ਅਧਿਆਪਕ ਦਿਵਸ ਮੌਕੇ CM ਭਗਵੰਤ ਮਾਨ ਵੱਲੋਂ 77 ਅਧਿਆਪਕਾਂ ਦਾ ਸਨਮਾਨ

Thursday, Sep 05, 2024 - 07:03 PM (IST)

ਅਧਿਆਪਕ ਦਿਵਸ ਮੌਕੇ CM ਭਗਵੰਤ ਮਾਨ ਵੱਲੋਂ 77 ਅਧਿਆਪਕਾਂ ਦਾ ਸਨਮਾਨ

ਹੁਸ਼ਿਆਰਪੁਰ ( ਘੁੰਮਣ)- ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖ਼ਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ। ਇਥੇ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਹੋਰ ਉਤਸ਼ਾਹਤ ਕਰਨਾ ਸਮੇਂ ਦੀ ਮੁੱਖ ਮੰਗ ਹੈ। ਹਰੇਕ ਪੰਜਾਬੀ ਦੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨਾ ਸੂਬਾ ਸਰਕਾਰ ਦਾ ਮੁੱਢਲਾ ਅਤੇ ਤਰਜੀਹੀ ਫ਼ਰਜ਼ ਹੈ ਅਤੇ ਇਸ ਸਬੰਧ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਚੰਗੀ ਤਰ੍ਹਾਂ ਬੋਲਣ ਅਤੇ ਲਿਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਸ਼ਾਨਾਮੱਤੇ ਵਿਰਸੇ ਨਾਲ ਨੇੜਿਓਂ ਜੁੜੇ ਰਹਿ ਸਕਣ। ਇਸ ਮੌਕੇ ਮੁੱਖ ਮੰਤਰੀ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 77 ਅਧਿਆਪਕਾਂ ਨੂੰ ਸਨਮਾਨਤ ਵੀ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਖ਼ਾਲੀ ਪਈਆਂ ਹਨ, ਜਿਸ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੈਂਪਸ ਮੈਨੇਜਰ, ਸੈਨੇਟਰੀ ਵਰਕਰ, ਚੌਕੀਦਾਰ ਸਮੇਤ ਵੱਡੀ ਗਿਣਤੀ ਵਿੱਚ ਹੋਰ ਆਸਾਮੀਆਂ ਦੀ ਭਰਤੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਅਧਿਆਪਕ ਦਿਵਸ ਮੌਕੇ CM ਭਗਵੰਤ ਮਾਨ ਦਾ ਅਧਿਆਪਕਾਂ ਨੂੰ ਲੈ ਕੇ ਵੱਡਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵੱਡ ਆਕਾਰੀ ਮਾਪੇ-ਅਧਿਆਪਕ ਮਿਲਣੀ (ਪੀ. ਟੀ. ਐੱਮ) ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ 20 ਲੱਖ ਮਾਪਿਆਂ ਨੇ ਹਿੱਸਾ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਪੇ-ਅਧਿਆਪਕ ਮਿਲਣੀ ਦੇ ਨਿਵਕਲੇ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸੇਧ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ-ਨਿਖ਼ਾਰਨ  ਵਿੱਚ ਸਹਾਈ ਹੋਵੇਗਾ।

ਅਧਿਆਪਕਾਂ ਨਾਲ ਭਾਵੁਕਤਾ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਅਧਿਆਪਕ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅਧਿਆਪਕ ਵਰਗ ਨੂੰ ਦਰਪੇਸ਼ ਹਰ ਸਮੱਸਿਆ ਦੇ ਹੱਲ ਲਈ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇੱਕ ਅਧਿਆਪਕ ਦਾ  ਪੁੱਤਰ ਹੋਣ ਦੇ ਨਾਤੇ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਨ ਅਤੇ ਅਧਿਆਪਕਾਂ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨਾ ਲੋਕਾਂ ਦਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਵਰਤਿਆ ਜਾਵੇਗਾ।

PunjabKesari

ਇਹ ਵੀ ਪੜ੍ਹੋ- ਨਾਜਾਇਜ਼ ਸੰਬੰਧਾਂ 'ਚ ਪਤੀ ਬਣ ਰਿਹਾ ਸੀ ਅੜਿੱਕਾ, ਪ੍ਰੇਮੀ ਨਾਲ ਮਿਲ ਕੇ ਪਤਨੀ ਨੇ ਦਿੱਤੀ ਰੂਹ ਕੰਬਾਊ ਮੌਤ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰਾਂ 'ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇਸ਼-ਵਿਦੇਸ਼ ਦੀਆਂ ਉੱਘੀਆਂ ਵਿੱਦਿਅਕ ਸੰਸਥਾਵਾਂ ਵਿੱਚ ਸਿਖਲਾਈ ਲਈ ਸਕੂਲ ਪ੍ਰਿੰਸੀਪਲਾਂ/ਅਧਿਆਪਕਾਂ ਦੇ ਬੈਚ ਭੇਜ ਰਹੀ ਹੈ ਤਾਂ ਜੋ ਉਹ ਆਪਣੀ ਮੁਹਾਰਤ ਨੂੰ ਹੋਰ ਨਿਖ਼ਾਰਦਿਆਂ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਹੋਰ ਬਿਹਤਰ ਢੰਗ ਨਾਲ ਕੰਮ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ’ਚ ਪ੍ਰਚਲਿਤ ਉੱਨਤ ਅਭਿਆਸਾਂ ਬਾਰੇ ਜਾਣ ਕੇ ਉਨ੍ਹਾਂ ਨੂੰ ਪੰਜਾਬ ਦੇ ਸਕੂਲਾਂ ਵਿੱਚ ਲਾਗੂ ਕਰ ਸਕਣ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲਾਂ ਨੂੰ ਨਵੀਨ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਹਿਲੀ ਵਾਰ ਜੇ. ਈ. ਈ. ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਨਤੀਜੇ ਸਾਹਮਣੇ ਆਉਣਗੇ, ਜਿਸ ਲਈ ਉਨ੍ਹਾਂ ਦੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਸੂਬੇ ਦੇ ਵਿਦਿਅਕ ਅਦਾਰਿਆਂ ’ਚ ਨੌਜਵਾਨਾਂ ਦੇ ਦਾਖਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਸੂਬੇ ਵਿੱਚ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਪੁੱਠਾ ਮੋੜਾ ਪਿਆ ਹੈ। ਇਸ ਸ਼ੁੱਭ ਅਵਸਰ ’ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਉਨ੍ਹਾਂ ਲਈ ਵਿਸ਼ੇਸ਼ ਥਾਂ ਰੱਖਦਾ ਹੈ ਕਿਉਂਕਿ ਉਹ ਅਧਿਆਪਕ ਭਾਈਚਾਰੇ ਦਾ ਦਿਲੋਂ ਸਤਿਕਾਰ ਕਰਦੇ ਹਨ।

ਇਹ ਵੀ ਪੜ੍ਹੋ- ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ 5 ਬੱਚਿਆਂ ਦਾ ਪਿਓ, ਕਰਵਾਈ 'ਲਵ ਮੈਰਿਜ', ਹੁਣ ਹੋਇਆ...

ਮੁੱਖ ਮੰਤਰੀ ਨੇ ਕਿਹਾ ਕਿ ਮਾਪਿਆਂ ਤੋਂ ਬਾਅਦ ਅਧਿਆਪਕ ਵਿਦਿਆਰਥੀਆਂ ਨੂੰ ਸੇਧ ਦੇ ਕੇ ਆਪਣੀ ਤਕਦੀਰ ਲਿਖਣ ਦੇ ਕਾਬਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਨਿਭਾਈ ਜਾਂਦੀ ਅਹਿਮ ਭੂਮਿਕਾ ਸਦਕਾ ਉਨ੍ਹਾਂ ਨੂੰ ‘ਦੇਸ਼ ਦੇ ਨਿਰਮਾਤਾ’ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅਧਿਆਪਕ ਮਿਸ਼ਨਰੀ ਭਾਵਨਾ ਨਾਲ ਵਿਦਿਆਰਥੀਆਂ ਦੀ ਸੇਵਾ ਕਰਦੇ ਰਹਿਣਗੇ।

ਇਹ ਵੀ ਪੜ੍ਹੋ- ਜਸਦੀਪ ਸਿੰਘ ਗਿੱਲ ਤੋਂ ਪਹਿਲਾਂ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਰਹਿ ਚੁੱਕੇ ਨੇ ਇਹ 5 ਮੁਖੀ, ਜਾਣੋ ਪੂਰੀ ਡਿਟੇਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News