ਡੀ. ਸੀ. ਵੱਲੋਂ  ਜ਼ਿਲੇ ''ਚ 63 ਕਾਰਜਕਾਰੀ ਮੈਜਿਸਟ੍ਰੇਟ ਤਾਇਨਾਤ

08/24/2017 9:44:59 AM


ਪਟਿਆਲਾ,  (ਜੋਸਨ, ਬਲਜਿੰਦਰ)-ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪਟਿਆਲਾ ਜ਼ਿਲੇ ਵਿਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟ੍ਰੇਟ ਕੁਮਾਰ ਅਮਿਤ ਨੇ ਜ਼ਿਲੇ ਵਿਚ 63 ਕਾਰਜਕਾਰੀ ਮੈਜਿਸਟ੍ਰੇਟ ਨਿਯੁਕਤ ਕਰ ਕੇ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ 'ਚ ਤਾਇਨਾਤ ਕਰ ਦਿੱਤਾ ਹੈ। ਜ਼ਿਲੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਅੱਜ ਮਿੰਨੀ ਸਕੱਤਰੇਤ ਵਿਖੇ ਜ਼ਿਲਾ ਪੁਲਸ ਮੁਖੀ ਨਾਲ ਕੀਤੀ ਸਾਂਝੀ ਮੀਟਿੰਗ ਦੌਰਾਨ ਇਨ੍ਹਾਂ ਕਾਰਜਕਾਰੀ ਮੈਜਿਸਟ੍ਰੇਟਾਂ ਨੂੰ ਹਾਲਾਤ ਨਾਲ ਨਜਿੱਠਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਮੀਟਿੰਗ ਵਿਚ ਹਾਜ਼ਰ ਇਨ੍ਹਾਂ ਕਾਰਜਕਾਰੀ ਮੈਜਿਸਟ੍ਰੇਟਾਂ ਨੂੰ ਕਿਹਾ ਕਿ ਪੁਲਸ ਅਧਿਕਾਰੀਆਂ ਨਾਲ ਤੁਰੰਤ ਰਾਬਤਾ ਕਾਇਮ ਕਰ ਕੇ ਆਪੋ-ਆਪਣੇ ਖੇਤਰਾਂ ਦਾ ਤੁਰੰਤ ਦੌਰਾ ਕਰਨ। ਸਥਿਤੀ 'ਤੇ ਤਿੱਖੀ ਨਜ਼ਰ ਰੱਖੀ ਜਾਵੇ। ਜ਼ਿਲੇ ਵਿਚ ਦਫ਼ਾ 144 ਲੱਗੀ ਹੋਣ ਕਾਰਨ ਕਿਤੇ ਵੀ 5 ਵਿਅਕਤੀਆਂ ਤੋਂ ਵੱਧ ਇਕੱਠੇ ਨਾ ਹੋਣ ਦੇਣ। ਨਾ ਹੀ ਕਿਸੇ ਨੂੰ ਹਥਿਆਰ ਲੈ ਕੇ ਚੱਲਣ ਦੀ ਇਜਾਜ਼ਤ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਫੌਜ ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਤਾਲਮੇਲ ਕੀਤਾ ਗਿਆ ਹੈ। ਉਨ੍ਹਾਂ ਨੂੰ ਲੋੜ ਪੈਣ ਦੀ ਸੂਰਤ ਵਿਚ ਤਿਆਰ ਰਹਿਣ ਲਈ ਕਿਹਾ ਗਿਆ ਹੈ। ਇਨ੍ਹਾਂ ਕਾਰਜਕਾਰੀ ਮੈਜਿਸਟ੍ਰੇਟਾਂ ਦੇ ਵਾਹਨਾਂ ਵਿਚ ਵਾਇਰਲੈੱਸ ਸੈੱਟ ਲਾਏ ਜਾਣਗੇ ਤਾਂ ਕਿ ਦੂਸਰੇ ਸੰਚਾਰ ਸਾਧਨਾਂ 'ਚ ਇਹ ਸਿਵਲ ਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਿੱਧਾ ਸੰਪਰਕ ਰੱਖ ਸਕਣ।  ਉਨ੍ਹਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਕੋਈ ਵੀ ਸਟੇਸ਼ਨ ਨਹੀਂ ਛੱਡ ਸਕੇਗਾ। ਉਨ੍ਹਾਂ ਮੀਟਿੰਗ ਵਿਚ ਹਾਜ਼ਰ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਜ਼ਿਲੇ ਤੇ ਸਬ-ਡਵੀਜ਼ਨ ਪੱਧਰ 'ਤੇ ਵਿਸ਼ੇਸ਼ ਮੈਡੀਕਲ ਟੀਮਾਂ ਦਾ ਗਠਨ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਸਰਜਨ ਦੇ ਦਫ਼ਤਰ ਅਤੇ ਸਮੂਹ ਸਬ-ਡਵੀਜ਼ਨ ਮੈਜਿਸਟ੍ਰੇਟਾਂ ਦੇ ਦਫ਼ਤਰਾਂ ਵਿਚ ਵਾਇਰਲੈੱਸ ਸੈੱਟ ਲਾਏ ਜਾਣਗੇ ਤਾਂ ਕਿ ਇਹ ਸਥਿਤੀ 'ਤੇ ਪੂਰੀ ਨਜ਼ਰ ਰੱਖ ਸਕਣ। 
ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਰੈੱਡ ਕਰਾਸ, ਫਾਇਰ ਬ੍ਰਿਗੇਡ ਤੇ ਰਿਕਵਰੀ ਵੈਨਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਏ. ਡੀ. ਸੀ. ਜਨਰਲ ਪੂਨਮਦੀਪ ਕੌਰ, ਏ. ਡੀ. ਸੀ. ਵਿਕਾਸ ਸ਼ੌਕਤ ਅਹਿਮਦ ਪਰੇ ਤੇ ਈ. ਟੀ. ਸੀ. ਪਰਨੀਤ ਸ਼ੇਰਗਿੱਲ ਨੂੰ ਫਾਇਰ ਬ੍ਰਿਗੇਡ ਤੇ ਮੈਡੀਕਲ ਸਹਾਇਤਾ ਦੇ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਜ਼ਿਲੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵਟਸਐਪ ਜਾਂ ਫੋਨ ਰਾਹੀਂ ਕਿਸੇ ਵੀ ਤਰ੍ਹਾਂ ਦੀ ਅਫਵਾਹ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕਰਨ। ਜ਼ਿਲੇ ਵਿਚ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਾ ਬਣਾਈ ਰੱਖਣ ਵਿਚ ਸਹਿਯੋਗ ਦੇਣ। ਡਿਪਟੀ ਕਮਿਸ਼ਨਰ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਮੌਜੂਦਾ ਹਾਲਾਤ ਦੇ ਸੰਦਰਭ ਵਿਚ ਉਹ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਤੱਥਾਂ ਦੀ ਪੁਸ਼ਟੀ ਕਰ ਕੇ ਹੀ ਕੋਈ ਖਬਰ ਪ੍ਰਕਾਸ਼ਿਤ ਕਰਨ।ਮੀਟਿੰਗ ਵਿਚ ਹਾਜ਼ਰ ਜ਼ਿਲਾ ਮੁਖੀ ਡਾ. ਐੱਸ. ਭੂਪਤੀ ਨੇ ਸਿਵਲ ਤੇ ਪੁਲਸ ਦੇ ਅਧਿਕਾਰੀਆਂ ਨੂੰ ਇਸ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਇੱਕ ਟੀਮ ਦੇ ਤੌਰ 'ਤੇ ਕੰਮ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਜ਼ਿਲੇ ਵਿਚ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਲੇ ਵਿਚ ਵੱਡੀ ਗਿਣਤੀ 'ਚ ਅਰਧ-ਸੁਰੱਖਿਆ ਬਲ ਤੇ ਪੁਲਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇ ਅਫਵਾਹ ਫੈਲਾਉਣ ਦਾ ਕੋਈ ਮਾਮਲਾ ਸਾਹਮਣੇ ਆਇਆ ਤਾਂ ਉਸ ਖਿਲਾਫ਼ ਆਈ. ਟੀ. ਐਕਟ ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਅੱਜ ਡਿਪਟੀ ਕਮਿਸ਼ਨਰ ਤੇ ਜ਼ਿਲਾ ਪੁਲਸ ਮੁਖੀ ਵੱਲੋਂ ਜ਼ਿਲੇ ਦੇ ਨਾਜ਼ੁਕ ਸਥਾਨਾਂ ਦਾ ਦੌਰਾ ਵੀ ਕੀਤਾ ਗਿਆ। ਡੇਰਾ ਸੱਚਾ ਸੌਦਾ ਦੇ ਨਾਮ-ਚਰਚਾ ਘਰਾਂ ਵਿਚ ਜਾ ਕੇ ਉਥੇ ਪੁੱਜੇ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਪ੍ਰੇਰਿਤ ਵੀ ਕੀਤਾ ਗਿਆ।


Related News