ਕਿਸਾਨਾਂ ਨੂੰ 7594 ਕਰੋੜ ਦੀ ਹੋਈ ਸਿੱਧੀ ਅਦਾਇਗੀ : ਮੁੱਖ ਸਕੱਤਰ
Sunday, Apr 25, 2021 - 12:03 AM (IST)
ਚੰਡੀਗੜ੍ਹ,(ਅਸ਼ਵਨੀ)- ਪੰਜਾਬ ਦੀਆਂ ਮੰਡੀਆਂ ਵਿਚ ਹੁਣ ਤੱਕ ਕਣਕ ਦੀ ਕੁੱਲ ਆਮਦ ਵਿਚੋਂ 93 ਫੀਸਦੀ ਤੋਂ ਵੱਧ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਸਿੱਧੀ ਅਦਾਇਗੀ ਰਾਹੀਂ 2.26 ਲੱਖ ਕਿਸਾਨਾਂ ਦੇ ਖਾਤਿਆਂ ਵਿਚ 7594 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਇਹ ਖੁਲਾਸਾ ਸ਼ਨੀਵਾਰ ਨੂੰ ਖੇਤੀਬਾੜੀ ਅਧਾਰਿਤ ਸੂਬੇ ਵਿਚ ਕੋਵਿਡ ਦੇ ਵਧ ਰਹੇ ਕੇਸਾਂ ਦੇ ਦਰਮਿਆਨ ਕਣਕ ਦੀ ਖਰੀਦ ਦੇ ਚੱਲ ਰਹੇ ਕਾਰਜਾਂ ਦਾ ਜਾਇਜਾ ਲੈਣ ਲਈ ਸੱਦੀ ਉਚ ਪੱਧਰੀ ਮੀਟਿੰਗ ਦੌਰਾਨ ਕੀਤਾ।
ਮੁੱਖ ਸਕੱਤਰ ਨੇ ਕਿਹਾ ਕਿ ਰਾਜ ਦੀਆਂ ਮੰਡੀਆਂ ਵਿਚ ‘ਕਿਸਾਨ ਸਹਾਇਤਾ ਡੈਸਕ’ ਪਹਿਲਾਂ ਹੀ ਸਥਾਪਿਤ ਕਰ ਦਿੱਤੇ ਹਨ, ਜਿਨ੍ਹਾਂ ’ਤੇ ਹੁਣ ਤਕ ਸੂਬੇ ਵਿਚ 10 ਲੱਖ ਕਿਸਾਨਾਂ ਵਿੱਚੋਂ ਲਗਭਗ 7 ਲੱਖ ਕਿਸਾਨ ਆਪਣੇ ਦਸਤਾਵੇਜ਼ ਇਸ ਪੋਰਟਲ ’ਤੇ ਅਪਲੋਡ ਕਰ ਚੁੱਕੇ ਹਨ ਸਾਰੀਆਂ 154 ਮਾਰਕੀਟ ਕਮੇਟੀਆਂ ਵਿਚ ਕੋਵਿਡ ਟੀਕਾਕਰਨ ਕੈਂਪ ਸਥਾਪਿਤ ਕੀਤੇ ਹਨ ਅਤੇ ਇਨ੍ਹਾਂ ਕੈਂਪਾਂ ਵਿਚ ਹੁਣ ਤੱਕ ਤਕਰੀਬਨ 6142 ਯੋਗ ਵਿਅਕਤੀਆਂ ਨੂੰ ਖੁਰਾਕ ਦਿੱਤੀ ਜਾ ਚੁੱਕੀ ਹੈ।