ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ ਵੰਡੇ ਜਾ ਚੁੱਕੇ ਹਨ 7 ਕਰੋੜ ਰੁਪਏ : ਡਾ. ਬਲਜੀਤ ਕੌਰ
Monday, Feb 17, 2025 - 09:00 PM (IST)

ਚੰਡੀਗੜ੍ਹ - ਪੰਜਾਬ ਸਰਕਾਰ ਵਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ ਅਤੇ ਮੌਜੂਦਾ ਸਮੇਂ ਸੂਬੇ ਵਿੱਚ, 4000 ਦੇ ਕਰੀਬ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਅਧੀਨ ਲਾਭ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਅੱਜ ਮਿਮਿਟ ਕਾਲਜ ਮਲੋਟ ਵਿਖੇ ਮਿਲਣੀ ਦੌਰਾਨ ਕੀਤਾ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਬਾਲ ਅਧਿਕਾਰਾਂ ਅਤੇ ਰੱਖਿਆ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਸਪਾਂਸਰਸ਼ਿਪ ਸਕੀਮ ਅਧੀਨ ਵਿੱਤੀ ਸਹਾਇਤਾ ਦੇਣ ਦਾ ਉਪਬੰਧ ਹੈ ਤਾਂ ਜੋ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਨਾਲ ਸਬੰਧ ਰੱਖਣ ਵਾਲੇ ਪਰਿਵਾਰਾਂ ਦੇ ਬੱਚਿਆ ਨੂੰ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਜੋ ਬੱਚੇ ਨੂੰ ਇੱਕ ਪਰਿਵਾਰ ਵਿੱਚ ਬਣੇ ਰਹਿਣ ਅਤੇ ਉਸਦੀ ਸਿੱਖਿਆ ਜਾਰੀ ਰੱਖਣ ਦੇ ਯੋਗ ਬਣਾਇਆ ਜਾ ਸਕੇ। ਇਸ ਸਕੀਮ ਤਹਿਤ ਬੱਚਿਆਂ ਨੂੰ 18 ਸਾਲ ਦੀ ਉਮਰ ਤੱਕ, 4000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਸਪਾਂਸਰਸ਼ਿਪ ਸਕੀਮ ਅਧੀਨ ਉਨ੍ਹਾਂ ਪਰਿਵਾਰਾਂ ਨੂੰ ਲਾਭ ਦਿੱਤਾ ਜਾਂਦਾ ਹੈ ਜਿਨ੍ਹਾਂ ਦੀ ਸਲਾਨਾ ਆਮਦਨ ਸ਼ਹਿਰੀ ਖੇਤਰ ਵਿੱਚ 92000 ਰੁਪਏ ਤੱਕ ਹੈ ਅਤੇ ਪੇਂਡੂ ਖੇਤਰਾਂ ਦੇ ਪਰਿਵਾਰ ਦੀ ਸਲਾਨਾ ਆਮਦਨ 72000 ਰੁ ਤੱਕ ਹੈ। ਜੇਕਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਵਿੱਚ ਬੱਚੇ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ ਲੈਣਾ ਹੈ ਤਾਂ ਉਸ ਸਕੀਮ ਸਬੰਧੀ, ਯੋਗਤਾਵਾਂ, ਆਦਿ ਸਬੰਧੀ ਸੂਚਨਾ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜਾਂ ਬਾਲ ਭਲਾਈ ਕਮੇਟੀ ਤੋਂ ਪ੍ਰਾਪਤ ਕਰ ਕੇ, ਅਰਜ਼ੀ ਦੇ ਸਕਦਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਭੀਖ ਮੰਗਣ ਦੇ ਸਮਾਜਿਕ ਖ਼ਤਰੇ ਦਾ ਮੁਕਾਬਲਾ ਕਰਨ ਲਈ ਇੱਕ ਨਿਰੰਤਰ ਯਤਨ ਰਾਹੀਂ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭੀਖ ਮੰਗਣ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਰਾਜ ਵਿੱਚ ਪ੍ਰੋਜੈਕਟ ਜੀਵਨਜੋਤ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਅਧੀਨ ਬਾਲ ਭਿੱਖਿਆ ਵਿੱਚ ਸ਼ਾਮਲ ਬੱਚਿਆਂ ਨੂੰ ਰੈਸਕਿਊ ਅਤੇ ਮੁੜ ਵਸੇਬੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਮਹੀਨੇ ਦੇ ਹਰ ਦੂਜੇ ਹਫਤੇ ਇਹ ਮੁਹਿੰਮ ਚਲਾਈ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਹੀਨਾ ਜੁਲਾਈ ਤੋਂ ਹੁਣ ਤੱਕ ਕੁੱਲ 268 ਬੱਚੇ ਰੈਸਕਿਊ ਕੀਤੇ ਗਏ ਹਨ। ਜਿਨ੍ਹਾਂ ਵਿੱਚੋਂ 19 ਬੱਚਿਆਂ ਦਾ ਕੋਈ ਆਸਰਾ ਨਾਂ ਹੋਣ ਕਰਕੇ ਸੂਬੇ ਵਿੱਚ ਚਲਾਏ ਜਾ ਰਹੇ ਬਾਲ ਘਰਾਂ ਵਿੱਚ ਭੇਜਿਆ ਗਿਆ ਹੈ। ਇਨ੍ਹਾਂ ਬਾਲ ਘਰਾਂ ਵਿੱਚ ਬੱਚਿਆਂ ਨੂੰ ਪੜਾਈ, ਖਾਣਾ, ਸਿਹਤ ਸਹੂਲਤਾਂ, ਆਦਿ ਦਿੱਤੀਆਂ ਜਾ ਰਹੀਆਂ ਹਨ। ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਰਾਹੀਂ ਓਨ੍ਹਾਂ ਦੇ ਮਾਪਿਆਂ ਨੂੰ ਸਪੁਰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ 18 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ, 119 ਬੱਚਿਆਂ ਨੂੰ ਸਕੂਲ ਵਿੱਚ ਦਾਖਲਾ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਜਲਦ ਹੀ ਬੇਸਹਾਰਾ ਬੱਚਿਆਂ ਲਈ 2 ਨਵੇਂ ਹੋਮ ਗੁਰਦਾਸਪੁਰ ਅਤੇ ਮਲੇਰਕੋਟਲਾ ਵਿੱਚ ਬਣਾਉਣ ਜਾ ਰਹੀ ਹੈ ਅਤੇ ਅਗਲੇ ਵਿੱਤੀ ਸਾਲ ਦੌਰਾਨ ਇਹਨਾਂ ਪ੍ਰੋਜੈਕਟਾਂ ਨੂੰ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਬੇਸਹਾਰਾ ਬੱਚਿਆਂ ਨੂੰ ਘਰ ਦਾ ਮਾਹੋਲ ਦੇਣ ਲਈ ਸਰਕਾਰ ਵੱਲੋ 16 ਅਡਾਪਸ਼ਨ ਏਜੰਸੀਆਂ ਸਥਾਪਿਤ ਕੀਤੀਆਂ ਗਈਆਂ ਹਨ।
ਕੈਬਨਿਟ ਮੰਤਰੀ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਨਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ ਪੰਜਾਬ ਵਿੱਚ ਚਾਰ ਹਜ਼ਾਰ ਅਜਿਹੇ ਬੱਚਿਆ ਦੀ ਭਾਲ ਕੀਤੀ ਗਈ ਹੈ, ਜਿਹੜੇ ਕਿਸੇ ਮਜਬੂਰੀ ਕਾਰਣ ਹੋਟਲਾ, ਢਾਬਿਆਂ,ਸੜਕਾਂ ਤੇ ਭੀਖ ਮੰਗਦੇ ਪਾਏ ਗਏ ਹਨ ਜਾਂ ਅਜਿਹੇ ਬੱਚੇ ਜਿਹਨਾਂ ਦੇ ਮਾਂ-ਬਾਪ ਗਰੀਬੀ ਕਾਰਨ ਪੜ੍ਹਾਈ ਨਹੀਂ ਕਰ ਪਾ ਰਹੇ ਸਨ, ਉਨ੍ਹਾਂ ਨੂੰ ਇਸ ਸਕੀਮ ਅਧੀਨ ਲਿਆਂਦਾ ਗਿਆ ਹੈ।
ਇਸ ਮੌਕੇ ਤੇ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ ਵੱਲੋਂ ਲੋੜਵੰਦ ਤੇ ਸਾਂਭ ਸੰਭਾਲ ਅਤੇ ਜ਼ਰੂਰਤਮੰਦ ਬੱਚਿਆਂ ਨੂੰ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ ਜ਼ਿਲ੍ਹੇ ਦੇ 689 ਬੱਚਿਆਂ ਨੂੰ 1 ਕਰੋੜ 9 ਲੱਖ 4 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ,ਪਤਵੰਤੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਲੋੜਵੰਦ ਬੱਚੇ ਆਉਣ ਤਾਂ ਉਨ੍ਹਾਂ ਦੀ ਜਰੂਰ ਮੱਦਦ ਕੀਤੀ ਜਾਵੇ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਭੀਖ ਮੰਗਵਾਉਣ ਜਾਂ ਕੰਮ ਕਰਵਾਉਣ ਦੀ ਥਾਂ ਤੇ ਉਨ੍ਹਾਂ ਨੂੰ ਸਕੂਲ ਵਿੱਚ ਜ਼ਰੂਰ ਪੜ੍ਹਾਈ ਕਰਵਾਉਣ ਤਾਂ ਜੋ ਇਹ ਬੱਚੇ ਪੜ੍ਹ ਲਿਖ ਕੇ ਆਪਣੇ ਪੈਰਾ 'ਤੇ ਖੜ੍ਹੇ ਹੋ ਸਕਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਦੇਵ ਸਿੰਘ ਬਾਮ ਚੇਅਰਮੈਨ, ਪ੍ਰਿੰਸੀਪਲ ਜਸਕਰਨ ਸਿੰਘ ਭੁੱਲਰ, ਰਤਨਦੀਪ ਕੌਰ ਜ਼ਿਲ੍ਹਾ ਪ੍ਰੋਜੈਕਟ ਅਫਸਰ, ਡਾ. ਸਿਵਾਨੀ ਨਾਗਪਾਲ ਤਹਿਸੀਲਦਾਰ ਅੰਜੂ ਬਾਲਾ ਸਿਮਰਨਜੀਤ ਸਿੰਘ ਬਲਾਕ ਪ੍ਰਧਾਨ, ਗਗਨਦੀਪ ਸਿੰਘ ਔਲਖ ਬਲਾਕ ਪ੍ਰਧਾਨ ਲਾਭ ਬੱਤਰਾ ਪ੍ਰਧਾਨ ਟਰੱਕ ਯੂਨੀਅਨ, ਮੀਕਾ ਈਨਾ ਖੇੜਾ, ਅਮਰੀਕ ਸਿੰਘ ਭੁੱਲਰ, ਗੁਰਮੀਤ ਸਿੰਘ ਵਿਰਦੀ, ਗੁਰਪ੍ਰੀਤ ਸਿੰਘ ਸਰਾਂ ਵਿਰਕ ਖੇੜਾ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਸਟੇਜ਼ ਸਕੱਤਰ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।