24ਵੇਂ ਦਿਨ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਘਟੀ ਗਿਣਤੀ

Tuesday, Dec 03, 2019 - 12:19 AM (IST)

24ਵੇਂ ਦਿਨ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਘਟੀ ਗਿਣਤੀ

ਗੁਰਦਾਸਪੁਰ/ਡੇਰਾ ਬਾਬਾ ਨਾਨਕ, (ਵਿਨੋਦ, ਵਤਨ, ਕੰਵਲਜੀਤ)— 24ਵੇਂ ਦਿਨ 581 ਸ਼ਰਧਾਲੂਆਂ ਨੇ ਡੇਰਾ ਬਾਬਾ ਨਾਨਕ ਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਬਣੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਗੁ. ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਕੀਤੇ। ਇਸ ਤੋਂ ਇਲਾਵਾ ਪਾਸਪੋਰਟ ਤੋਂ ਸੱਖਣੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੇ ਵੀ ਵੱਡੀ ਗਿਣਤੀ ਵਿਚ ਕਰਤਾਰਪੁਰ ਦਰਸ਼ਨ ਸਥੱਲ 'ਤੇ ਪਹੁੰਚ ਕੇ ਦੂਰੋਂ ਹੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਕੀਤੇ।

ਇਸ ਤੋਂ ਇਲਾਵਾ ਸੈਰ-ਸਪਾਟਾ ਵਿਭਾਗ ਦੇ ਅਡੀਸ਼ਨਲ ਡਾਇਰੈਕਟਰ ਲਖਮੀਰ ਸਿੰਘ ਰਾਜਪੂਤ ਅਤੇ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਤਜਿੰਦਰਪਾਲ ਸਿੰਘ ਸੰਧੂ ਨੇ ਸਾਂਝੇ ਤੌਰ 'ਤੇ ਕਰਤਾਰਪੁਰ ਲਾਂਘੇ 'ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਕੇ ਪਰਤ ਰਹੀ ਸੰਗਤ ਤੋਂ ਪ੍ਰਬੰਧਾਂ ਸਬੰਧੀ ਜਾਣਕਾਰੀ ਲਈ।

ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉਕਤ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਦਰਸ਼ਨ-ਦੀਦਾਰ ਕਰਨ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੰਗਤਾਂ ਦੀ ਹਰ ਮੁਸ਼ਕਲ ਹੱਲ ਕਰਨ ਲਈ ਸਰਕਾਰ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਥਿਤ ਗੁ. ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਵਾਪਸ ਆਈ ਸੰਗਤ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਰਹੱਦ ਦੇ ਦੋਵੇਂ ਪਾਸੇ ਹੀ ਸਰਕਾਰਾਂ ਵੱਲੋਂ ਸੰਗਤਾਂ ਲਈ ਵਧੀਆ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਗੱਲ ਨੂੰ ਵੀ ਨਕਾਰਿਆ ਕਿ ਸੰਗਤਾਂ ਵੱਲੋਂ ਲਿਆਂਦੇ ਪ੍ਰਸ਼ਾਦ ਨੂੰ ਵਿਸ਼ੇਸ਼ ਤਰੀਕੇ ਨਾਲ ਚੈੱਕ ਕੀਤਾ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੰਗਤ ਨੇ ਜ਼ਿਲਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਹੈ ਕਿ ਭਾਰਤ ਵਾਲੇ ਪਾਸੇ ਸੰਗਤਾਂ ਦੀ ਸਹੂਲਤ ਲਈ ਪਾਰਕਿੰਗ, ਪੀਣ ਵਾਲੇ ਪਾਣੀ ਅਤੇ ਪਖਾਨੇ ਬਣਾਉਣ ਦੀ ਵਿਵਸਥਾ ਦੀ ਘਾਟ ਹੈ ਅਤੇ ਇਸ ਸਬੰਧੀ ਜ਼ਿਲਾ ਪ੍ਰਸ਼ਾਸਨ ਜਲਦ ਹੀ ਢੁੱਕਵੇਂ ਕਦਮ ਚੁੱਕੇਗਾ। ਇਸ ਤੋਂ ਇਲਾਵਾ ਸੰਗਤਾਂ ਨੂੰ ਫੈਮਲੀ ਵੀਜ਼ੇ ਦੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ ਅਤੇ ਈ. ਈ. ਏ. ਮੇਸੇਜ ਦੀ ਵੀ ਮੁਸ਼ਕਲ ਪੇਸ਼ ਆ ਰਹੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਖੁਦ ਇਮੀਗ੍ਰੇਸ਼ਨ ਅਧਿਕਾਰੀਆਂ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਹਰ ਸਹੂਲਤ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਉਹ ਫੈਸੀਲੇਟਰ ਵਾਂਗ ਆਪਣੀ ਡਿਊਟੀ ਨਿਭਾ ਰਹੇ ਹਨ ਅਤੇ ਅਧਿਕਾਰੀਆਂ ਵੱਲੋਂ ਸੰਗਤਾਂ ਨਾਲ ਬਹੁਤ ਵਧੀਆ ਵਿਵਹਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਪਾਕਿਸਤਾਨ ਸਥਿਤ ਗੁ. ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਹਰੇਕ ਸਹੂਲਤ ਲਈ ਸਪੈਸ਼ਲ ਨਿਗਰਾਨੀ ਕਰ ਰਿਹਾ ਹੈ ਅਤੇ ਸੰਗਤਾਂ ਦੀ ਹਰ ਸਹੂਲਤ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ।


author

KamalJeet Singh

Content Editor

Related News