7ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ 718 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ : DC

Friday, Sep 10, 2021 - 02:22 AM (IST)

7ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ 718 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ : DC

ਮੰਡੀ ਗੋਬਿੰਦਗੜ੍ਹ(ਸੁਰੇਸ਼,ਜਗਦੇਵ)- 7ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਲਾਏ ਮੇਲੇ ਦੌਰਾਨ ਵੱਖ-ਵੱਖ ਕੰਪਨੀਆਂ ਵੱਲੋਂ ਰੋਜ਼ਗਾਰ ਮੇਲੇ ’ਚ ਪੁੱਜੇ 1121 ਨੌਜਵਾਨਾਂ ’ਚੋਂ 718 ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਮੇਲੇ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨੇ ਰੋਜ਼ਗਾਰ ਪ੍ਰਾਪਤੀ ਲਈ ਪੁੱਜੇ ਨੌਜਵਾਨਾਂ ਤੇ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੇਲੇ ਸਬੰਧੀ ਰਜਿਸਟ੍ਰੇਸ਼ਨ, ਇੰਟਰਵਿਊ, ਸੂਚਨਾ ਕੇਂਦਰ, ਨੌਜਵਾਨਾਂ ਦੇ ਬੈਠਣ ਅਤੇ ਖਾਣ ਪੀਣ ਦੇ ਪੂਰੇ ਪ੍ਰਬੰਧ ਕੀਤੇ ਗਏ ਅਤੇ ਕਿਸੇ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ। ਕਈ ਵੱਡੀਆਂ ਨਾਮੀ ਕੰਪਨੀਆਂ ਸਣੇ ਲੋਕਲ ਕੰਪਨੀਆਂ ਨੇ ਸ਼ਿਰਕਤ ਕੀਤੀ ਅਤੇ ਨੌਜਵਾਨਾਂ ਦੀ ਚੋਣ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਰੋਜ਼ਗਾਰ ਵਿਭਾਗ ਵਲੋਂ ਸ਼ੁਰੂ ਕੀਤੇ ਘਰ-ਘਰ ਰੋਜ਼ਗਾਰ ਪੀ. ਜੀ. ਆਰ. ਕੈਮ. ਪੋਰਟਲ ਉਤੇ ਜ਼ਿਲਾ ਦੇ 39,413 ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਚੁੱਕੀ ਹੈ। ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਹੁਣ ਤੱਕ 199 ਰੋਜ਼ਗਾਰ ਮੇਲੇ ਤੇ ਪਲੇਸਮੈਂਟ ਕੈਂਪ ਲਗਾ ਕੇ 18,362 ਨੌਜਵਾਨਾਂ ਦੀ ਨਿੱਜੀ ਖੇਤਰ ਵਿਚ ਪਲੇਸਮੈਂਟ ਕਰਵਾਈ ਗਈ ਹੈ। ਵੱਖ-ਵੱਖ ਬੈਕਾਂ ਤੋਂ ਘੱਟ ਵਿਆਜ ’ਤੇ ਕਰਜ਼ੇ ਮੁਹੱਈਆ ਕਰਵਾ ਕੇ 10,900 ਬੇਰੋਜ਼ਗਾਰ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਵਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 9 ਸਤੰਬਰ ਤੋਂ 17 ਸਤੰਬਰ ਦੌਰਾਨ ਪੰਜਾਬ ਭਰ ’ਚ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਅਧੀਨ 15 ਸਤੰਬਰ ਨੂੰ ਪੀ. ਆਈ. ਐੱਮ. ਟੀ. ਕਾਲਜ ਮੰਡੀ ਗੋਬਿੰਦਗੜ੍ਹ, 16 ਸਤੰਬਰ ਨੂੰ ਮਾਤਾ ਗੁਜਰੀ ਕਾਲਜ, ਫਤਿਹਗੜ੍ਹ ਸਾਹਿਬ ਅਤੇ 17 ਸਤੰਬਰ ਨੂੰ ਕੋਰਡੀਆ ਕਾਲਜ ਸੰਘੋਲ ਵਿਖੇ ਮੇਲੇ ਲਾਏ ਜਾ ਰਹੇ ਹਨ। ਇਨ੍ਹਾਂ ਮੇਲਿਆਂ ਵਿਚ ਪ੍ਰਾਈਵੇਟ ਖੇਤਰ ਦੀਆਂ ਵੱਖ-ਵੱਖ ਨਾਮੀ ਕੰਪਨੀਆਂ ਸ਼ਾਮਲ ਹੋ ਰਹੀਆਂ ਹਨ, ਜਿਨ੍ਹਾਂ ’ਚ 12ਵੀਂ, ਗ੍ਰੇਜੂਏਟ ਅਤੇ ਪੋਸਟ ਗ੍ਰੇਜੂਏਟ ਪ੍ਰਾਰਥੀਆਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਨ੍ਹਾਂ ਮੇਲਿਆਂ ’ਚ ਸਵੈ-ਰੋਜ਼ਗਾਰ ਸ਼ੁਰੂ ਕਰਨ ਦੀਆਂ ਪੰਜਾਬ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੁਲਸ ਹਿਰਾਸਤ ’ਚ ਵਿਅਕਤੀ ਦੀ ਭੇਤਭਰੀ ਹਾਲਤ ’ਚ ਮੌਤ

ਉਨ੍ਹਾਂ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੇਲੇ ’ਚ ਹਿੱਸਾ ਲੈਣ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਤਿਹਗੜ੍ਹ ਸਾਹਿਬ ਵਿਖੇ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਮੇਲਿਆਂ ’ਚ ਸ਼ਾਮਲ ਹੋ ਰਹੀਆਂ ਕੰਪਨੀਆਂ ਅਤੇ ਅਸਾਮੀਆਂ ਸਬੰਧੀ ਪੂਰੀ ਜਾਣਕਾਰੀ ਪ੍ਰਾਰਥੀਆਂ ਤੱਕ ਸਮੇਂ ਸਿਰ ਪਹੁੰਚਾਈ ਜਾ ਸਕੇ। ਮੇਲਿਆਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕੇ ਪ੍ਰਾਰਥੀ ਖੁਦ ਪੀ.ਜੀ.ਆਰ.ਕੇ.ਏ.ਐੱਮ. ਪੋਰਟਲ ’ਤੇ ਰਜਿਸਟਰ ਕਰ ਸਕਦੇ ਹਨ ਅਤੇ ਇਸ ਸਬੰਧ ’ਚ ਜੇਕਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਪ੍ਰਾਰਥੀ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਦੇ ਹੈਲਪਲਾਈਨ ਨੰਬਰ 99156-82436 ’ਤੇ ਸੰਪਰਕ ਕਰ ਸਕਦੇ ਹਨ ਜਾਂ ਫਿਰ ਕਿਸੇ ਵੀ ਕੰਮ ਵਾਲੇ ਦਿਨ ਦਫਤਰ ’ਚ ਹਾਜ਼ਰ ਹੋ ਸਕਦੇ ਹਨ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ 7ਵੇਂ ਮੈਗਾ ਰੋਜ਼ਗਾਰ ਮੇਲੇ ਦੇ ਸ਼ੁਰੂਆਤ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ’ਚ ਆਨਲਾਈਨ ਸ਼ਿਰਕਤ ਕੀਤੀ। ਇਸ ਸੂਬਾ ਪੱਧਰੀ ਸਮਾਗਮ ਦੌਰਾਨ ਜਿੱਥੇ ਮੈਗਾ ਰੋਜ਼ਗਾਰ ਮੇਲੇ ਦੀ ਸ਼ੁਰੂਆਤ ਕੀਤੀ ਗਈ, ਉੱਥੇ ਮੇਰਾ ਕੰਮ ਮੇਰਾ ਮਾਣ ਅਤੇ ਸਰਕਾਰੀ ਨੌਕਰੀਆਂ ਸਬੰਧੀ ਇਮਤਿਹਾਨਾਂ ਦੀ ਤਿਆਰੀ ਲਈ ਆਨਲਾਈਨ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਨਾਲ-ਨਾਲ ਅਸਾਲ ਉਤਾੜ, ਤਰਨ ਤਾਰਨ ਵਿਖੇ ਸੀ- ਪਾਈਟ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੱਥੇ ਨੌਜਵਾਨ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਲਾਭ ਲੈਣਗੇ, ਉੱਥੇ-ਉੱਥੇ ਮੇਰਾ ਕੰਮ ਮੇਰਾ ਮਾਣ ਅਤੇ ਸਰਕਾਰੀ ਨੌਕਰੀਆਂ ਸਬੰਧੀ ਇਮਤਿਹਾਨਾਂ ਦੀ ਤਿਆਰੀ ਲਈ ਆਨਲਾਈਨ ਮੁਫ਼ਤ ਕੋਚਿੰਗ ਕਲਾਸਾਂ ਜ਼ਰੀਏ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਵੱਡਾ ਲਾਭ ਮਿਲੇਗਾ।

ਇਹ ਵੀ ਪੜ੍ਹੋ- 32 ਕਿਸਾਨ ਜੱਥੇਬੰਦੀਆਂ ਨਾਲ ਕਾਂਗਰਸ, ਅਕਾਲੀ ਦਲ ਅਤੇ ‘ਆਪ’ ਨੇਤਾ ਕਰਨਗੇ ਗੱਲਬਾਤ

ਮੇਰਾ ਕੰਮ ਮੇਰਾ ਮਾਣ ਤਹਿਤ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਹੁਨਰ ਵਿਕਾਸ ਸਬੰਧੀ ਸਿਖਲਾਈ ਦਿੱਤੀ ਜਾਵੇਗੀ, ਉੱਥੇ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ 2500 ਰੁਪਏ ਭੱਤਾ ਵੀ ਦਿੱਤਾ ਜਾਵੇਗਾ। ਮੇਲੇ ਦੌਰਾਨ ਰੋਜ਼ਾਗਰ ਹਾਸਲ ਕਰਨ ਵਾਲਿਆਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਉਨ੍ਹਾਂ ਦੀ ਬਹੁਤ ਮਦਦ ਕੀਤੀ ਗਈ ਤੇ ਨੌਕਰੀ ਸਬੰਧੀ ਪ੍ਰਕਿਰਿਆ ’ਚ ਉਨ੍ਹਾਂ ਕੋਈ ਦਿੱਕਤ ਨਹੀਂ ਆਈ। ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦਾ ਮੌਕਾ ਮਿਲ ਗਿਆ ਹੈ ਅਤੇ ਹੁਣ ਉਨ੍ਹਾਂ ਜ਼ਿੰਦਗੀ ਦੀਆਂ ਵੱਡੀਆਂ ਦਿਕਤਾਂ ਦੂਰ ਹੋ ਜਾਣਗੀਆਂ।
ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਜ਼ੋਰਾ ਸਿੰਘ ਮਾਨ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਜ਼ਿਲਾ ਕਾਂਗਰਸ ਪ੍ਰਧਾਨ ਸ਼੍ਰੀ ਸੁਭਾਸ਼ ਸੂਦ, ਵਧੀਕ ਡਿਪਟੀ ਕਮਿਸ਼ਨਰ (ਜਰਨਲ) ਸ਼੍ਰੀ ਰਾਜੇਸ਼ ਧੀਮਾਨ, ਜ਼ਿਲਾ ਪ੍ਰੀਸ਼ਦ ਚੇਅਰਮੈਨ ਸ਼੍ਰੀਮਤੀ ਮਨਦੀਪ ਕੌਰ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।


author

Bharat Thapa

Content Editor

Related News