ਪੰਜਾਬ ਸਰਕਾਰ ਦੀ ਪੁਲਸ ਨੂੰ ਵੱਡੀ ਸੌਗਾਤ, 410 ਨਵੇਂ ਹਾਈ-ਟੈੱਕ ਵਾਹਨ ਕੀਤੇ ਜਾਰੀ

Wednesday, Feb 28, 2024 - 06:49 PM (IST)

ਪੰਜਾਬ ਸਰਕਾਰ ਦੀ ਪੁਲਸ ਨੂੰ ਵੱਡੀ ਸੌਗਾਤ,  410 ਨਵੇਂ ਹਾਈ-ਟੈੱਕ ਵਾਹਨ ਕੀਤੇ ਜਾਰੀ

ਫਿਲੌਰ/ਜਲੰਧਰ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ ਹੈ। ਅੱਜ ਇੱਥੇ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਐੱਸ. ਐੱਚ. ਓਜ਼ (ਥਾਣਾ ਮੁਖੀਆਂ) ਨੂੰ ਨਵੇਂ ਵਾਹਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੁਰਾਣੀ ਵਿਵਸਥਾ ਦੇ ਉਲਟ ਕੀਤੀ ਗਈ ਹੈ ਕਿਉਂਕਿ ਇਸ ਤੋਂ ਪਹਿਲਾਂ ਜ਼ਮੀਨੀ ਪੱਧਰ ’ਤੇ ਨਵੇਂ ਵਾਹਨ ਸਿਰਫ਼ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ’ਚ ਐੱਸ. ਐੱਚ. ਓ. ਪੰਜਾਬ ਪੁਲਸ ਦਾ ਅਸਲ ਚਿਹਰਾ ਹਨ ਕਿਉਂ ਜੋ ਉਹ ਸਿੱਧੇ ਤੌਰ ’ਤੇ ਲੋਕਾਂ ਨਾਲ ਜੁੜੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੇ ਪੰਦਰਵਾੜੇ ਦੇ ਅੰਦਰ ਮੌਤ ਦਰ ਨੂੰ ਘਟਾਉਣ ’ਚ ਅਹਿਮ ਭੂਮਿਕਾ ਨਿਭਾਈ ਹੈ। ਇਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲਾਂ ਔਸਤਨ 17 ਮੌਤਾਂ ਪ੍ਰਤੀ ਦਿਨ ਹੁੰਦੀਆਂ ਸਨ, ਜਦਕਿ ਇਕ ਫਰਵਰੀ ਨੂੰ ਜਦੋਂ ਤੋਂ ਇਸ ਫੋਰਸ ਨੂੰ ਸੜਕਾਂ ’ਤੇ ਤਾਇਨਾਤ ਕੀਤਾ ਗਿਆ ਹੈ, ਤੋਂ ਲੈ ਕੇ 15 ਦਿਨਾਂ ਦੇ ਅੰਦਰ 13 ਮੌਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ’ਚ ਇਹ ਗਿਣਤੀ ਹੋਰ ਘਟਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਜ਼ਿਲ੍ਹਾ ਪੁਲਸ ਤੋਂ ਬੋਝ ਘਟਾਉਣ ਅਤੇ ਉਨ੍ਹਾਂ ਦੀ ਕਾਰਜਕੁਸ਼ਲਤਾ ’ਚ ਸੁਧਾਰ ਕਰਨ ’ਚ ਸਹਾਈ ਹੋਵੇਗੀ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਸੂਬੇ ’ਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਰੋਕਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ ’ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ’ਚ ਰੋਜ਼ਾਨਾ ਸੜਕ ਹਾਦਸਿਆਂ ’ਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ, ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਹ ਵੀ ਪੜ੍ਹੋ : ਅਮਰੀਕਾ ’ਚ ਭਾਰਤੀ ਵਿਦਿਆਰਥੀਆਂ ਤੇ ਹੋਰਨਾਂ ਲੋਕਾਂ ’ਤੇ ਹਮਲੇ ਅੰਤਰਰਾਸ਼ਟਰੀ ਸਾਜ਼ਿਸ਼ ਦਾ ਹਿੱਸਾ

ਮੁੱਖ ਮੰਤਰੀ ਨੇ ਦੱਸਿਆ ਕਿ ਸ਼ੁਰੂਆਤੀ ਤੌਰ ’ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਹਰ 30 ਕਿਲੋਮੀਟਰ ਬਾਅਦ ਸੜਕਾਂ ’ਤੇ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਵਾਹਨਾਂ ਕੋਲ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਮੌਜੂਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਸ ਨੇ ਹਮੇਸ਼ਾ ਹੀ ਅਜਿਹੀਆਂ ਸਾਜ਼ਿਸ਼ਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ’ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖ਼ੇਤਰ ’ਚ ਆਧੁਨਿਕ ਲੋੜਾਂ ਨਾਲ ਲੈਸ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਲਸ ਨੂੰ ਵਿਗਿਆਨਕ ਲੀਹਾਂ ’ਤੇ ਅਪਗ੍ਰੇਡ ਕਰਨ ਅਤੇ ਆਧੁਨਿਕ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਆਉਣ ਵਾਲੇ ਸਮੇਂ ’ਚ ਵੀ ਦੇਸ਼ ਦੀ ਨਿਰਸਵਾਰਥ ਸੇਵਾ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖੇਗੀ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਮਨੋਰਥ ਨਾਲ ਔਰਤਾਂ ਦੀ ਸੁਰੱਖਿਆ ਅਤੇ ਹਿਫਾਜ਼ਤ ਲਈ ਅੱਠ ਵਿਸ਼ੇਸ਼ ਮਹਿਲਾ ਥਾਣੇ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸੀਨੀਅਰ ਪੁਲਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ’ਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ’ਚ ਕੁੜੀਆਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ।

ਇਹ ਵੀ ਪੜ੍ਹੋ : ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਸ ਦੀ ਕਮੀ ਨੂੰ ਦੂਰ ਕਰਨ ਲਈ ਆਉਣ ਵਾਲੇ ਚਾਰ ਸਾਲਾਂ ਲਈ ਪੰਜਾਬ ਪੁਲਿਸ ’ਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਭਗ 2.50 ਲੱਖ ਉਮੀਦਵਾਰਾਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਗੇ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਤਿਆਰੀ ਦੇ ਨਾਲ-ਨਾਲ ਸਰੀਰਕ ਫਿਟਨੈੱਸ ਵੱਲ ਧਿਆਨ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਅਤੇ ਨਸ਼ਿਆਂ ਦੀ ਅਲਾਮਤ ਤੋਂ ਛੁਟਕਾਰਾ ਪਾਉਣ ’ਚ ਮਦਦ ਮਿਲ ਰਹੀ ਹੈ।

ਇਹ ਵੀ ਪੜ੍ਹੋ : PGI ’ਚ ਹੁਣ ਹਿਮਾਚਲ ਦੇ ਲੋਕਾਂ ਨੂੰ ਵੀ ਮਿਲੇਗੀ ਇਹ ਸੁਵਿਧਾ, ਹਰ ਸਾਲ ਹਜ਼ਾਰਾਂ ਮਰੀਜ਼ਾਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹਨ ਕਿ ‘ਵਿਹਲਾ ਮਨ, ਸ਼ੈਤਾਨ ਦਾ ਘਰ ਹੁੰਦਾ ਹੈ’, ਇਸ ਲਈ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਅਤੇ ਖੇਡਾਂ ’ਚ ਲੱਗੇ ਰਹਿਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਾਡੇ ਸਾਰੇ ਨੌਜਵਾਨ ਸਿਹਤ ਪੱਖੋਂ ਪੂਰੀ ਤਰ੍ਹਾਂ ਤੰਦਰੁਸਤ ਹੋਣ ਤਾਂ ਕਿ ਸਮਾਜ ’ਚ ਨਸ਼ਿਆਂ ਦੀ ਅਲਾਮਤ ਲਈ ਕੋਈ ਥਾਂ ਨਾ ਬਚੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਜਲਦੀ ਹੀ ਨਸ਼ਾ ਮੁਕਤ ਸੂਬਾ ਬਣ ਜਾਵੇਗਾ ਕਿਉਂਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਸ ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਦੇ ਉਦੇਸ਼ ਨਾਲ ਇਕ ਹੋਰ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ‘ਗੁਲਦਸਤਾ’ ਨਾਂ ਦਾ ਸਮਾਗਮ ਸ਼ੁਰੂ ਕੀਤਾ ਹੈ।

PunjabKesari

ਉਨ੍ਹਾਂ ਕਿਹਾ ਕਿ ਇਸ ਸਮਾਗਮ ’ਚ ਪੁਲਸ ਦੇ ਜਵਾਨ ਅਤੇ ਉਨ੍ਹਾਂ ਦੇ ਪਰਿਵਾਰ ਹੀ ਸ਼ਿਰਕਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਬਹੁਤ ਜ਼ਿਆਦਾ ਮੁਸ਼ਕਲਾਂ ਸਹਿਣੀਆਂ ਪੈਂਦੀਆਂ ਹਨ ਕਿਉਂਕਿ ਪੁਲਸ ਮੁਲਾਜ਼ਮਾਂ ਦਾ ਜ਼ਿਆਦਾਤਰ ਸਮਾਂ ਡਿਊਟੀ ’ਚ ਲੰਘ ਜਾਂਦਾ ਹੈ ਜਿਸ ਕਰਕੇ ਪਰਿਵਾਰ ਅਕਸਰ ਅਣਗੌਲੇ ਰਹਿ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਇਨ੍ਹਾਂ ਪਰਿਵਾਰਾਂ ਨੂੰ ਇਕੱਠੇ ਕਰਨਾ ਹੈ ਤਾਂ ਕਿ ਉਹ ਸਾਰੀਆਂ ਪ੍ਰੇਸ਼ਾਨੀਆਂ ਤੋਂ ਸੁਰਖਰੂ ਹੋ ਕੇ ਇਕੱਠਿਆਂ ਸਮਾਂ ਬਤੀਤ ਕਰ ਸਕਣ। 

ਇਹ ਵੀ ਪੜ੍ਹੋ : ਪਿੰਡਾਂ ਅਤੇ ਲਾਲ ਲਕੀਰ ਦਾਇਰੇ ’ਚ ਆਉਣ ਵਾਲੀ ਪ੍ਰਾਪਰਟੀ ਦੀ ਰਜਿਸਟਰੀ ’ਤੇ ਨਹੀਂ ਮਿਲੇਗੀ ਐੱਨ. ਓ. ਸੀ. ਤੋਂ ਛੋਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


author

Anuradha

Content Editor

Related News