ਨਾਜਾਇਜ਼ ਸ਼ਰਾਬ ਤੇ ਨਸ਼ੀਲੇ ਪਦਾਰਥਾਂ ਸਮੇਤ 6 ਕਾਬੂ

12/19/2017 7:24:43 AM

ਕਪੂਰਥਲਾ, (ਭੂਸ਼ਣ)- ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਦੇ ਦੌਰਾਨ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥ ਸਮੇਤ 6 ਮੁਲਜ਼ਮਾਂ ਨੂੰ ਕਾਬੂ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਹੈ।  ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਹਰਗੁਰਦੇਵ ਸਿੰਘ ਨੇ ਪੁਲਸ ਪਾਰਟੀ ਨਾਲ ਪਿੰਡ ਖੁਖਰੈਣ ਨਜ਼ਦੀਕ ਨਾਕੇਬੰਦੀ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸ ਦੇ ਹੱਥ 'ਚ ਫੜੀ ਪਲਾਸਟਿਕ ਦੀ ਕੈਨੀ ਦੀ ਤਲਾਸ਼ੀ ਲਈ ਤਾਂ ਉਸ 'ਚੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਂ ਬਲਜੀਤ ਸਿੰਘ ਪੁੱਤਰ ਨੰਦ ਲਾਲ ਨਿਵਾਸੀ ਖੁਖਰੈਣ ਦੱਸਿਆ, ਉਥੇ ਹੀ ਦੂਜੇ ਪਾਸੇ ਕੋਤਵਾਲੀ ਪੁਲਸ ਨੇ ਅਜੀਤ ਨਗਰ ਪੁੱਤਰ ਬਲਵੰਤ ਸਿੰਘ ਵਾਸੀ ਫੱਤੂ ਚੱਕ ਤੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ, ਜਦਕਿ ਕਰਤਾਰਪੁਰ ਮਾਰਗ 'ਤੇ ਨਾਕਾਬੰਦੀ ਦੌਰਾਨ ਕੋਤਵਾਲੀ ਪੁਲਸ ਨੇ ਜਦੋਂ ਇਕ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਂ ਮੇਜਰ ਸਿੰਘ ਪੁੱਤਰ ਰਣ ਸਿੰਘ ਵਾਸੀ ਪਿੰਡ ਫੁਲੇਵਾਲ ਦੱਸਿਆ। ਮੁਲਜ਼ਮ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਸ਼ਰਾਬ ਵੇਚਣ ਦਾ ਧੰਦਾ ਕਰਦਾ ਆ ਰਿਹਾ ਹੈ। ਉਧਰ ਪੁਲਸ ਨੇ ਨਾਕਾਬੰਦੀ ਦੌਰਾਨ ਮਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਦਸੂਹਾ ਤੇ ਭੁਪਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਨੂੰ ਕਾਬੂ ਕਰਕੇ 60 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ। ਉਥੇ ਹੀ ਕੋਤਵਾਲੀ ਪੁਲਸ ਨੇ ਨਿੰਦਰ ਸਿੰਘ ਪੁੱਤਰ ਨੀਮਾ ਸਿੰਘ ਵਾਸੀ ਪਿੰਡ ਲਾਟੀਆਂਵਾਲ ਨੂੰ ਕਾਬੂ ਕਰਕੇ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਸਾਰੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।