ਸੂਬੇ ਦੇ 61 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੋੜਿਆ ਜਾਵੇਗਾ : ਸੋਨੀ
Saturday, Jan 01, 2022 - 11:25 PM (IST)
ਅੰਮ੍ਰਿਤਸਰ (ਦਲਜੀਤ ਸ਼ਰਮਾ)-ਪੰਜਾਬ ਸਰਕਾਰ ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਿਹਤ ਵਿਭਾਗ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ’ਚ ਇਸ ਲਹਿਰ ਨਾਲ ਨਜਿੱਠਣ ਲਈ ਮੁਕੰਮਲ ਪ੍ਰਬੰਧ ਕੀਤੇ ਹੋਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਸੋਨੀ ਨੇ ਦੱਸਿਆ ਕਿ ਸੂਬੇ ਦੇ 61 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ 40 ਲੱਖ ਪਰਿਵਾਰਾਂ ਅਤੇ 6 ਲੱਖ ਮੁਲਾਜ਼ਮਾਂ ਨੂੰ ਇਸ ਨਾਲ ਜੋੜਿਆ ਗਿਆ ਸੀ ਅਤੇ ਹੁਣ ਬਾਕੀ ਰਹਿੰਦੇ 15 ਲੱਖ ਪਰਿਵਾਰਾਂ ਨੂੰ ਵੀ ਇਸ ਯੋਜਨਾ ਨਾਲ ਜੋੜਨ ਦਾ ਨੋਟਿਸ ਜਾਰੀ ਹੋ ਚੁੱਕਾ ਹੈ, ਜਿਸ ਨਾਲ ਪੰਜਾਬ ’ਚ ਰਹਿਣ ਵਾਲਾ ਹਰੇਕ ਵਿਅਕਤੀ 5 ਲੱਖ ਰੁਪਏ ਤੱਕ ਦਾ ਆਪਣਾ ਮੁਫ਼ਤ ਇਲਾਜ ਸਰਕਾਰੀ ਜਾਂ ਪੰਜੀਕ੍ਰਿਤ ਗੈਰ- ਸਰਕਾਰੀ ਹਸਪਤਾਲਾਂ ਤੋਂ ਕਰਵਾ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ’ਤੇ 1200 ਕਰੋੜ ਰੁਪਏ ਖਰਚ ਆਉਣਗੇ।
ਇਹ ਵੀ ਪੜ੍ਹੋ : ਨੌਜਵਾਨਾਂ ਨੂੰ ਲੈ ਕੇ CM ਚੰਨੀ 4 ਜਨਵਰੀ ਨੂੰ ਕਰਨਗੇ ਵੱਡਾ ਐਲਾਨ
ਸੋਨੀ ਨੇ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਨਾਲ ਨਿਪਟਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਘਰ ਘਰ ਜਾ ਕੇ ਲੋਕਾਂ ਨੂੰ ਕੋਰੋਨਾ ਟੀਕੇ ਦੀ ਦੂਜੀ ਡੋਜ਼ ਲਗਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 85 ਫੀਸਦੀ ਤੋਂ ਜ਼ਿਆਦਾ ਲੋਕਾਂ ਨੇ ਕੋਰੋਨਾ ਦੀ ਪਹਿਲੀ ਡੋਜ਼ ਅਤੇ 46 ਫੀਸਦੀ ਤੋਂ ਜ਼ਿਆਦਾ ਕੋਰੋਨਾ ਦੀ ਦੂਜੀ ਡੋਜ਼ ਲੈ ਲਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ’ਚ 100 ਫੀਸਦੀ ਲੋਕਾਂ ਨੂੰ ਕੋਰੋਨਾ ਦੀ ਡੋਜ਼ ਦੇਣ ਲਈ ਸਿਹਤ ਵਿਭਾਗ ਘਰ ਘਰ ਦਸਤਕ ਦੇ ਰਿਹਾ ਹੈ ਤਾਂ ਜੋ ਕੋਰੋਨਾ ਦੀ ਤੀਜੀ ਲਹਿਰ ਨਾਲ ਨਿਪਟਿਆ ਜਾ ਸਕੇ। ਸੋਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੁਦ ਦੂਜੀ ਡੋਜ਼ ਲਗਵਾਉਣ ਲਈ ਅੱਗੇ ਆਉਣ ਤਾਂ ਜੋ ਇਸ ਬੀਮਾਰੀ ’ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ। ਸੋਨੀ ਨੇ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਰੋਨਾ ਦੌਰਾਨ ਤੁਹਾਡੀਆਂ ਸੇਵਾਵਾਂ ਸ਼ਲਾਘਾਯੋਗ ਰਹੀਆਂ ਹਨ ਅਤੇ ਕੋਰੋਨਾ ਦੀ ਪਹਿਲੀ ਅਤੇ ਦੂਜੀ ਲੜਾਈ ਤੁਹਾਡੇ ਸਹਿਯੋਗ ਨਾਲ ਜਿੱਤੀ ਜਾ ਸਕੀ ਹੈ। ਸੋਨੀ ਨੇ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸਰਕਾਰ ਵਲੋਂ ਬੈਨ ਕੀਤੀਆਂ ਦਵਾਈਆਂ ਨੂੰ ਨਾ ਵੇਚਿਆ ਜਾਵੇ ਅਤੇ ਡਾਕਟਰ ਦੀ ਪਰਚੀ ਤੋਂ ਬਿਨਾਂ ਦਵਾਈਆਂ ਨਾ ਦਿੱਤੀਆਂ ਜਾਣ। ਉਪ ਮੁੱਖ ਮੰਤਰੀ ਨੇ ਕਿਹਾ ਕਿ ਮੇਰੇ ਘਰ ਦੇ ਦਰਵਾਜ਼ੇ ਤੁਹਾਡੇ ਲਈ 24 ਘੰਟੇ ਖੁੱਲ੍ਹੇ ਹਨ। ਉਨ੍ਹਾਂ ਦੱਸਿਆ ਕਿ ਉਦਯੋਗਪਤੀਆਂ ਅਤੇ ਮੈਡੀਕਲ ਇੰਡਸਟਰੀ ਵਾਲਿਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵਪਾਰੀਆਂ ਵਿਰੁੱਧ ਵੈਟ ਨਾਲ ਸਬੰਧਤ 40 ਹਜ਼ਾਰ ਕੇਸ ਵਾਪਿਸ ਲੈ ਲਏ ਹਨ, ਜਿਸ ਨਾਲ ਵਪਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ : CM ਚੰਨੀ ਦੇ ਰਾਜਪਾਲ ’ਤੇ ਵੱਡੇ ਇਲਜ਼ਾਮ, ਕਿਹਾ-ਸਿਆਸੀ ਕਾਰਨਾਂ ਕਰਕੇ ਰੋਕੀ ਠੇਕਾ ਆਧਾਰਿਤ ਮੁਲਾਜ਼ਮਾਂ ਦੀ ਫਾਈਲ
ਸੋਨੀ ਨੇ ਕਿਹਾ ਕਿ ਸਾਡੀ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 7 ਕਿਲੋਵਾਟ ਤੱਕ ਤਿੰਨ ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਤੇ ਇਸ ਦੇ ਨਾਲ ਹੀ 2 ਕਿਲੋਵਾਟ ਤੱਕ ਦੇ ਲੋਡ ਵਾਲਿਆਂ ਦੇ ਸਾਰੇ ਬਕਾਏ ਮਾਫ਼ ਕਰ ਦਿੱਤੇ ਗਏ ਹਨ। ਇਸ ਮੌਕੇ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਵਿਸ਼ਵਾਸ ਦਿਵਾਇਆ ਕਿ ਉਹ ਖੁਦ ਨਸ਼ਿਆਂ ਦੇ ਖਿਲਾਫ਼ ਹਨ ਅਤੇ ਮਾਰਕੀਟ ’ਚ ਕਿਸੇ ਨੂੰ ਵੀ ਨਸ਼ਿਆਂ ਵਾਲੀਆਂ ਦਵਾਈਆਂ ਨਹੀਂ ਵੇਚਣ ਦਿੱਤੀਆਂ ਜਾਣਗੀਆਂ। ਇਸ ਮੌਕੇ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਵੱਲੋਂ ਸੋਨੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਰੁਣ ਪੱਪਲ, ਕੌਂਸਲਰ ਵਿਕਾਸ ਸੋਨੀ, ਕੌਂਸਲਰ ਮਤੀ ਰਾਜਬੀਰ ਕੌਰ, ਸਿਵਲ ਸਰਜਨ ਡਾ. ਚਰਨਜੀਤ ਸਿੰਘ, ਪੰਜਾਬ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਤੋਂ ਇਲਾਵਾ ਵੱਡੀ ਗਿਣਤੀ ’ਚ ਕੈਮਿਸਟ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।