ਪੰਜਾਬ ਦੇ ਬਿਜਲੀ ਡਿਫ਼ਾਲਟਰਾਂ ਨੂੰ ਵੱਡਾ ਝਟਕਾ, ਪਾਵਰਕਾਮ ਨੇ ਕਰ ਦਿੱਤੀ ਸਖ਼ਤ ਕਾਰਵਾਈ
Saturday, Mar 16, 2024 - 10:10 AM (IST)
ਲੁਧਿਆਣਾ (ਖੁਰਾਣਾ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਵੱਲੋਂ ਬਿਜਲੀ ਵਿਭਾਗ ਦੇ ਡਿਫਾਲਟਰਾਂ ਖ਼ਿਲਾਫ਼ ਮੁਹਿੰਮ ਚਲਾਈ ਗਈ ਹੈ। ਇਸ ਦੇ ਤਹਿਤ ਮਾਰਚ ਮਹੀਨੇ ਦੇ ਸ਼ੁਰੂਆਤੀ 15 ਦਿਨਾਂ ’ਚ 1000 ਤੋਂ ਵੱਧ ਡਿਫ਼ਾਲਟਰਾਂ ਖ਼ਿਲਾਫ਼ ਤਾਬੜਤੋੜ ਕਾਰਵਾਈ ਕਰਦੇ ਹੋਏ ਉਕਤ ਸਾਰੇ ਪਰਿਵਾਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ ਪ੍ਰਾਪਤ ਕੀਤੇ ਗਏ ਵਿਭਾਗੀ ਅੰਕੜਿਆਂ ਦੀ ਗੱਲ ਕੀਤੀ ਜਾਵੇ ਤਾਂ ਲੁਧਿਆਣਾ ਸ਼ਹਿਰ ਨਾਲ ਸਬੰਧਿਤ 5 ਡਵੀਜ਼ਨਾਂ ਮਾਡਲ ਟਾਊਨ, ਜਨਤਾ ਨਗਰ, ਸਟੇਟ ਡਵੀਜ਼ਨ, ਸਿਟੀ ਵੈਸਟ ਅਤੇ ਅਗਰ ਨਗਰ ਇਲਾਕਿਆਂ ’ਚ ਡਿਫਾਲਟਰ ਖ਼ਪਤਕਾਰਾਂ ਖ਼ਿਲਾਫ਼ ਪਾਵਰਕਾਮ ਵਿਭਾਗ ਦੇ ਮੁਲਾਜ਼ਮਾਂ ਨੇ ਕਾਰਵਾਈ ਕਰਦੇ ਹੋਏ 1320 ਪਰਿਵਾਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਹਨ।
ਇਸ ਦੌਰਾਨ ਵਿਭਾਗ ਵੱਲੋਂ 10.5 ਕਰੋੜ ਰੁਪਏ ਦੇ ਬਕਾਇਆ ਖੜ੍ਹੇ ਬਿੱਲਾਂ ਦੀ ਰਿਕਵਰੀ ਕਰਨ ’ਚ ਵੀ ਸਫ਼ਲਤਾ ਪ੍ਰਾਪਤ ਕੀਤੀ ਹੈ। ਇੱਥੇ ਦੱਸਣਾ ਜ਼ਰੂਰੀ ਹੋਵੇਗਾ ਕਿ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਵੱਲੋਂ ਬੀਤੇ ਫਰਵਰੀ ਮਹੀਨੇ ’ਚ ਵੀ 1050 ਡਿਫ਼ਾਲਟਰ ਖ਼ਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਦੇ ਹੋਏ 14.2 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਲੋਕ ਸਭਾ ਉਮੀਦਵਾਰ ਐਲਾਨੇ ਜਾਣ ਮਗਰੋਂ ਮੰਤਰੀ ਮੀਤ ਹੇਅਰ ਦਾ ਪਹਿਲਾ ਬਿਆਨ (ਵੀਡੀਓ)
ਇਸੇ ਤਰ੍ਹਾਂ ਪਿਛਲੇ ਕਰੀਬ 45 ਦਿਨਾਂ ਦੌਰਾਨ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਦੇ ਨਿਰਦੇਸ਼ਾਂ ’ਤੇ ਵਿਭਾਗੀ ਮੁਲਾਜ਼ਮਾਂ ਦੀਆਂ ਟੀਮਾਂ ਵੱਲੋਂ 2370 ਦੇ ਕਰੀਬ ਡਿਫ਼ਾਲਟਰ ਖ਼ਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਦੇ ਹੋਏ 24.70 ਕਰੋੜ ਰੁ. ਦੇ ਕਰੀਬ ਬਕਾਇਆ ਬਿੱਲਾਂ ਦੀ ਰਕਮ ਰਿਕਵਰ ਕੀਤੀ ਗਈ ਹੈ, ਜੋ ਆਪਣੇ ਆਪ ’ਚ ਇਕ ਵੱਡੀ ਪ੍ਰਾਪਤੀ ਮੰਨਿਆ ਜਾ ਰਿਹਾ ਹੈ। ਗੱਲਬਾਤ ਕਰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਐੱਸ. ਸੀ. ਅਨਿਲ ਕੁਮਾਰ ਸ਼ਰਮਾ ਨੇ ਕਿਹਾ ਕਿ 31 ਮਾਰਚ ਨੂੰ ਕਲੋਜ਼ਿੰਗ ਡੇਟ ਹੋਣ ਕਾਰਨ ਵਿਭਾਗ ਵੱਲੋਂ ਡਿਫ਼ਾਲਟਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਾਵਰਕਾਮ ਵੱਲੋਂ ਬਿਜਲੀ ਵਿਭਾਗ ਦੇ ਡਿਫ਼ਾਲਟਰਾਂ ਖ਼ਿਲਾਫ਼ ਆਉਣ ਵਾਲੇ ਦਿਨਾਂ ’ਚ ਮੁਹਿੰਮ ਹੋਰ ਵੀ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਨੇ ਬਿਜਲੀ ਵਿਭਾਗ ਦੇ ਡਿਫ਼ਾਲਟਰਾਂ ਨੂੰ ਬਕਾਇਆ ਖੜ੍ਹੇ ਬਿੱਲ ਜਮ੍ਹਾ ਕਰਵਾਉਣ ਲਈ ਖ਼ੁਦ ਅੱਗੇ ਆਉਣ ਦੀ ਪੇਸ਼ਕਸ਼ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8