ਲੁਧਿਆਣਾ ਜ਼ਿਲ੍ਹੇ ''ਚ ਕੋਰੋਨਾ ਕਾਰਨ 6 ਲੋਕਾਂ ਦੀ ਹੋਰ ਮੌਤ, 159 ਨਵੇਂ ਕੇਸ ਆਏ ਪਾਜ਼ੇਟਿਵ

Tuesday, Aug 04, 2020 - 11:16 PM (IST)

ਲੁਧਿਆਣਾ, (ਸਹਿਗਲ)- ਮਹਾਨਗਰ ਵਿਚ ਕੋਰੋਨਾ ਵਾਇਰਸ ਦਾ ਤਾਂਡਵ ਜਾਰੀ ਹੈ। ਅੱਜ ਇਸ ਦੇ ਕਹਿਰ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 159 ਵਿਅਕਤੀ ਵਾਇਰਸ ਤੋਂ ਪੀੜਤ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 142 ਜ਼ਿਲੇ ਦੇ ਰਹਿਣ ਵਾਲੇ ਹਨ, ਜਦੋਂਕਿ 17 ਹੋਰਨਾਂ ਜ਼ਿਲਿਆਂ ਨਾਲ ਸਬੰਧਤ ਹਨ। ਹੁਣ ਤੱਕ ਕੋਰੋਨਾ ਵਾਇਰਸ ਦੇ 3870 ਪਾਜ਼ੇਟਿਵ ਮਰੀਜ਼ ਆ ਚੁੱਕੇ ਹਨ। ਇਨ੍ਹਾਂ ਵਿਚੋਂ 122 ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 505 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲਿਆਂ ਦੇ ਰਹਿਣ ਵਾਲੇ ਹਨ ਅਤੇ ਇਨ੍ਹਾਂ ਵਿਚੋਂ 51 ਦੀ ਮੌਤ ਹੋ ਚੁੱਕੀ ਹੈ। ਮਰੀਜ਼ਾਂ ਦੀ ਗਿਣਤੀ ਵਧਣ ਦੇ ਨਾਲ ਹੀ ਹਸਪਤਾਲਾਂ ਵਿਚ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਜੇਕਰ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜਿਸ ਸਬੰਧੀ ਜ਼ਿਲਾ ਪ੍ਰਸ਼ਾਸਨ ਨੇ ਅੱਜ ਹਸਪਤਾਲ ਪ੍ਰਬੰਧਕਾਂ ਨਾਲ ਮੀਟਿੰਗ ਵੀ ਕੀਤੀ ਹੈ।

2650 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ

ਮਰੀਜ਼ਾਂ ਦੀ ਵਧਦੀ ਭੀੜ ਕਾਰਨ ਸੈਂਪਲਾਂ ਦੀ ਰਿਪੋਰਟ ਆਉਣ ਵਿਚ ਦੇਰ ਹੋ ਰਹੀ ਹੈ। 2650 ਸੈਂਪਲਾਂ ਦੀ ਰਿਪੋਰਟ ਅਜੇ ਬਕਾਇਆ ਹੈ। ਸਿਵਲ ਸਰਜ਼ਨ ਡਾ.ਰਾਜੇਸ਼ ਬੱਗਾ ਨੇ ਦੱਸਿਆ ਕਿ ਹੁਣ ਤੱਕ ਕੁਲ 66,551 ਸੈਂਪਲ ਲਏ ਗਏ ਹਨ ਜਿਨ੍ਹਾਂ ਵਿਚੋਂ 63,901 ਸੈਂਪਲਾਂ ਦੀ ਰਿਪੋਰਟ ਮਿਲੀ ਹੈ। ਇਨ੍ਹਾਂ ਵਿਚੋਂ 59,526 ਸੈਂਪਲ ਨੈਗੇਟਿਵ ਆਏ ਹਨ।

352 ਲੋਕਾਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ

ਸਿਵਲ ਸਰਜ਼ਨ ਨੇ ਦੱਸਿਆ ਕਿ ਅੱਜ 352 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ ਹੈ। ਜ਼ਿਲੇ ਵਿਚ ਹੁਣ ਤੱਕ 23,112 ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ਿਵਚ ਇਕਾਂਤਵਾਸ ਵਿਚ ਰੱਖਿਆ ਗਿਆ ਹੈ, ਜਦੋਂਕਿ ਮੌਜੂਦਾ ਸਮੇਂ ਵਿਚ 4450 ਹੋਮ ਆਈਸੋਲੇਸ਼ਨ ਵਿਚ ਹਨ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਇਹ ਯਕੀਨੀ ਬਣਾਉਣ ਦਾ ਯਤਨ ਕਰਦੇ ਹਨ ਕਿ ਜਦੋਂ ਵੀ ਕਿਸੇ ਵਿਅਕਤੀ ਨੂੰ ਕੋਵਿਡ ਜਾਂ ਸ਼ੱਕੀ ਪਾਇਆ ਜਾਂਦਾ ਹੈ ਤਾਂ ਉਸ ਦੇ ਸੈਂਪਲ ਤੁਰੰਤ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਨਮੂਨਿਆਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿਚ ਹੈ।749 ਸੈਂਪਲ ਜਾਂਚ ਲਈ ਭੇਜੇਜ਼ਿਲਾ ਸਿਹਤ ਵਿਭਾਗ ਨੇ ਅੱਜ 749 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਆਉਣ ਦੀ ਉਮੀਦ ਹੈ।

ਮ੍ਰਿਤਕ ਮਰੀਜ਼ਾਂ ਦਾ ਬਿਓਰਾ : ਗੋਪਾਲ ਸਿੰਘ (69) ਨਿਵਾਸੀ ਹਬੀਬ ਰੋਡ ਸੀ.ਐੱਮ.ਸੀ. ਹਸਪਤਾਲ ਵਿਚ ਭਰਤੀ ਸੀ।ਕੁਲਦੀਪ (6 0) ਨਿਊ ਕਰਤਾਰ ਨਗਰ ਦੀਪ ਹਸਪਤਾਲ ਵਿਚ ਭਰਤੀ ਸੀ।ਸ਼ੀਲਾ (70) ਨਿਵਾਸੀ ਦੁਰਗਾਪੁਰੀ, ਹੈਬੋਵਾਲ ਕਲਾਂ ਸਿਵਲ ਲਾਈਨ ਹਸਪਤਾਲ ਤੋਂ ਰਜਿੰਦਰਾ ਹਸਪਤਾਲ ਪਟਿਆਲਾ ਵਿਚ 2 ਅਗਸਤ ਤੋਂ ਰੈਫਰ ਕੀਤੀ ਗਈ ਸੀ। ਅੱਜ ਉਸ ਦੀ ਮੌਤ ਹੋ ਗਈ।ਰਾਜ ਸਿੰਘ ਨਿਵਾਸੀ ਬਸਤੀ ਜੋਧੇਵਾਲ ਸਿਵਲ ਹਸਪਤਾਲ ਤੋਂ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ ਸੀ ਜਿੱਥੇ ਅੱਜ ਉਸ ਦੀ ਮੌਤ ਹੋ ਗਈ।ਸੰਗੀਤਾ ਦੇਵੀ (27) ਨਿਵਾਸੀ ਗਿਆਸਪੁਰਾ ਪੀ.ਜੀ. ਆਈ. ਚੰਡੀਗੜ੍ਹ ਵਿਚ ਭਰਤੀ ਸੀ।ਕਾਂਤਾ ਦੇਵੀ (66) ਹਰ ਕਰਤਾਰ ਕਾਲੋਨੀ ਦੀ ਰਹਿਣ ਵਾਲੀ ਸੀ ਅਤੇ ਐੱਸ.ਪੀ.ਐੱਸ. ਹਸਪਤਾਲ ਵਿਚ ਭਰਤੀ ਸੀ ਜਿੱਥੇ ਅੱਜ ਉਸ ਦੀ ਮੌਤ ਹੋ ਗਈ।


Bharat Thapa

Content Editor

Related News