ਪਸ਼ੂ ਪਾਲਣ ਮੰਤਰੀ ਵੱਲੋਂ ਝੀਂਗਾ ਪਾਲਣ ਲਈ ਬਿਜਲੀ ਦਰਾਂ ''ਚ ਰਿਆਇਤ ਲਈ ਵਿਚਾਰ ਕਰਨ ਵਾਸਤੇ ਕਮੇਟੀ ਗਠਤ
Friday, May 26, 2023 - 11:52 AM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਝੀਂਗਾ ਪਾਲਣ ਲਈ ਬਿਜਲੀ ਦੀਆਂ ਦਰਾਂ ’ਚ ਰਿਆਇਤ ਦੇਣ ਲਈ ਵਿਚਾਰ ਕਰਨ ਵਾਸਤੇ 4 ਮੈਂਬਰੀ ਕਮੇਟੀ ਗਠਤ ਕੀਤੀ ਗਈ ਹੈ। ਇਥੇ ਆਪਣੇ ਦਫ਼ਤਰ ਵਿਖੇ ਸੂਬੇ ਦੇ ਝੀਂਗਾ ਪਾਲਕਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਝੀਂਗਾ ਪਾਲਣ ਅਧੀਨ ਰਕਬਾ ਅਗਲੇ ਪੰਜ ਸਾਲਾਂ ’ਚ 5000 ਹੈਕਟੇਅਰ ਕਰਨ ਦੇ ਟੀਚੇ ਅਧੀਨ ਇਸ ਕਿੱਤੇ ਦੇ ਲਾਗਤ ਖ਼ਰਚਿਆਂ ਨੂੰ ਘਟਾਉਣ ਵੱਲ ਤਵੱਜੋ ਦੇਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਬਿਜਲੀ ਦਰਾਂ 'ਚ ਰਿਆਇਤ ਸਬੰਧੀ ਵਿਚਾਰ ਕਰਨ ਵਾਸਤੇ ਡਾਇਰੈਕਟਰ ਮੱਛੀ ਪਾਲਣ, ਪੀ.ਐੱਸ.ਪੀ.ਸੀ.ਐੱਲ. ਅਧਿਕਾਰੀ ਅਤੇ ਦੋ ਝੀਂਗਾ ਪਾਲਕ ਕਿਸਾਨਾਂ 'ਤੇ ਆਧਾਰਿਤ ਚਾਰ ਮੈਂਬਰੀ ਕਮੇਟੀ ਸਾਰੇ ਪਹਿਲੂਆਂ 'ਤੇ ਵਿਚਾਰ ਕਰਕੇ ਆਪਣੀ ਰਿਪੋਰਟ ਸੌਂਪੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਝੀਂਗਾ ਪਾਲਣ ਲਈ ਰਵਾਇਤੀ ਊਰਜਾ ਸਰੋਤਾਂ ਤੋਂ ਸੌਰ ਊਰਜਾ ਵੱਲ ਜਾਣ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣਗੀਆਂ।
ਇਹ ਵੀ ਪੜ੍ਹੋ : ਵਾਰਡਬੰਦੀ ਨੂੰ ਲੈ ਕੇ ਚੰਡੀਗੜ੍ਹ ’ਚ ਹੋਈ ਮੀਟਿੰਗ ਦੌਰਾਨ ‘ਆਪ’ ਦੇ ਤਿੰਨੋਂ ਵਿਧਾਇਕ ਨਹੀਂ ਪੁੱਜੇ
ਭੁੱਲਰ ਨੇ ਕਿਹਾ ਕਿ ਸੂਬੇ ਦੇ ਦੱਖਣੀ-ਪੱਛਮੀ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਮਾਨਸਾ, ਬਠਿੰਡਾ ਅਤੇ ਫ਼ਰੀਦਕੋਟ ਖਾਰੇਪਣ ਅਤੇ ਸੇਮ ਦੀ ਸਮੱਸਿਆ ਨਾਲ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਨ੍ਹਾਂ ਜ਼ਿਲ੍ਹਿਆਂ ’ਚ ਰਵਾਇਤੀ ਫ਼ਸਲਾਂ ਬਹੁਤ ਪ੍ਰਭਾਵਿਤ ਹੋਈਆਂ ਹਨ ਪਰ ਝੀਂਗਾ ਪਾਲਣ ਬਹੁਤ ਸਫ਼ਲ ਸਿੱਧ ਹੋਇਆ ਹੈ। ਇਸ ਲਈ ਸਰਕਾਰ ਇਸ ਖੇਤਰ ’ਚ ਝੀਂਗਾ ਪਾਲਣ ਨੂੰ ਹੋਰ ਉਤਸ਼ਾਹਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸੇ ਦੌਰਾਨ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕਿਹਾ ਕਿ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਇਹ ਮਾਮਲਾ ਵਿੱਤ ਵਿਭਾਗ ਕੋਲ ਵਿਚਾਰਿਆ ਜਾਵੇਗਾ ਤਾਂ ਜੋ ਕਿਸੇ ਢੁਕਵੇਂ ਹੱਲ ਤੱਕ ਪਹੁੰਚਿਆ ਜਾ ਸਕੇ। ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਕਿਹਾ ਕਿ ਝੀਂਗਾ ਪਾਲਕਾਂ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਹਿਊਮਨ ਰਾਈਟਸ ਐਸੋਸੀਏਸ਼ਨ ਦੇ ਪ੍ਰਧਾਨ ਨੇ ਇੰਡੋਨੇਸ਼ੀਆ ਫ਼ਸੇ ਨੌਜਵਾਨਾਂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।