ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ''ਕੌਮੀ ਸਹਿਣਸ਼ੀਲਤਾ ਦਿਵਸ'' ਵਜੋਂ ਮਨਾਇਆ ਜਾਵੇ : ਬਿੱਟੂ

07/21/2019 1:28:13 AM

ਚੰਡੀਗੜ੍ਹ, ਮਾਛੀਵਾੜਾ,(ਟੱਕਰ): ਲੋਕ ਸਭਾ ਹਲਕਾ ਲੁਧਿਆਣਾ ਤੋਂ ਐੱਮ. ਪੀ. ਰਵਨੀਤ ਸਿੰਘ ਬਿੱਟੂ ਨੇ ਸੰਸਦ 'ਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਮੰਗ ਕਰਦਿਆਂ ਕਿਹਾ ਕਿ 12 ਨਵੰਬਰ ਨੂੰ ਜੋ ਗੁਰੂ ਸਾਹਿਬ ਦਾ ਪ੍ਰਕਾਸ਼ ਉਤਸਵ ਮਨਾਇਆ ਜਾ ਰਿਹਾ ਹੈ। ਉਸ ਨੂੰ ਭਾਰਤ ਸਰਕਾਰ 'ਕੌਮੀ ਸਹਿਣਸ਼ੀਲਤਾ ਦਿਵਸ' ਵਜੋਂ ਮਨਾਉਣ ਦਾ ਐਲਾਨ ਕਰੇ ਕਿਉਂਕਿ ਅੱਜ ਸਮੇਂ ਦੀ ਜ਼ਰੂਰਤ ਹੈ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲ ਕੇ ਸਾਡੇ 'ਚ ਸਹਿਣਸ਼ੀਲਤਾ ਆਵੇ।

ਬਿੱਟੂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਸ਼ੁਰੂ ਕਰਨ ਲਈ ਭਾਰਤ ਤੇ ਪਾਕਿਸਤਾਨ ਦੋਵੇਂ ਦੇਸ਼ ਵਧੀਆ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਜਲਦ ਹੀ ਸਾਡੀ ਅਰਦਾਸ ਪੂਰੀ ਹੋਵੇਗੀ, ਜਿਸ ਨਾਲ ਰੋਜ਼ਾਨਾ 5 ਹਜ਼ਾਰ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਹੋਣਗੇ। ਬਿੱਟੂ ਨੇ ਸੰਸਦ 'ਚ ਮੰਗ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕੇਂਦਰ ਸਰਕਾਰ 2145 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਦੇਵੇ। ਉਨ੍ਹਾਂ ਮੰਗ ਕੀਤੀ ਕਿ ਇਸ ਵਿਸ਼ੇਸ਼ ਮੰਗ ਨਾਲ ਸੁਲਤਾਨਪੁਰ ਲੋਧੀ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇ ਅਤੇ ਬਟਾਲਾ ਵਿਖੇ ਗੁਰੂ ਸਾਹਿਬ ਦੀ ਯਾਦ ਵਿਚ ਮੈਡੀਕਲ ਕਾਲਜ ਖੋਲ੍ਹਿਆ ਜਾਵੇ। ਇਸ ਤੋਂ ਇਲਾਵਾ ਪੰਜਾਬ ਦੇ 47 ਪਿੰਡ ਤੇ ਸ਼ਹਿਰ ਅਜਿਹੇ ਹਨ। ਜਿੱਥੇ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਧਰਤੀ ਹੈ, ਉਨ੍ਹਾਂ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇ। ਸੰਸਦ ਮੈਂਬਰ ਬਿੱਟੂ ਨੇ ਇਹ ਵੀ ਮੰਗ ਕੀਤੀ ਕਿ 550ਵੇਂ ਪ੍ਰਕਾਸ਼ ਪੁਰਬ ਸਬੰਧੀ ਇੱਕ ਟੀਮ ਦਾ ਗਠਨ ਕੀਤਾ ਜਾਵੇ ਤਾਂ ਜੋ ਮਾਣਯੋਗ ਸਪੀਕਰ ਦੀ ਅਗਵਾਈ ਹੇਠ ਦੇਸ਼ ਦੇ ਸਾਰੇ ਸੰਸਦ ਮੈਂਬਰ ਪੰਜਾਬ ਵਿਚ ਮਨਾਏ ਜਾ ਰਹੇ ਇਨ੍ਹਾਂ ਸਮਾਗਮਾਂ ਵਿਚ ਸ਼ਮੂਲੀਅਤ ਕਰਨ।