ਪੰਜਾਬ ''ਚ ਹੁਣ ਤੱਕ ਕਰੀਬ 90 ਫ਼ੀਸਦੀ ਝੋਨੇ ਦੀ ਹੋਈ ਖ਼ਰੀਦ
Saturday, Oct 19, 2024 - 05:36 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਹਮੇਸ਼ਾ ਤਰਜ਼ੀਹ ਦਿੱਤੀ ਹੈ। ਇਸ ਤੱਥ ਦੀ ਪੁਸ਼ਟੀ ਇੱਥੋਂ ਹੁੰਦੀ ਹੈ ਕਿ ਚੱਲ ਰਹੇ ਖ਼ਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ 'ਚ ਬੀਤੀ ਦੇਰ ਸ਼ਾਮ ਤੱਕ ਕੁੱਲ 18,31,588 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 16,37,517 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜੋ ਕਿ 90 ਫ਼ੀਸਦੀ ਬਣਦੀ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਦੇ ਖ਼ਾਤਿਆਂ ਵਿੱਚ ਕਰੀਬ 3000 ਕਰੋੜ ਰੁਪਏ ਬਤੌਰ ਅਦਾਇਗੀ ਜਮ੍ਹਾ ਕਰਵਾ ਦਿੱਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਅਤੇ ਸੁਚਾਰੂ ਬਣਾਉਣ ਦੇ ਮੱਦੇਨਜ਼ਰ ਰਾਜ ਸਰਕਾਰ ਨੇ 2651 ਖ਼ਰੀਦ ਕੇਂਦਰ ਚਾਲੂ ਕੀਤੇ ਹਨ। ਇਸ ਤੋਂ ਇਲਾਵਾ ਹੁਣ ਤੱਕ 2184 ਚੌਲ ਮਿੱਲ ਮਾਲਕਾਂ ਨੇ ਚੌਲ ਮਿੱਲਾਂ ਦੀ ਅਲਾਟਮੈਂਟ ਲਈ ਅਰਜ਼ੀਆਂ ਦਿੱਤੀਆਂ ਹਨ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਨੇ ਮਾਰੀ ਛਾਲ
ਭੰਡਾਰਨ ਸਬੰਧੀ ਥਾਂ (ਸਟੋਰੇਜ ਸਪੇਸ) ਦੀ ਉਪਲੱਬਧਤਾ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਭਾਰਤੀ ਖ਼ੁਰਾਕ ਨਿਗਮ ਦੇ ਅਨੁਸਾਰ ਇਸ ਸਮੇਂ 9.5 ਐਲ. ਐਮ. ਟੀ. ਥਾਂ ਉਪਲੱਬਧ ਹੈ। ਸੂਬੇ ਵਿੱਚ ਦਸੰਬਰ ਮਹੀਨੇ ’ਚ ਮਿਲਿੰਗ ਸ਼ੁਰੂ ਹੁੰਦੀ ਹੈ, ਇਸ ਲਈ ਦਸੰਬਰ 2024 ਤੱਕ ਲਗਭਗ 30 ਲੱਖ ਮੀਟ੍ਰਿਕ ਟਨ ਜਗ੍ਹਾ ਮੁਹੱਈਆ ਕਰਵਾ ਦਿੱਤੀ ਜਾਵੇਗੀ। ਮੰਤਰੀ ਨੇ ਅੱਗੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 4 ਲੱਖ ਮੀਟ੍ਰਿਕ ਟਨ ਜ਼ਿਆਦਾ ਅਨਾਜ ਦੀ ਮੂਵਮੈਂਟ ਦਰਜ ਕੀਤੀ ਗਈ ਹੈ। ਇਸ ਸਾਲ ਅਪ੍ਰੈਲ ਤੋਂ ਸਤੰਬਰ ਤੱਕ 85.53 ਲੱਖ ਮੀਟ੍ਰਿਕ ਟਨ ਮੂਵਮੈਂਟ ਦਰਜ ਕੀਤੀ ਗਈ, ਜਦੋਂ ਕਿ 2023 ਵਿੱਚ ਅਪ੍ਰੈਲ ਤੋਂ ਸਤੰਬਰ ਦੀ ਮਿਆਦ ਦੌਰਾਨ ਇਹੋ ਅੰਕੜਾ 81.73 ਲੱਖ ਮੀਟ੍ਰਿਕ ਟਨ ਸੀ। ਚੌਲ ਮਿੱਲ ਮਾਲਕਾਂ ਦੀਆਂ ਮੰਗਾਂ ਸਬੰਧੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਖ਼ਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗ ਦੌਰਾਨ ਚੌਲ ਮਿੱਲਰਾਂ ਦੀਆਂ ਵੱਖ-ਵੱਖ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਹੈ।
ਇਹ ਵੀ ਪੜ੍ਹੋ- ਨੌਜਵਾਨ ਪੀੜੀ ਕਿਉਂ ਹੋ ਰਹੀ ਸਾਈਲੈਂਟ ਹਾਰਟ ਅਟੈਕ ਦਾ ਸ਼ਿਕਾਰ, ਜਾਣੋ ਕੀ ਹੋ ਸਕਦੀ ਵਜ੍ਹਾ
ਸੂਬਾ ਸਰਕਾਰ ਵੱਲੋਂ ਚੌਲ ਮਿੱਲਰਾਂ ਦੀ ਭਲਾਈ ਲਈ ਸ਼ੁਰੂ ਕੀਤੇ ਗਏ ਕਦਮਾਂ ਦੀ ਸੂਚੀ ਦਿੰਦਿਆਂਕਟਾਰੂਚੱਕ ਨੇ ਅੱਗੇ ਕਿਹਾ ਕਿ ਕਈ ਸਾਲਾਂ ਤੋਂ ਰੁਕੀਆਂ ਕਸਟਮ ਮਿਲਿੰਗ ਰਾਈਸ (ਸੀ.ਐਮ.ਆਰ.) ਸਕਿਓਰਿਟੀਜ਼, ਇੱਕ ਸਾਲ ਨੂੰ ਛੱਡ ਕੇ, ਬਾਕੀ, ਮਿੱਲਰਾਂ ਨੂੰ ਵਾਪਸ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਚੌਲ ਮਿੱਲਰਾਂ ਨੂੰ 150 ਕਰੋੜ ਰੁਪਏ ਦੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ, ਪਹਿਲੋਂ ਲਈ ਜਾਂਦੀ 175 ਪ੍ਰਤੀ ਟਨ ਸੀ. ਐੱਮ.ਆਰ. ਸਕਿਓਰਿਟੀ ਦੀ ਥਾਂ, ਹੁਣ ਸਿਰਫ 10 ਰੁਪਏ ਪ੍ਰਤੀ ਟਨ ਸਕਿਓਰਿਟੀ ਵਸੂਲੀ ਜਾਵੇਗੀ, ਜਿਸ ਨਾਲ ਮਿੱਲਰਾਂ ਨੂੰ 300 ਕਰੋੜ ਰੁਪਏ ਦਾ ਲਾਭ ਹੋਵੇਗਾ। ਇਸ ਤੋਂ ਇਲਾਵਾ ਇਸ ਸਾਲ ਦੀ ਨੀਤੀ ਤਹਿਤ ਸਕਿਓਰਿਟੀ ਦਰ ਟਨ ਸਮਰੱਥਾ ਦੇ ਅਨੁਸਾਰ ਨਿਰਧਾਰਿਤ ਕੀਤੀ ਗਈ ਹੈ, ਜਦੋਂ ਕਿ ਪਿਛਲੇ ਸਾਲਾਂ ਦੌਰਾਨ, ਹਰ ਮਿੱਲ ਤੋਂ ਇਹ ਸਕਿਓਰਿਟੀ 11 ਲੱਖ ਰੁਪਏ ਦੀ ਸਮਾਨ ਦਰ ਨਾਲ ਵਸੂਲੀ ਗਈ ਸੀ ਪਰ ਹੁਣ 2 ਮੀਟ੍ਰਿਕ ਟਨ ਤੱਕ ਸਮਰੱਥਾ ਵਾਲੀਆਂ ਮਿੱਲਾਂ ਤੋਂ 5 ਲੱਖ, 2 ਤੋਂ 5 ਮੀਟ੍ਰਿਕ ਟਨ ਤੱਕ ਸਮਰੱਥਾ ਵਾਲੀਆਂ ਮਿੱਲਾਂ ਤੋਂ 7.5 ਲੱਖ, ਜਦਕਿ 5 ਮੀਟ੍ਰਿਕ ਟਨ ਤੋਂ ਵੱਧ ਸਮਰੱਥਾ ਵਾਲੀਆਂ ਮਿੱਲਾਂ ਤੋਂ 11 ਲੱਖ ਰੁਪਏ ਵਸੂਲੇ ਜਾਣਗੇ।
ਇਹ ਵੀ ਪੜ੍ਹੋ- ਕੈਨੇਡਾ ਦੀ ਧਰਤੀ 'ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ
ਇਸ ਤੋਂ ਇਲਾਵਾ ਅਨਾਜ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ/ਪੱਲੇਦਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਬੋਰੀ ਦੀ ਲੋਡਿੰਗ ਦੀ ਦਰ ਸੋਧ ਕੇ ਹੁਣ 1.94 ਰੁਪਏ ਤੋਂ 2.34 ਰੁਪਏ ਕਰ ਦਿੱਤੀ ਹੈ। ਮੰਤਰੀ ਨੇ ਖ਼ਰੀਦ ਸੀਜ਼ਨ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਭਾਈਵਾਲਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ ਕਿਉਂਕਿ ਸਰਕਾਰ ਉਨ੍ਹਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8