800 ਪ੍ਰਾਇਮਰੀ ਸਕੂਲ ਬੰਦ ਕਰਨ ਦਾ ਫੈਸਲਾ ਕਾਂਗਰਸ ਸਰਕਾਰ ਦਾ ਤੁਗਲਕੀ ਫਰਮਾਨ : ਭੋਮਾ
Monday, Oct 23, 2017 - 06:58 AM (IST)
ਅੰਮ੍ਰਿਤਸਰ (ਵਾਲੀਆ) - ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਜਥੇਬੰਦਕ ਸਕੱਤਰ ਸਰਬਜੀਤ ਸਿੰਘ ਸੋਹਲ, ਫੈੱਡਰੇਸ਼ਨ ਦੇ ਮੁੱਖ ਸਲਾਹਕਾਰ ਸਰਬਜੀਤ ਸਿੰਘ ਜੰੰਮੂ, ਸਲਾਹਕਾਰ ਸਤਨਾਮ ਸਿੰਘ ਕੰਡਾ, ਐਡਵੋਕੇਟ ਰਾਜਬੀਰ ਸਿੰਘ ਜਲੰਧਰ ਨੇ ਇਕ ਸਾਂਝੇ ਬਿਆਨ 'ਚ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚੋਂ ਨਸ਼ੇ ਖਤਮ ਕਰਨ ਦੀ ਸਹੁੰ ਚੁੱਕੀ ਸੀ ਨਾ ਕਿ 800 ਪ੍ਰਾਇਮਰੀ ਸਕੂਲ ਬੰਦ ਕਰਨ ਦੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ 800 ਪ੍ਰਾਇਮਰੀ ਸਕੂਲ ਬੰਦ ਕਰਨ ਦੇ ਜਾਰੀ ਕੀਤੇ ਗਏ ਤੁਗਲਕੀ ਫਰਮਾਨ ਨੇ ਇਹ ਦੱਸ ਦਿੱਤਾ ਹੈ ਕਿ ਉਹ ਪੰਜਾਬ 'ਚੋਂ ਨਸ਼ਾ ਬੰਦ ਕਰਨ ਦੇ ਵਾਅਦੇ ਨੂੰ ਭੁੱਲ ਕੇ ਪੰਜਾਬ ਦੇ ਗਰੀਬ ਬੱਚਿਆਂ ਨੂੰ ਸਿੱਖਿਆ ਤੋਂ ਵਾਂਝਾ ਕਰ ਕੇ ਨਸ਼ਿਆਂ ਵੱਲ ਹੋਰ ਜ਼ਿਆਦਾ ਧੱਕਣ ਦਾ ਕੰਮ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦਾ ਇਹ ਫੈਸਲਾ ਸਰਕਾਰ ਵੱਲੋਂ 2009 'ਚ ਪਾਸ ਕੀਤੇ ਗਏ ਐਜੂਕੇਸ਼ਨ ਐਕਟ ਦੇ ਮੂਲ ਸਿਧਾਂਤ ਦੇ ਬਿਲਕੁਲ ਉਲਟ ਹੈ, ਜਿਸ 'ਚ ਸਭ ਨੂੰ ਸਿੱਖਿਆ ਦੇਣ ਦਾ ਪ੍ਰਣ ਕੀਤਾ ਗਿਆ ਹੈ। ਫੈੱਡਰੇਸ਼ਨ ਆਗੂਆਂ ਨੇ ਕਿਹਾ ਕਿ ਇਹ ਸਰਕਾਰ ਦਾ ਫੈਸਲਾ ਸਿੱਖਿਆ ਦੇ ਮੌਲਿਕ ਅਧਿਕਾਰ 'ਤੇ ਸਿੱਧਾ ਹਮਲਾ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਸਰਕਾਰ ਦੇ ਇਸ ਫੈਸਲੇ ਨੂੰ ਕਦੇ ਵੀ ਨਹੀਂ ਮੰਨੇਗੀ ਸਗੋਂ ਇਸ ਫੈਸਲੇ ਦੇ ਵਿਰੁੱਧ ਹਾਈ ਕੋਰਟ 'ਚ ਅਪੀਲ ਵੀ ਕਰੇਗੀ। ਇਸ ਸੰਬੰਧੀ ਵਕੀਲਾਂ ਨਾਲ ਸਲਾਹ ਮਸ਼ਵਰਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਆਸੀ ਲੀਡਰ ਆਪਣੇ ਪ੍ਰਾਈਵੇਟ ਸਕੂਲਾਂ ਦਾ ਬਿਜ਼ਨੈੱਸ ਵਧਾਉਣ ਦੀ ਆੜ ਹੇਠ ਗਰੀਬ ਬੱਚਿਆਂ ਦੇ ਭਵਿੱਖ ਨਾਲ ਵੱਡਾ ਖਿਲਵਾੜ ਕਰਨ ਜਾ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
