ਸਪੇਨ ਦੀ ਥਾਂ ਭੇਜਿਆ ਮੋਰੱਕੋ, 20 ਲੱਖ ਦੇ ਕਰਜ਼ੇ ਹੇਠਾਂ ਆਇਆ ਗ਼ਰੀਬ ਪਰਿਵਾਰ, ਵਾਪਸ ਪਰਤ ਸੁਣਾਈ ਦੁੱਖ਼ਭਰੀ ਦਾਸਤਾਨ

Thursday, Apr 04, 2024 - 08:00 PM (IST)

ਲੋਹੀਆਂ ਖ਼ਾਸ (ਰਾਜਪੂਤ )- ਘਰ ਦੀ ਗ਼ਰੀਬੀ ਖ਼ਤਮ ਕਰਨ ਲਈ 22 ਸਾਲਾ ਨੌਜਵਾਨ ਅਰਸ਼ਦੀਪ ਸਿੰਘ ਪਿਛਲੇ 10 ਮਹੀਨਿਆਂ ਤੋਂ ਮੋਰੱਕੋ ਵਿੱਚ ਫਸਿਆ ਹੋਇਆ ਸੀ, ਉਸ ਦੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾ ਸਦਕਾ ਘਰ ਵਾਪਸੀ ਹੋ ਗਈ ਹੈ। ਮੁਰੀਦਵਾਲ ਦੇ ਰਹਿਣ ਵਾਲੇ ਨਿਰਮਲ ਸਿੰਘ ਨੇ ਆਪਣੇ 12ਵੀਂ ਪਾਸ ਪੁੱਤਰ ਅਰਸ਼ਦੀਪ ਨੂੰ ਸਪੇਨ ਭੇਜਣ ਲਈ ਰਿਸ਼ਤੇਦਾਰਾਂ ਅਤੇ ਹੋਰ ਸਾਕ ਸਬੰਧੀਆਂ ਕੋਲੋਂ 13 ਲੱਖ ਰੁਪਏ ਇਕੱਠੇ ਕਰਕੇ ਪਿੰਡ ਪੰਮਣਾ ਦੇ ਰਹਿਣ ਵਾਲੇ ਟਰੈਵਲ ਏਜੰਟ ਨੂੰ ਦਿੱਤੇ ਸਨ। 

ਅਰਸ਼ਦੀਪ ਨੇ ਦੱਸਿਆ ਕਿ ਉਹ ਜੂਨ 2023 ਨੂੰ ਜੈਪੁਰ ਤੋਂ ਸਪੇਨ ਲਈ ਜਹਾਜ਼ੇ ਚੜ੍ਹਿਆ ਸੀ ਪਰ ਟਰੈਵਲ ਏਜੰਟ ਨੇ ਉਨ੍ਹਾਂ ਨੂੰ ਮੋਰੱਕੋ ਵਿੱਚ ਲਿਜਾ ਕੇ ਫਸਾ ਦਿੱਤਾ। ਉਸ ਨੇ ਦੱਸਿਆ ਕਿ ਉਨ੍ਹਾਂ ਕੋਲ ਜਿਹੜੇ ਪੈਸੇ ਸੀ, ਉਹ ਹੋਟਲ ਦੇ ਕਿਰਾਏ ਵਿੱਚ ਅਤੇ ਖਾਣੇ 'ਤੇ ਖ਼ਰਚੇ ਗਏ। ਉਹ ਆਪਣੇ ਘਰ ਤੋਂ ਹਰ ਹਫ਼ਤੇ 15 ਤੋਂ 20 ਹਜ਼ਾਰ ਰੁਪਏ ਮੰਗਵਾ ਕੇ ਉੱਥੇ ਗੁਜ਼ਾਰਾ ਕਰ ਰਿਹਾ ਸੀ ਜਦਕਿ ਟਰੈਵਲ ਏਜੰਟ ਉਨ੍ਹਾਂ ਨੂੰ ਰੋਜ਼ਾਨਾ ਹੀ ਸਪੇਨ ਭੇਜਣ ਦੇ ਲਾਰੇ ਲਾਉਂਦਾ ਰਿਹਾ ਹੈ। ਮੋਰੱਕੋ ਵਿੱਚ ਰਹਿਣਾ ਉਨ੍ਹਾਂ ਲਈ ਔਖਾ ਹੋ ਗਿਆ ਸੀ ਅਤੇ 10 ਮਹੀਨਿਆਂ ਦਾ ਹੋਟਲ ਦਾ ਖ਼ਰਚਾ ਹੀ ਉਨ੍ਹਾਂ ਦਾ 7 ਲੱਖ ਦੇ ਕਰੀਬ ਬਣ ਚੁੱਕਿਆ ਸੀ।

ਇਹ ਵੀ ਪੜ੍ਹੋ: ਪੰਜਾਬ 'ਚ 13 ਸਾਲ ਬਾਅਦ ਠੰਡਾ ਬੀਤਿਆ ਮਾਰਚ, ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਅਰਸ਼ਦੀਪ ਨੇ ਦੱਸਿਆ ਕਿ ਉਸ ਦੇ ਨਾਲ ਹੋਰ ਮੁੰਡੇ ਵੀ ਸਨ ਜਿਨ੍ਹਾਂ ਫੇਸਬੁੱਕ ਦੇ ਮਾਧਿਅਮ ਰਾਹੀਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਆਪਣੀ ਸਾਰੀ ਹੱਡਬੀਤੀ ਸੁਣਾਈ। ਜਿਸ ਤੋਂ ਬਾਅਦ ਉਸ ਦੇ ਪਿਤਾ ਨਿਰਮਲ ਸਿੰਘ ਪਿੰਡ ਦੇ ਹੋਰ ਮੋਹਤਬਾਰ ਬੰਦਿਆਂ ਨੂੰ ਨਾਲ ਲੈ ਕੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ 19 ਮਾਰਚ ਨੂੰ ਸੰਤ ਸੀਚੇਵਾਲ ਨੂੰ ਮਿਲੇ ਸਨ। ਉਨ੍ਹਾਂ ਵੱਲੋਂ ਉਸੇ ਵੇਲੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕਿ ਸਾਰੀ ਸਥਿਤੀ ਤੋਂ ਜਾਣੂੰ ਕਰਵਾਇਆ। ਮੋਰੱਕੋ ਵਿਚਲੀ ਭਾਰਤੀ ਅੰਬੈਸੀ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀ ਘਰ ਵਾਪਸੀ ਯਕੀਨੀ ਬਣਾਈ ਅਤੇ ਉਹ ਆਪਣੇ ਘਰ 28 ਮਾਰਚ ਨੂੰ ਸਹੀ ਸਲਾਮਤ ਪਹੁੰਚ ਗਏ ਸਨ। ਪੀੜਤ ਪਰਿਵਾਰ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾ ਸਦਕਾ 10 ਹੋਰ ਪੰਜਾਬੀ ਵੀ ਵਾਪਸ ਆਉਣ ਵਿੱਚ ਕਾਮਯਾਬ ਰਹੇ। ਅਰਸ਼ਦੀਪ ਨੇ ਇਹ ਦਾਅਵਾ ਕੀਤਾ ਕਿ ਸਪੇਨ ਜਾਣ ਲਈ ਟਰੈਵਲ ਏਜੰਟਾਂ ਦੇ ਭਰਮ ਜਾਲ ਵਿੱਚ ਫਸੇ ਭਾਰਤੀ ਨੌਜਵਾਨਾਂ ਦੀ ਗਿਣਤੀ 500 ਦੇ ਕਰੀਬ ਸੀ। 

ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਟਰੈਵਲ ਏਜੰਟਾਂ ਦੀ ਤੁਲਨਾ ਜਲਾਦਾਂ ਨਾਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਦੀ ਗ਼ਰੀਬੀ 'ਤੇ ਵੀ ਤਰਸ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਅਜਿਹੇ ਟਰੈਵਲ ਏਜੰਟ ਗ਼ਰੀਬਾਂ ਦੀ ਮਜ਼ਦੂਰੀ ਦਾ ਫਾਇਦਾ ਚੁੱਕ ਕੇ ਵਿਦੇਸ਼ਾਂ ਦੀ ਚਮਕ ਦਮਕ ਦਾ ਸੁਫ਼ਨਾ ਵਿਖਾ ਕੇ ਨੌਜਵਾਨਾਂ ਨੂੰ ਭਰਮਾ ਰਹੇ ਹਨ। ਜਿਨ੍ਹਾਂ ਤੋਂ ਬਚਣ ਦੀ ਲੋੜ ਹੈ। ਮੁਰੀਦਵਾਲ ਦੇ ਰਹਿਣ ਵਾਲੇ ਨਿਰਮਲ ਸਿੰਘ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਗ਼ਰੀਬ ਹੈ ਕਿ ਰਾਜ ਮਿਸਤਰੀ ਹੁੰਦਿਆਂ ਹੋਇਆ ਵੀ ਉਹ ਆਪਣੇ ਘਰੇ ਬਾਥਰੂਮ ਤੱਕ ਨਹੀਂ ਬਣਾ ਸਕਿਆ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਦੇ ਪੌਂਡਾਂ-ਡਾਲਰਾਂ ਦੀ ਚਮਕ ਦਮਕ ਦੇ ਪਿੱਛੇ ਨਾ ਭੱਜਣ ਸਗੋਂ ਇਹਨੇ ਪੈਸਿਆਂ ਨਾਲ ਭਾਰਤ ਵਿੱਚ ਰਹਿ ਕੇ ਹੀ ਆਪਣਾ ਕਾਰੋਬਰ ਚਲਾ ਸਕਦੇ ਹਨ।

ਇਹ ਵੀ ਪੜ੍ਹੋ: ਨਡਾਲਾ 'ਚ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਪਲਟੀਆਂ ਖਾ ਕੇ ਡਿੱਗੀ XUV ਗੱਡੀ, ਦੋ ਦੀ ਮੌਤ

ਤਿੰਨ ਭੈਣਾਂ ਦਾ ਵੀਰ ਹੈ ਅਰਸ਼ਦੀਪ: ਨਿਰਮਲ ਸਿੰਘ
ਅਰਸ਼ਦੀਪ ਦੇ ਪਿਤਾ ਨਿਰਮਲ ਸਿੰਘ ਨੇ ਦੱਸਿਆ ਕਿ ਉਸਦੀਆਂ ਤਿੰਨ ਧੀਆਂ ਵਿਆਹਉਣ ਵਾਲੀਆਂ ਹਨ। ਉਹ ਤਿੰਨੋਂ ਹੀ ਅਰਸ਼ਦੀਪ ਤੋਂ ਵੱਡੀਆਂ ਹਨ। ਉਹ ਆਪ ਰਾਜ ਮਿਸਤਰੀ ਦਾ ਕੰਮ ਕਰਦਾ ਹੈ। ਉਨ੍ਹਾਂ ਨੇ ਇਸ ਇਰਾਦੇ ਨਾਲ ਕਰਜ਼ਾ ਚੁੱਕਿਆ ਸੀ ਕਿ ਘਰ ਦੀ ਗ਼ਰੀਬੀ ਚੁੱਕੀ ਜਾਵੇਗੀ, ਧੀਆਂ ਵਿਆਹੀਆਂ ਜਾਣਗੀਆਂ ਅਤੇ ਚੰਗਾ ਘਰ ਵੀ ਬਣ ਜਾਵੇਗਾ ਪਰ ਟਰੈਵਲ ਏਜੰਟ ਦੇ ਧੋਖੇ ਨੇ ਉਨ੍ਹਾਂ ਦੇ ਸੁਫ਼ਨਿਆਂ 'ਤੇ ਪਾਣੀ ਫੇਰ ਦਿੱਤਾ ਅਤੇ ਪੀੜਤ ਪਰਿਵਾਰ ਨੂੰ 20 ਲੱਖ ਦੇ ਕਰਜ਼ੇ ਦੀ ਪੰਡ ਹੇਠਾਂ ਲੈ ਆਇਆ। ਉਸ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੂਬੇ ਦੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਸ ਦੇ ਸਾਰੇ ਪੈਸੇ ਵਾਪਸ ਕਰਵਾਏ ਜਾਣ ਤਾਂ ਜੋ ਆਪਣੇ ਸਿਰ ਕਰਜ਼ਾ ਉਤਾਰ ਸਕੇ।

ਇਹ ਵੀ ਪੜ੍ਹੋ: ਜਲੰਧਰ 'ਚ ਐਨਕਾਊਂਟਰ ਦੌਰਾਨ ਫੜੇ ਗਏ ਚਿੰਟੂ ਗਰੁੱਪ ਦੇ ਬਦਮਾਸ਼ ਦੀ ਮੌਤ, ਭੈਣ ਨੇ ਲਗਾਏ ਗੰਭੀਰ ਦੋਸ਼
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News