ਖਰੜ ''ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਇਲਾਕੇ ''ਚ ਰੋਸ
Wednesday, Apr 01, 2026 - 03:52 PM (IST)
ਖਰੜ (ਅਮਰਦੀਪ ਸਿੰਘ ਸੈਣੀ) : ਖਰੜ ਦੇ ਵਾਰਡ ਨੰਬਰ-20 ਆਰੀਆ ਰੋਡ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਨੇੜੇ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਗੁਟਕਾ ਸਾਹਿਬ ਦੀ ਬੇਅਦਬੀ ਕਰਕੇ ਅੰਗ ਫਟੇ ਹੋਏ ਹਾਲਤ 'ਚ ਮਿਲੇ ਹਨ। ਇਸ ਘਟਨਾ ਨਾਲ ਇਲਾਕੇ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਮੋਬਾਇਲ ਦੁਕਾਨਦਾਰ ਮਨਦੀਪ ਸਿੰਘ ਜਦੋਂ ਆਪਣੀ ਦੁਕਾਨ ਦੇ ਸਾਹਮਣੇ ਖ਼ਾਲੀ ਪਈ ਜਗਾ 'ਚ ਗਿਆ ਤਾਂ ਉਸਨੇ ਉੱਥੇ ਗੁਟਕਾ ਸਾਹਿਬ ਦੇ ਫਟੇ ਹੋਏ ਅੰਗ ਪਏ ਦੇਖੇ। ਹੋਰ ਧਿਆਨ ਨਾਲ ਦੇਖਣ 'ਤੇ ਉਸਨੂੰ ਬੇਅਦਬੀ ਕੀਤੇ ਹੋਏ ਹੋਰ ਅੰਗ ਵੀ ਮਿਲੇ। ਇਸ 'ਤੇ ਉਸਨੇ ਤੁਰੰਤ ਵਾਰਡ ਦੇ ਕੌਂਸਲਰ ਮਾਨ ਸਿੰਘ ਸੈਣੀ ਅਤੇ ਸਮਾਜ ਸੇਵੀ ਆਗੂ ਅਮਨਦੀਪ ਸਿੰਘ ਅੰਮੂ ਸੈਣੀ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ਉਪਰੰਤ ਆਗੂਆਂ ਵੱਲੋਂ ਤੁਰੰਤ ਪੁਲਸ ਨੂੰ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਥਾਣਾ ਸਿਟੀ ਦੇ ਐੱਸ. ਐੱਚ. ਓ. ਇੰਸਪੈਕਟਰ ਅਮਰਿੰਦਰ ਸਿੰਘ ਸਿੱਧੂ ਅਤੇ ਨਾਲ ਹੀ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਭਾਈ ਸੁਖਵਿੰਦਰ ਸਿੰਘ, ਗ੍ਰੰਥੀ ਭਾਈ ਭੁਪਿੰਦਰ ਸਿੰਘ, ਇੰਦਰਜੀਤ ਸਿੰਘ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਮੈਂਬਰਾਂ ਜਰਨੈਲ ਸਿੰਘ ਖਾਲਸਾ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੀ ਮੌਕੇ 'ਤੇ ਪਹੁੰਚੇ। ਉਨ੍ਹਾਂ ਵੱਲੋਂ ਗੁਟਕਾ ਸਾਹਿਬ ਦੇ ਅੰਗਾਂ ਨੂੰ ਸੰਭਾਲ ਕੇ ਪੂਰੇ ਸਤਿਕਾਰ ਨਾਲ ਗੁਰਦੁਆਰਾ ਅੰਬ ਸਾਹਿਬ ਵਿਖੇ ਲਿਜਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਕੁੱਝ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਅਜਿਹੀਆਂ ਘਟਨਾਵਾਂ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਮਾਹੌਲ ਵਿਗੜਦਾ ਹੈ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਕਰਨ ਦੇ ਮਾਮਲੇ 'ਚ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਧਰ ਐੱਸ. ਐੱਚ. ਓ. ਅਮਰਿੰਦਰ ਸਿੰਘ ਸਿੱਧੂ ਨੇ ਭਰੋਸਾ ਦਿਵਾਇਆ ਕਿ ਇਸ ਮਾਮਲੇ ਦੀ ਪੂਰੀ ਜਾਂਚ ਕਰਕੇ ਜਲਦੀ ਕਾਰਵਾਈ ਕੀਤੀ ਜਾਵੇਗੀ। ਸ਼ਹਿਰ ਦੀਆਂ ਸਮੂਹ ਸਿੱਖ ਜੱਥੇਬੰਦੀਆਂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
