ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ ਵਿਗੜੇ ਹਾਲਾਤ, ਬੀਮਾਰੀਆਂ ਫੈਲਣ ਦਾ ਖ਼ਦਸ਼ਾ

Wednesday, Jul 29, 2026 - 03:08 PM (IST)

ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ ਵਿਗੜੇ ਹਾਲਾਤ, ਬੀਮਾਰੀਆਂ ਫੈਲਣ ਦਾ ਖ਼ਦਸ਼ਾ

ਬਠਿੰਡਾ (ਵਿਜੈ ਵਰਮਾ) : ਬਰਨਾਲਾ 'ਚ ਪੰਜਾਬ ਪੁਲਸ ਵੱਲੋਂ ਸਫ਼ਾਈ ਕਰਮਚਾਰੀਆਂ ਨਾਲ ਕਥਿਤ ਧੱਕੇਸ਼ਾਹੀ ਦੇ ਵਿਰੋਧ 'ਚ ਸ਼ੁਰੂ ਹੋਈ ਸੂਬਾ ਪੱਧਰੀ ਹੜਤਾਲ ਹੁਣ ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ਲਈ ਵੱਡਾ ਸੰਕਟ ਬਣ ਚੁੱਕੀ ਹੈ। ਲਗਾਤਾਰ ਜਾਰੀ ਹੜਤਾਲ ਕਾਰਨ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਗਲੀਆਂ, ਮੁਹੱਲਿਆਂ, ਬਾਜ਼ਾਰਾਂ ਅਤੇ ਮੁੱਖ ਸੜਕਾਂ 'ਤੇ ਕੂੜੇ ਦੇ ਢੇਰ ਲੱਗੇ ਹੋਏ ਹਨ, ਨਾਲੀਆਂ ਜਾਮ ਹਨ, ਸੀਵਰੇਜ ਦਾ ਗੰਦਾ ਪਾਣੀ ਸੜਕਾਂ 'ਤੇ ਵਹਿ ਰਿਹਾ ਹੈ ਅਤੇ ਚਾਰੋਂ ਪਾਸੇ ਫੈਲੀ ਬਦਬੂ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਸਭ ਤੋਂ ਵੱਧ ਪਰੇਸ਼ਾਨੀ ਆਮ ਲੋਕਾਂ ਨੂੰ ਹੋ ਰਹੀ ਹੈ। ਘਰਾਂ ਵਿੱਚੋਂ ਨਿਕਲਣ ਵਾਲਾ ਕੂੜਾ ਚੁੱਕਣ ਦੀ ਕੋਈ ਵਿਵਸਥਾ ਨਹੀਂ ਰਹੀ। ਲੋਕਾਂ ਨੂੰ ਸਮਝ ਨਹੀਂ ਆ ਰਹੀ ਕਿ ਘਰੇਲੂ ਕੂੜਾ ਕਿੱਥੇ ਸੁੱਟਣ। ਕਈ ਥਾਵਾਂ 'ਤੇ ਲੋਕ ਮਜਬੂਰੀ ਵੱਸ ਖ਼ਾਲੀ ਪਲਾਟਾਂ, ਸੜਕਾਂ ਦੇ ਕਿਨਾਰਿਆਂ ਅਤੇ ਨਾਲਿਆਂ ਕੋਲ ਕੂੜਾ ਸੁੱਟ ਰਹੇ ਹਨ, ਜਿਸ ਕਾਰਨ ਗੰਦਗੀ ਲਗਾਤਾਰ ਵੱਧਦੀ ਜਾ ਰਹੀ ਹੈ। ਹੜਤਾਲ ਕਾਰਨ ਪ੍ਰਸ਼ਾਸਨ ਵੱਲੋਂ ਦਿਹਾੜੀਦਾਰ ਮਜ਼ਦੂਰਾਂ ਜਾਂ ਹੋਰ ਕਰਮਚਾਰੀਆਂ ਰਾਹੀਂ ਸਫ਼ਾਈ ਕਰਵਾਉਣ ਦੇ ਯਤਨ ਵੀ ਸਫ਼ਲ ਨਹੀਂ ਹੋ ਰਹੇ। ਦੋਸ਼ ਹਨ ਕਿ ਹੜਤਾਲੀ ਸਫ਼ਾਈ ਕਰਮਚਾਰੀ ਅਜਿਹੇ ਯਤਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਕਿਸੇ ਹੋਰ ਨੂੰ ਸਫ਼ਾਈ ਦਾ ਕੰਮ ਨਹੀਂ ਕਰਨ ਦੇ ਰਹੇ। ਇਸ ਕਾਰਨ ਸ਼ਹਿਰਾਂ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਗਈ ਹੈ।

ਇਹ ਵੀ ਪੜ੍ਹੋ : ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ, ਚੰਡੀਗੜ੍ਹ 'ਚ ਕਈ ਸੜਕਾਂ 'ਤੇ ਬਦਲਿਆ ਟ੍ਰੈਫਿਕ
ਵੱਧਦੀ ਗੰਦਗੀ ਕਾਰਨ ਬੀਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਗਿਆ ਹੈ। ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਲੰਬੇ ਸਮੇਂ ਤੱਕ ਕੂੜਾ ਪਿਆ ਰਹਿਣ ਅਤੇ ਸੀਵਰੇਜ ਦਾ ਗੰਦਾ ਪਾਣੀ ਖੁੱਲ੍ਹੇ 'ਚ ਵਹਿਣ ਕਾਰਨ ਡੇਂਗੂ, ਮਲੇਰੀਆ, ਦਸਤ, ਟਾਈਫਾਈਡ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਕਾਫ਼ੀ ਵੱਧ ਜਾਂਦੀ ਹੈ। ਬਰਸਾਤ ਦੇ ਮੌਸਮ 'ਚ ਇਹ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਸਫਾਈ ਕਰਮਚਾਰੀਆਂ ਦੀ ਤਨਖ਼ਾਹ 'ਚ ਵਾਧੇ ਸਮੇਤ ਕੁੱਝ ਮੰਗਾਂ ਮੰਨਣ ਦਾ ਦਾਅਵਾ ਕੀਤਾ ਹੈ ਪਰ ਵੱਖ-ਵੱਖ ਧੜਿਆਂ 'ਚ ਵੰਡੀਆਂ ਸਫਾਈ ਕਰਮਚਾਰੀ ਯੂਨੀਅਨਾਂ ਹਾਲੇ ਹੜਤਾਲ ਖ਼ਤਮ ਕਰਨ ਲਈ ਤਿਆਰ ਨਹੀਂ ਹਨ। ਯੂਨੀਅਨਾਂ ਆਪਣੀਆਂ ਬਾਕੀ ਮੰਗਾਂ ਨੂੰ ਲੈ ਕੇ ਸਰਕਾਰ 'ਤੇ ਦਬਾਅ ਪਾ ਰਹੀਆਂ ਹਨ, ਜਦੋਂ ਕਿ ਦੂਜੇ ਪਾਸੇ ਆਮ ਲੋਕ ਰੋਜ਼ਾਨਾ ਗੰਦਗੀ ਅਤੇ ਬਦਬੂ ਵਿਚਕਾਰ ਜੀਵਨ ਬਿਤਾਉਣ ਲਈ ਮਜਬੂਰ ਹਨ। ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਹਾਲਾਤ ਦਿਨੋਂ-ਦਿਨ ਵਿਗੜਦੇ ਜਾ ਰਹੇ ਹਨ ਪਰ ਨਾ ਤਾਂ ਪ੍ਰਸ਼ਾਸਨ ਕੋਲ ਕੋਈ ਪ੍ਰਭਾਵਸ਼ਾਲੀ ਬਦਲਵੀਂ ਯੋਜਨਾ ਨਜ਼ਰ ਆ ਰਹੀ ਹੈ ਅਤੇ ਨਾ ਹੀ ਸਰਕਾਰ ਅਤੇ ਯੂਨੀਅਨਾਂ ਵਿਚਕਾਰ ਕੋਈ ਠੋਸ ਹੱਲ ਸਾਹਮਣੇ ਆ ਰਿਹਾ ਹੈ। ਇਸ ਕਾਰਨ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ 'ਚ ਨਾਰਾਜ਼ਗੀ ਲਗਾਤਾਰ ਵੱਧ ਰਹੀ ਹੈ। ਹੁਣ ਲੋੜ ਇਸ ਗੱਲ ਦੀ ਹੈ ਕਿ ਸਰਕਾਰ ਅਤੇ ਸਫ਼ਾਈ ਕਰਮਚਾਰੀ ਯੂਨੀਅਨਾਂ ਜਲਦੀ ਤੋਂ ਜਲਦੀ ਗੱਲਬਾਤ ਰਾਹੀਂ ਇਸ ਸਮੱਸਿਆ ਦਾ ਹੱਲ ਕੱਢਣ। ਜੇਕਰ ਹੜਤਾਲ ਲੰਬੀ ਚੱਲੀ ਤਾਂ ਪੰਜਾਬ ਦੇ ਕਈ ਸ਼ਹਿਰਾਂ 'ਚ ਜਨ ਸਿਹਤ ਦਾ ਗੰਭੀਰ ਸੰਕਟ ਪੈਦਾ ਹੋ ਸਕਦਾ ਹੈ, ਜਿਸ ਦੀ ਸਭ ਤੋਂ ਵੱਡੀ ਕੀਮਤ ਆਮ ਲੋਕਾਂ ਨੂੰ ਚੁਕਾਉਣੀ ਪਵੇਗੀ। 

ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
ਪ੍ਰਸ਼ਾਸਨ, ਮੇਅਰ ਅਤੇ ਸਿਆਸੀ ਪਾਰਟੀਆਂ ਦੀ ਅਪੀਲ, ਫਿਰ ਵੀ ਹੜਤਾਲ ਜਾਰੀ
ਸੂਬੇ 'ਚ ਲਗਾਤਾਰ ਵਿਗੜ ਰਹੇ ਹਾਲਾਤ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਦੇ ਮੇਅਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸਫਾਈ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਜਾਰੀ ਰੱਖਣ ਪਰ ਆਮ ਲੋਕਾਂ ਦੀ ਸਿਹਤ ਅਤੇ ਸਹੂਲਤ ਨੂੰ ਧਿਆਨ 'ਚ ਰੱਖਦਿਆਂ ਘੱਟੋ-ਘੱਟ ਲਾਜ਼ਮੀ ਸਫਾਈ ਵਿਵਸਥਾ ਨੂੰ ਬਹਾਲ ਕਰਨ। ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਇਕੱਠਾ ਹੋ ਰਿਹਾ ਕੂੜਾ ਅਤੇ ਸੀਵਰੇਜ ਦੀ ਸਮੱਸਿਆ ਜਨ ਸਿਹਤ ਲਈ ਵੱਡਾ ਖ਼ਤਰਾ ਬਣਦੀ ਜਾ ਰਹੀ ਹੈ, ਜਿਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਦੇ ਅਨੁਸਾਰ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਪੱਧਰ 'ਤੇ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ। ਇਸ ਮੁੱਦੇ 'ਤੇ ਕੈਬਿਨੇਟ ਪੱਧਰ 'ਤੇ ਵੀ ਵਿਚਾਰ-ਵਟਾਂਦਰਾ ਜਾਰੀ ਹੈ ਅਤੇ ਜੋ ਵੀ ਫ਼ੈਸਲਾ ਲਿਆ ਜਾਵੇਗਾ, ਉਸ ਨੂੰ ਲਾਗੂ ਕੀਤਾ ਜਾਵੇਗਾ। ਅਧਿਕਾਰੀਆਂ ਨੇ ਉਮੀਦ ਜਤਾਈ ਕਿ ਗੱਲਬਾਤ ਰਾਹੀਂ ਜਲਦ ਹੱਲ ਨਿਕਲ ਆਵੇਗਾ ਪਰ ਉਦੋਂ ਤੱਕ ਲੋਕਾਂ ਨੂੰ ਗੰਦਗੀ ਅਤੇ ਬੀਮਾਰੀਆਂ ਦੇ ਖ਼ਤਰੇ ਤੋਂ ਬਚਾਉਣ ਲਈ ਸਫਾਈ ਕਰਮਚਾਰੀਆਂ ਤੋਂ ਵੀ ਸਹਿਯੋਗ ਦੀ ਉਮੀਦ ਕੀਤੀ ਗਈ ਹੈ। ਇਸ ਦੇ ਬਾਵਜੂਦ ਹੜਤਾਲ ਜਾਰੀ ਰਹਿਣ ਕਾਰਨ ਸ਼ਹਿਰਾਂ ਅਤੇ ਕਸਬਿਆਂ ਦੀ ਸਫਾਈ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੈ। ਗਲੀਆਂ, ਸੜਕਾਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਕੂੜੇ ਦੇ ਢੇਰ ਲਗਾਤਾਰ ਵੱਧ ਰਹੇ ਹਨ, ਜਿਸ ਕਾਰਨ ਲੋਕਾਂ ਵਿੱਚ ਰੋਸ ਦੇ ਨਾਲ-ਨਾਲ ਛੂਤ ਦੀਆਂ ਬੀਮਾਰੀਆਂ ਫੈਲਣ ਦਾ ਡਰ ਵੀ ਲਗਾਤਾਰ ਵੱਧਦਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News