ਫਿਰੋਜ਼ਪੁਰ 'ਚ ਸ਼ੱਕੀ ਹਾਲਾਤ 'ਚ 7 ਮਹੀਨਿਆਂ ਦੀ ਗਰਭਵਤੀ ਨਵ-ਵਿਆਹੁਤਾ ਦੀ ਮੌਤ
Monday, Nov 28, 2022 - 04:34 PM (IST)
ਫਿਰੋਜ਼ਪੁਰ (ਸੰਨੀ, ਕੁਮਾਰ) : ਫਿਰੋਜ਼ਪੁਰ ਦੇ ਪਿੰਡ ਗੱਟੀ ਰਾਜੋ ਕੇ 'ਚ ਭੇਦਭਰੇ ਹਾਲਾਤ 'ਚ ਨਵ-ਵਿਆਹੁਤਾ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸ ਦੇਈਏ ਕਿ ਮ੍ਰਿਤਕ ਕੁੜੀ 7 ਮਹੀਨਿਆਂ ਦੀ ਗਰਭਵਤੀ ਸੀ। ਮ੍ਰਿਤਕ ਕੁੜੀ ਦੇ ਪਰਿਵਾਰ ਵਾਲਿਆਂ ਨੇ ਸਹੁਰਾ ਪਰਿਵਾਰ 'ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ 'ਤੇ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਮੌਤ ਦੀ ਖ਼ਬਰ ਪਰਿਵਾਰ ਨੂੰ ਉਸ ਦੀ ਸਹੇਲੀ ਵੱਲੋਂ ਦਿੱਤੀ ਗਈ ਜਦਕਿ ਉਸ ਦੇ ਸਹੁਰਾ ਪਰਿਵਾਰ ਨੇ ਉਨ੍ਹਾਂ ਦੀ ਧੀ ਦੀ ਮੌਤ ਦੀ ਕੋਈ ਸੂਚਨਾ ਨਹੀਂ ਦਿੱਤੀ। ਮ੍ਰਿਤਕ ਕੁੜੀ ਦੀ ਪਛਾਣ ਰਾਜਵੰਤ ਕੌਰ ਵਜੋਂ ਹੋਈ ਹੈ। ਥਾਣਾ ਸਦਰ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦਾ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦੀ ਸ਼ਾਨਦਾਰ ਪਹਿਲ, ਟ੍ਰੈਫਿਕ ਵਿਭਾਗ ਦਾ ਹੋਵੇਗਾ ਆਪਣਾ ਇੰਜੀਨੀਅਰਿੰਗ ਵਿੰਗ
ਇਸ ਸਬੰਧੀ ਗੱਲ ਕਰਦਿਆਂ ਮ੍ਰਿਤਕ ਰਾਜਵੰਤ ਦੇ ਪੇਕੇ ਪਰਿਵਾਰ ਨੇ ਸਹੁਰਾ ਪਰਿਵਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਾਡੀ ਕੁੜੀ ਕੋਲੋਂ ਦਾਜ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਦੇ ਚੱਲਦਿਆਂ ਉਨ੍ਹਾਂ ਦੀ ਮੰਗ ਪੂਰੀ ਨਾ ਹੋਣ 'ਤੇ ਉਨ੍ਹਾਂ ਨੇ ਕੁੜੀ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਅੱਜ ਅਚਾਨਕ ਸਾਨੂੰ ਰਾਜਵੰਤ ਦੀ ਸਹੇਲੀ ਦੀ ਫੋਨ ਆਇਆ ਤਾਂ ਪਤਾ ਲੱਗਾ ਕਿ ਸਾਡੀ ਕੁੜੀ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਹੁਰਾ ਪਰਿਵਾਰ ਨੇ ਸਾਨੂੰ ਭਿਣਕ ਤੱਕ ਨਹੀਂ ਲੱਗਣ ਦਿੱਤੀ ਸਾਡੀ ਕੁੜੀ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਮ੍ਰਿਤਕ ਕੁੜੀ ਦੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਅਤੇ ਉਨ੍ਹਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਹੋਰ ਧੀ ਨਾਲ ਅਜਿਹਾ ਵਤੀਰਾ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ- ਮਜੀਠੀਆ ਨੇ ਲਈ CM 'ਤੇ ਚੁਟਕੀ, ਮਾਨ ਦੀ ਪੁਰਾਣੀ ਤਸਵੀਰ ਸਾਂਝੀ ਕਰ ਕਿਹਾ- ਮਿੱਤਰਾਂ ਨੂੰ ਸ਼ੌਂਕ ਹਥਿਆਰਾਂ ਦਾ
ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਦੇ ਐੱਸ. ਐੱਚ. ਓ. ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਦੇ ਡਾਕਟਰ ਵੱਲੋਂ ਇਲਾਜ ਦੌਰਾਨ ਲਾਏ ਗਏ ਟੀਕੇ ਕਾਰਨ 7 ਮਹੀਨਿਆਂ ਦੀ ਗਰਭਵਤੀ ਕੁੜੀ ਦੀ ਮੌਤ ਹੋ ਗਈ ਹੈ। ਉੱਥੇ ਹੀ ਪੇਕੇ ਪਰਿਵਾਰ ਵੱਲੋਂ ਸਹੁਰਿਆਂ 'ਤੇ ਦਾਜ ਮੰਗਣ ਦੇ ਦੋਸ਼ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।