SGPC ਨੇ ਦਿੱਤਾ PM ਮੋਦੀ ਨੂੰ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਸੱਦਾ

07/01/2019 6:28:59 PM

ਅੰਮ੍ਰਿਤਸਰ/ਨਵੀਂ ਦਿੱਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 12 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਦੀ ਸ਼ਲਾਘਾ ਕੀਤੀ ਤੇ ਮੁੱਖ ਸਮਾਗਮ 'ਚ ਸ਼ਾਮਲ ਹੋਣਾ ਪ੍ਰਵਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਰਿੰਦਰ ਮੋਦੀ ਨੇ ਗੁਰੂ ਸਾਹਿਬ ਜੀ ਦੇ ਇਤਿਹਾਸਕ ਪੁਰਬ ਨੂੰ ਸਮੁੱਚੇ ਵਿਸ਼ਵ ਲਈ ਇਕ ਵਿਲੱਖਣ ਮੌਕਾ ਕਰਾਰ ਦਿੱਤਾ ਹੈ। ਭਾਈ ਲੌਂਗੋਵਾਲ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨੇ ਆਖਿਆ ਹੈ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਸਾਹਿਬ ਦੇ ਮੁਬਾਰਕ ਦਿਹਾੜੇ ਸਮੇਂ ਸ਼ਾਮਲ ਹੋਣਾ ਉਨ੍ਹਾਂ ਦੀ ਖ਼ੁਸ਼-ਨਸੀਬੀ ਹੋਵੇਗੀ ਕਿਉਂਕਿ ਗੁਰੂ ਸਾਹਿਬ ਸਮੁੱਚੀ ਲੋਕਾਈ ਲਈ ਮਾਰਗ ਦਰਸ਼ਕ ਹਨ। ਦਿੱਲੀ ਵਿਖੇ ਪ੍ਰਧਾਨ ਮੰਤਰੀ ਨਾਲ ਇਕ ਨਿੱਜੀ ਮਿਲਣੀ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਇਹ ਸੱਦਾ-ਪੱਤਰ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਵੀ ਮੌਜੂਦ ਸਨ।


Related News