550ਵੇਂ ਪ੍ਰਕਾਸ਼ ਪੁਰਬ ਦੇ ਸਮਾਪਤੀ ਸਮਾਗਮਾਂ ਸਬੰਧੀ ਰੰੰਧਾਵਾ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
Sunday, Nov 08, 2020 - 02:23 PM (IST)
ਡੇਰਾ ਬਾਬਾ ਨਾਨਕ (ਵਤਨ) : ਡੇਰਾ ਬਾਬਾ ਨਾਨਕ ਦੇ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ 28 ਨਵੰਬਰ ਤੋਂ 30 ਨਵੰਬਰ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਆਯੋਜਿਤ ਹੋਣ ਵਾਲੇ ਸਮਾਪਤੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਉਚ ਪੱਧਰੀ ਟੀਮ ਨਾਲ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਅਤੇ ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ, ਐੱਸ. ਐੱਸ. ਪੀ. ਬਟਾਲਾ ਰਛਪਾਲ ਸਿੰਘ ਨੇ ਵਿਸੇਸ਼ ਤੌਰ 'ਤੇ ਸ਼ਿਰਕਤ ਕੀਤੀ। ਦੱਸ ਦਈਏ ਕਿ ਪਿਛਲੇ ਵਰ੍ਹੇ 9 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਸਬੰਧ ਵਿਚ ਡੇਰਾ ਬਾਬਾ ਨਾਨਕ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੱਕ ਲਾਂਘਾ ਖੋਲਣ ਅਤੇ ਪਹਿਲੇ ਜਥੇ ਨੂੰ ਰਵਾਨਾ ਕਰਨ ਦੀ ਰਸਮ ਅਦਾ ਕੀਤੀ ਗਈ ਸੀ ਅਤੇ ਸਮੁਚੇ ਸੰਸਾਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਸੀ ਅਤੇ ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਤਾਬਦੀ ਸਮਾਗਮਾਂ ਦੀ ਸਮਾਪਤੀ ਹੋਣ ਜਾ ਰਹੀ ਹੈ, ਜਿਸ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਡੇਰਾ ਬਾਬਾ ਨਾਨਕ ਵਿਖੇ 28 ਨਵੰਬਰ ਤੋਂ 30 ਨਵੰਬਰ ਤੱਕ ਸਮਾਗਮ ਕਰਵਾਏ ਜਾਣਗੇ, ਜਿਸ ਵਿਚ ਮੁੱਖ ਮੰੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਨਾਮਵਰ ਹਸਤੀਆਂ ਸ਼ਿਰਕਤ ਕਰਨਗੀਆਂ।
ਇਸ ਮੌਕੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸਰਹੱਦ ਨਾਲ ਲੱਗਦੇ ਸਿੱਧ ਸੋਹ ਸਾਹਿਬ ਵਿਖੇ 28 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਆਰੰਭ ਹੋਣਗੇ ਅਤੇ 30 ਨਵੰਬਰ ਨੂੰ ਗੁਰਪੁਰਬ ਦਿਹਾੜੇ ਤੇ ਸਮਾਪਨ ਸਮਾਰੋਹ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਮਾਰੀ ਕਾਰਨ ਇਸ ਸਮਾਗਮ ਨੂੰ ਸੀਮਿਤ ਕਰ ਦਿੱਤਾ ਗਿਆ ਹੈ ਅਤੇ ਸਿਰਫ 2 ਤੋਂ 3 ਹਜ਼ਾਰ ਤੱਕ ਦੀ ਸੰਗਤ ਹੀ ਇਸ ਸਮਾਗਮ ਵਿਚ ਸ਼ਿਰਕਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਲਈ ਪੰਡਾਲ, ਲੰਗਰ ਅਤੇ ਪਾਰਕਿੰਗ ਆਦਿ ਦੇ ਵਿਸੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਤਾਂਕਿ ਸੰਗਤ ਨੂੰ ਇਸ ਮੌਕੇ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਗੁਰਪੁਰਬ ਦੀ ਆਮਦ ਦੇ ਚੱਲਦਿਆਂ ਉਹ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੜ ਚਾਲੂ ਕਰੇ ਤਾਂ ਜੋ ਸੰਗਤ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰ ਸਕੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਮੁੱਚੇ ਸੰਸਾਰ ਵਿਚ ਕੋਰੋਨਾ ਕਾਰਨ ਬੰਦ ਕੀਤੇ ਗਏ ਸਾਰੇ ਧਾਰਮਿਕ ਸਥਾਨ ਖੋਲ ਦਿੱਤੇ ਗਏ ਹਨ, ਉਸੇ ਤਰਜ਼ 'ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੋਲ੍ਹ ਦੇਣਾ ਚਾਹੀਦਾ ਹੈ।