ਹੁਸ਼ਿਆਰਪੁਰ ਜ਼ਿਲ੍ਹੇ ''ਚ ਕੋਰੋਨਾਗ੍ਰਸਤ 65 ਸਾਲਾ ਔਰਤ ਦੀ ਮੌਤ, 119 ਨਵੇਂ ਕੇਸ

03/07/2021 12:12:59 AM

ਹੁਸ਼ਿਆਰਪੁਰ,(ਘੁੰਮਣ)- ਜ਼ਿਲ੍ਹੇ ਵਿਚ ਪਿਛਲੇ 24 ਘੰਟਿਆਂ ਦੌਰਾਨ ਇਕ ਕੋਰੋਨਾਗ੍ਰਸਤ ਔਰਤ ਦੀ ਮੌਤ ਹੋ ਗਈ। 65 ਸਾਲਾ ਔਰਤ ਵਾਸੀ ਪਿੰਡ ਤਲਵੰਡੀ ਡਡੀਆਂ ਨੇ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਦਮ ਤੋੜਿਆ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈ 6728 ਸੈਂਪਲਾਂ ਦੀ ਰਿਪੋਰਟ ਵਿਚ 119 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 7 ਹੁਸ਼ਿਆਰਪੁਰ ਦੇ ਸ਼ਹਿਰੀ ਇਲਾਕੇ ਅਤੇ 112 ਹੋਰ ਸਿਹਤ ਕੇਂਦਰਾਂ ਨਾਲ ਸਬੰਧਤ ਹਨ। ਇਸਦੇ ਨਾਲ ਹੀ ਜ਼ਿਲ੍ਹੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 9036 ਹੋ ਗਈ ਹੈ ਅਤੇ ਮ੍ਰਿਤਕਾਂ ਦੀ ਸੰਖਿਆ 380 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਹੁਣ ਤੱਕ ਲਏ ਗਏ 3,26,309 ਸੈਂਪਲਾਂ ਵਿਚੋਂ 3,15,140 ਦੀ ਰਿਪੋਰਟ ਨੈਗੇਟਿਵ ਆਈ ਹੈ, 3816 ਸੈਂਪਲਾਂ ਦੀ ਰਿਪੋਰਟ ਦਾ ਅਜੇ ਇੰਤਜ਼ਾਰ ਹੈ ਅਤੇ 8339 ਮਰੀਜ਼ ਹੁਣ ਤੱਕ ਰਿਕਵਰ ਕਰ ਚੁੱਕੇ ਹਨ। ਜਦਕਿ ਐਕਟਿਵ ਕੇਸਾਂ ਦੀ ਗਿਣਤੀ 601 ਹੈ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ 2771 ਵਿਅਕਤੀਆਂ ਦੇ ਨਵੇਂ ਸੈਂਪਲ ਲਏ ਗਏ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਨਾਉਣ ਦੀ ਅਪੀਲ ਕੀਤੀ।
 


Bharat Thapa

Content Editor

Related News