ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਮਹੀਨਿਆਂ ’ਚ 1244 ਵੱਡੀਆਂ ਮੱਛੀਆਂ ਸਣੇ 8755 ਨਸ਼ਾ ਤਸਕਰ ਗ੍ਰਿਫਤਾਰ

Monday, Dec 12, 2022 - 05:52 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਜੰਗ ਛੇਵੇਂ ਮਹੀਨੇ ਵਿਚ ਦਾਖਲ ਹੋ ਗਈ ਹੈ, ਜਿਸ ਤਹਿਤ ਪੰਜਾਬ ਪੁਲਸ ਨੇ 5 ਜੁਲਾਈ 2022 ਤੋਂ ਹੁਣ ਤੱਕ 1244 ਵੱਡੀਆਂ ਮੱਛੀਆਂ ਸਮੇਤ 8755 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਸ ਵੱਲੋਂ 746 ਵਪਾਰਕ ਮਾਮਲਿਆਂ ਸਮੇਤ ਕੁੱਲ 6667 ਐੱਫ. ਆਈ. ਆਰਜ਼ ਦਰਜ ਕੀਤੀਆਂ ਗਈਆਂ ਹਨ। ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਸ (ਆਈ. ਜੀ. ਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਸੂਬੇ ਭਰ ਦੀਆਂ ਸੰਵੇਦਨਸ਼ੀਲ ਥਾਵਾਂ ਅਤੇ ਨਸ਼ਾ ਪ੍ਰਭਾਵਿਤ ਇਲਾਕਿਆਂ 'ਚ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 325.55 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ਼ ਪੰਜ ਮਹੀਨਿਆਂ ਵਿਚ ਹੈਰੋਇਨ ਦੀ ਕੁੱਲ ਰਿਕਵਰੀ 473.5 ਕਿੱਲੋਗ੍ਰਾਮ ਹੋ ਗਈ ਹੈ।

ਇਹ ਵੀ ਪੜ੍ਹੋ : ਭਗਵੰਤ ਮਾਨ ਕੈਬਨਿਟ ਵਿਚ ਫੇਰਬਦਲ ਲਗਭਗ ਤੈਅ, ਇਹ ਵਿਧਾਇਕ ਬਣ ਸਕਦੇ ਹਨ ਮੰਤਰੀ

ਆਈ. ਜੀ. ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਸ ਨੇ ਸੂਬੇ ਭਰ ਵਿਚੋਂ 350 ਕਿੱਲੋ ਅਫੀਮ, 355 ਕਿੱਲੋ ਗਾਂਜਾ, 211 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਓਡਜ਼ ਦੀਆਂ 28.96 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਸ ਨੇ ਇਨ੍ਹਾਂ ਪੰਜ ਮਹੀਨਿਆਂ ਵਿਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 5.80 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੀਆਂ ਟੀਮਾਂ ਨੇ ਸੀਮਾ ਸੁਰੱਖਿਆ ਬਲ (ਬੀ. ਐੱਸ. ਐਫ) ਨਾਲ ਤਾਲਮੇਲ ਕਰਕੇ ਸਿਰਫ਼ ਇਕ ਹਫ਼ਤੇ ਵਿੱਚ ਡਰੋਨ ਰਾਹੀਂ ਸੁੱਟੀ ਗਈ 15.34 ਕਿੱਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੱਤਾ ਹੈ। ਪੁਲਸ ਨੇ ਚਾਰ ਡਰੋਨ ਵੀ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ 29 ਨਵੰਬਰ ਨੂੰ ਖੇਮਕਰਨ ਦੀ ਬਾਰਡਰ ਆਊਟਪੋਸਟ (ਬੀਓਪੀ) ਹਰਭਜਨ ਦੇ ਅਧਿਕਾਰ ਖੇਤਰ ਵਿੱਚ 6.68 ਕਿੱਲੋਗ੍ਰਾਮ ਹੈਰੋਇਨ ਦੇ ਛੇ ਪੈਕੇਟ ਨਾਲ ਲੋਡਿਡ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ, ਜਿਸ ਦੇ ਅਗਲੇ ਹੀ ਦਿਨ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਵਿਚੋਂ ਇਕ ਟੁੱਟਿਆ ਕੁਆਡਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਬਠਿੰਡਾ ’ਚ ਹੋਈ ਗੋਲੀਬਾਰੀ ਦੇ ਮਾਮਲੇ ’ਚ ਨਵਾਂ ਮੋੜ, ਗੈਂਗਸਟਰ ਅਰਸ਼ ਡੱਲਾ ਦਾ ਨਾਂ ਆਇਆ ਸਾਹਮਣੇ

ਇਸੇ ਤਰ੍ਹਾਂ 2 ਦਸੰਬਰ ਨੂੰ ਤਰਨਤਾਰਨ ਦੇ ਖੇਮਕਰਨ ਖੇਤਰ ਤੋਂ 5.60 ਕਿਲੋਗ੍ਰਾਮ ਹੈਰੋਇਨ ਦੇ ਪੰਜ ਪੈਕਟ ਨਾਲ ਲੋਡਿਡ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ, ਜਦਕਿ ਅਗਲੀ ਦਰਮਿਆਨੀ ਰਾਤ ਨੂੰ ਤਰਨਤਾਰਨ ਵਿਚ ਬਾਰਡਰ ਆਊਟਪੋਸਟ (ਬੀਓਪੀ) ਕਾਲੀਆ ਦੇ ਖੇਤਰ ‘ਚੋਂ 3.06 ਕਿੱਲੋਗ੍ਰਾਮ ਹੈਰੋਇਨ ਦੇ ਤਿੰਨ ਪੈਕਟ ਨਾਲ ਲੋਡਿਡ ਕੁਆਡਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ। ਆਈ. ਜੀ. ਪੀ. ਨੇ ਦੱਸਿਆ ਕਿ 21 ਨਵੰਬਰ ਨੂੰ ਅੰਮ੍ਰਿਤਸਰ ਤੋਂ ਰਾਜਸਥਾਨ ਦੇ ਦੋ ਨਸ਼ਾ ਤਸਕਰਾਂ ਕੋਲੋਂ 13 ਕਿੱਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਸਬੰਧੀ ਅਗਲੇਰੀ ਜਾਂਚ ਦੌਰਾਨ ਉਨ੍ਹਾਂ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੀ ਪੁੱਛਗਿੱਛ ਦੇ ਆਧਾਰ 'ਤੇ ਬੀ.ਐੱਸ.ਐੱਫ. ਦੇ ਸਹਿਯੋਗ ਨਾਲ ਪੁਲਸ ਟੀਮਾਂ ਨੇ ਬਾਅਦ ਵਿਚ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਤੋਂ 10 ਏ. ਕੇ-47 ਅਸਾਲਟ ਰਾਈਫਲਾਂ ਅਤੇ 10 ਵਿਦੇਸ਼ੀ .30 ਬੋਰ ਦੇ ਪਿਸਤੌਲ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਨੇ ਪਿਛਲੇ ਇਕ ਹਫ਼ਤੇ ਵਿਚ 21 ਵਪਾਰਕ ਮਾਮਲਿਆਂ ਸਮੇਤ 197 ਐੱਫ.ਆਈ.ਆਰਜ਼ ਦਰਜ ਕਰਕੇ 247 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 45.55 ਕਿੱਲੋ ਹੈਰੋਇਨ, 16.62 ਕਿਲੋ ਅਫੀਮ, 4.80 ਕਿਲੋ ਗਾਂਜਾ, 3.60 ਕੁਇੰਟਲ ਭੁੱਕੀ, ਫਾਰਮਾ ਓਪੀਓਡਜ਼ ਦੀਆਂ 28305 ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 55.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਪਿਛਲੇ ਇੱਕ ਹਫ਼ਤੇ ਵਿੱਚ ਐਨਡੀਪੀਐਸ ਕੇਸਾਂ ਵਿੱਚ 15 ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 562 ਹੋ ਗਈ ਹੈ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News