀਏ ਤੋਂ ਦੂਰ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਵੀ ਇਕ ਸਮਾਗਮ ਲਈ ਬੇਨਤੀ ਕੀਤੀ ਸੀ ਜਿਸ ਨੂੰ ਉਨ੍ਹਾਂ ਨੇ ਸਹਿਮਤੀ ਵੀ ਦੇ ਦਿੱਤੀ ਸੀ ਪਰ ਆਖਿਰ ਵਿਚ ਇਨ੍ਹਾਂ ਕੋਸ਼ਿਸ਼ਾਂ ਨੂੰ ਬੂਰ ਨਾ ਪਿਆ। ਇਸ ਪਵਿੱਤਰ ਮੌਕੇ ਦਾ ਸਿਆਸੀਕਰਨ ਕੀਤੇ ਜਾਣ ਲਈ ਅਕਾਲੀਆਂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦੀ ਪਵਿੱਤਰਤਾ ਦੇ ਮੱਦੇਨਜ਼ਰ ਉਹ (ਕੈਪਟਨ ਅਮਰਿੰਦਰ ਸਿੰਘ) ਪਹਿਲੇ ਦਿਨ ਤੋਂ ਹੀ ਸਾਂਝੇ ਸਮਾਗਮ ਮਨਾਉਣ ਦੇ ਹੱਕ ਵਿਚ ਸਨ ਅਤੇ ਇਸੇ ਭਾਵਨਾ ਦੀ ਪਾਲਣਾ ਕਰਦਿਆਂ ਉਹ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮ ਦੌਰਾਨ ਮੰਚ ਤੋਂ ਨਿੱਜੀ ਤੌਰ 'ਤੇ ਵੀ ਜੁੜੀ ਇਕੱਤਰਤਾ ਨੂੰ ਸੰਬੋਧਨ ਕਰਨਗੇ।


Gurminder Singh

Content Editor

Related News