ਕਾਂਗਰਸ ਦੇ 90 ਉਮੀਦਵਾਰ ਲੋਕ ਸਭਾ ਚੋਣ ਲੜਨ ਦੇ ਇੱਛੁਕ, ਬਿੱਟੂ ਤੇ ਮਨੀਸ਼ ਤਿਵਾੜੀ ਗਾਇਬ
Tuesday, Feb 27, 2024 - 05:21 PM (IST)
 
            
            ਚੰਡੀਗੜ੍ਹ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਚੋਣਾਂ ਲੜਨ ਲਈ ਹਰ ਪਾਰਟੀ ਵਲੋਂ ਤਿਆਰੀ ਖਿੱਚੀ ਜਾ ਰਹੀ ਹੈ। ਜੇਕਰ ਕਾਂਗਰਸ ਦੀ ਗੱਲ ਕਰੀਏ ਤਾਂ ਪਾਰਟੀ ਨੇ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਸਨ। ਦਿਲਚਸਪ ਗੱਲ ਇਹ ਹੈ ਕਿ ਪੰਜਾਬ ਕਾਂਗਰਸ ਨੂੰ 90 ਤੋਂ ਜ਼ਿਆਦਾ ਅਰਜ਼ੀਆਂ ਮਿਲ ਚੁੱਕੀਆਂ ਹਨ ਪਰ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅਰਜ਼ੀ ਨਹੀਂ ਦਿੱਤੀ।
ਇਹ ਵੀ ਪੜ੍ਹੋ : ਪੰਜਾਬ 'ਚ ਗਰਜ ਤੇ ਬਿਜਲੀ ਸਣੇ ਮੀਂਹ ਪੈਣ ਦੀ ਚਿਤਾਵਨੀ, ਕਈ ਜ਼ਿਲ੍ਹਿਆਂ 'ਚ ਯੈਲੋ Alert ਜਾਰੀ
ਹਾਲਾਂਕਿ ਕਾਂਗਰਸ ਦੀਆਂ ਇਹ ਪੁਰਾਣੀਆਂ ਸੀਟਾਂ ਹਨ। ਪਾਰਟੀ 'ਚ ਲਗਾਤਾਰ ਇਹ ਚਰਚਾ ਹੈ ਕਿ ਮਨੀਸ਼ ਤਿਵਾੜੀ ਚੰਡੀਗੜ੍ਹ ਤੋਂ ਚੋਣ ਲੜਨ ਦੇ ਇੱਛੁਕ ਹਨ ਅਤੇ ਰਵਨੀਤ ਬਿੱਟੂ ਵੀ ਆਪਣੀ ਸੀਟ ਬਦਲਣੀ ਚਾਹੁੰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਲੜਨਾ ਚਾਹੁੰਦੇ ਹਨ। ਇਨ੍ਹਾਂ ਦੋਹਾਂ ਸੀਟਾਂ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਆਮ ਆਦਮੀ ਪਾਰਟੀ ਨਾਲ ਗਠਜੋੜ 'ਚ ਰਹਿੰਦੇ ਹੋਏ ਚੰਡੀਗੜ੍ਹ ਦੀ ਸੀਟ 'ਤੇ ਕਾਂਗਰਸ ਦਾ ਉਮੀਦਵਾਰ ਚੋਣ ਲੜੇਗਾ।
ਦੱਸ ਦੇਈਏ ਕਿ ਇਹ ਜ਼ਰੂਰੀ ਨਹੀਂ ਹੁੰਦਾ ਕਿ ਜੇਕਰ ਕਿਸੇ ਨੇਤਾ ਨੇ ਅਪਲਾਈ ਨਹੀਂ ਕੀਤਾ ਤਾਂ ਉਸ ਨੂੰ ਟਿਕਟ ਨਹੀਂ ਮਿਲੇਗੀ। ਬਾਅਦ 'ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ। ਇਸ ਸਮੇਂ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ, ਖਡੂਰ ਸਾਹਿਬ ਤੋਂ ਡਾ. ਅਮਰ ਸਿੰਘ ਅਤੇ ਫਰੀਦਕੋਟ ਤੋਂ ਮੁਹੰਮਦ ਸਦੀਕ ਸੰਸਦ ਮੈਂਬਰ ਹਨ, ਜਿਨ੍ਹਾਂ ਨੇ ਆਪੋ-ਆਪਣੇ ਲੋਕ ਸਭਾ ਇਲਾਕੇ ਲਈ ਅਪਲਾਈ ਕੀਤਾ ਹੈ। ਇਸੇ ਤਰ੍ਹਾਂ ਜਲੰਧਰ ਤੋਂ ਜ਼ਿਮਨੀ ਚੋਣ ਹਾਰ ਚੁੱਕੀ ਕਰਮਜੀਤ ਕੌਰ ਨੇ ਵੀ ਟਿਕਟ ਲਈ ਅਰਜ਼ੀ ਦਿੱਤੀ ਹੈ। ਇਸ ਸੀਟ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂ ਦੀ ਚਰਚਾ ਵੀ ਹੁੰਦੀ ਰਹੀ ਹੈ, ਹਾਲਾਂਕਿ ਉਨ੍ਹਾਂ ਨੇ ਟਿਕਟ ਲਈ ਅਪਲਾਈ ਨਹੀਂ ਕੀਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            