ਪੰਜਾਬ ਦੀਆਂ ਧੀਆਂ ਨੂੰ ਵੱਡਾ ਤੋਹਫ਼ਾ, ਮਾਨ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਦਿੱਤੀ ਵੱਡੀ ਰਾਹਤ
Monday, Oct 13, 2025 - 03:28 PM (IST)

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ 5751 ਲਾਭਪਾਤਰੀਆਂ ਨੂੰ ਕੁੱਲ 29.33 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐੱਸ. ਏ. ਐੱਸ. ਨਗਰ, ਐਸ. ਬੀ. ਐੱਸ. ਨਗਰ, ਸੰਗਰੂਰ ਅਤੇ ਮਲੇਰਕੋਟਲਾ ਦੇ ਕੁੱਲ 5751 ਲਾਭਪਾਤਰੀਆਂ ਦੀਆਂ ਦਰਖ਼ਾਸਤਾਂ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ। ਇਨ੍ਹਾਂ ਸਾਰਿਆਂ ਲਾਭਪਾਤਰੀਆਂ ਨੂੰ ਕਵਰ ਕਰਨ ਲਈ 29.33 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
ਉਨ੍ਹਾਂ ਨੇ ਦੱਸਿਆ ਕਿ ਇਸ ਰਕਮ ਨਾਲ ਜ਼ਿਲ੍ਹਾ ਬਰਨਾਲਾ ਦੇ 58, ਬਠਿੰਡਾ ਦੇ 633, ਫਰੀਦਕੋਟ ਦੇ 67, ਫਿਰੋਜਪੁਰ ਦੇ 349, ਸ੍ਰੀ ਫਤਹਿਗੜ੍ਹ ਸਾਹਿਬ ਦੇ 106, ਗੁਰਦਾਸਪੁਰ ਦੇ 265 ਅਤੇ ਹੁਸ਼ਿਆਰਪੁਰ ਦੇ 70 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਸੇ ਤਰ੍ਹਾਂ ਜਲੰਧਰ ਦੇ 1087, ਲੁਧਿਆਣਾ ਦੇ 839, ਮੋਗਾ ਦੇ 885, ਸ੍ਰੀ ਮੁਕਤਸਰ ਸਾਹਿਬ ਦੇ 192, ਪਟਿਆਲਾ ਦੇ 357, ਰੂਪਨਗਰ ਦੇ 147, ਐੱਸ. ਏ. ਐੱਸ. ਨਗਰ ਦੇ 65, ਐੱਸ. ਬੀ. ਐੱਸ. ਨਗਰ ਦੇ 359, ਸੰਗਰੂਰ ਦੇ 210 ਅਤੇ ਮਲੇਰਕੋਟਲਾ ਦੇ 62 ਲਾਭਪਾਤਰੀਆਂ ਨੂੰ ਵੀ ਲਾਭ ਪ੍ਰਦਾਨ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51,000 ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ-ਭਲਾਈ ਪ੍ਰਤੀ ਵਚਨਬੱਧਤਾ ਦੀ ਝਲਕ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਪਵੇਗੀ ਰਿਕਾਰਡ ਤੋੜ ਠੰਡ! ਜਾਰੀ ਹੋਈ ਨਵੀਂ ਭਵਿੱਖਬਾਣੀ, ਲੋਕ ਪਹਿਲਾਂ ਹੀ ਕਰ ਲੈਣ ਤਿਆਰੀ
ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾਂ ਤੋਂ ਸਾਲਾਨਾ ਆਮਦਨ 32,790 ਤੋਂ ਘੱਟ ਹੋਵੇ। ਇਸ ਸ਼੍ਰੇਣੀ ਦੇ ਪਰਿਵਾਰਾਂ ਦੀਆਂ ਵੱਧ ਤੋਂ ਵੱਧ ਦੋ ਧੀਆਂ ਨੂੰ ਇਸ ਸਕੀਮ ਦਾ ਲਾਭ ਮਿਲ ਸਕਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਡਾਇਰੈਕਟ ਬੈਨੀਫਿੱਟ ਟਰਾਂਸਫਰ (ਡੀ. ਬੀ. ਟੀ) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8