ਧੀ ਦੇ ਸਹੁਰੇ ਘਰੋਂ ਆਏ ਫੋਨ ਨੇ ਪੈਰਾਂ ਹੇਠੋਂ ਖ਼ਿਸਕਾਈ ਜ਼ਮੀਨ, ਸਾਲ ਪਹਿਲਾਂ ਹੋਇਆ ਸੀ ਵਿਆਹ
Tuesday, Nov 18, 2025 - 10:46 AM (IST)
ਜ਼ੀਰਾ (ਮਨਜੀਤ ਢਿੱਲੋਂ, ਰਾਜੇਸ਼ ਢੰਡ) : ਜ਼ੀਰਾ ਤੋਂ ਪਿੰਡ ਸੁੱਖੇਵਾਲਾ ਵਿਖੇ ਇਕ ਸਾਲ ਪਹਿਲਾਂ ਹੀ ਵਿਆਹੀ ਕੁੜੀ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਦੋਂ ਕਿ ਮ੍ਰਿਤਕ ਕੁੜੀ ਦੇ ਮਾਪਿਆਂ ਨੇ ਉਸ ਦੇ ਸਹੁਰੇ ਪਰਿਵਾਰ ’ਤੇ ਗੰਭੀਰ ਦੋਸ਼ ਲਾਉਂਦਿਆਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਸਰਕਾਰੀ ਹਸਪਤਾਲ ਜ਼ੀਰਾ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਕੁੜੀ ਕੋਮਲ ਕੌਰ (20) ਦੇ ਪਿਤਾ ਓਮ ਪ੍ਰਕਾਸ਼ ਅਤੇ ਮਾਤਾ ਜਸਵੀਰ ਕੌਰ ਵਾਸੀ ਗੁਰੂ ਤੇਗ ਬਹਾਦਰ ਨਗਰ, ਜ਼ੀਰਾ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਦਾ ਵਿਆਹ ਕਰੀਬ ਇਕ ਸਾਲ ਪਹਿਲਾਂ ਸਾਜਨ ਪੁੱਤਰ ਬਿੰਦਰ ਸਿੰਘ ਵਾਸੀ ਪਿੰਡ ਸੁੱਖੇਵਾਲਾ ਤਹਿਸੀਲ ਜ਼ੀਰਾ ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਪੂਰੇ ਰੀਤੀ-ਰਿਵਾਜ਼ਾਂ ਅਨੁਸਾਰ ਹੋਇਆ ਸੀ ਅਤੇ ਉਨ੍ਹਾਂ ਆਪਣੀ ਹੈਸੀਅਤ ਮੁਤਾਬਕ ਕੁੜੀ ਨੂੰ ਘਰੇਲੂ ਵਰਤੋਂ ਲਈ ਲੋੜ ਦਾ ਸਮਾਨ ਅਤੇ ਦਹੇਜ ਵੀ ਦਿੱਤਾ ਗਿਆ ਸੀ।
ਉਨ੍ਹਾਂ ਅੱਗੇ ਦੋਸ਼ ਲਾਉਂਦਿਆਂ ਦੱਸਿਆ ਕਿ ਕੋਮਲ ਦਾ ਪਤੀ ਸਾਜਨ ਅਤੇ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਅਕਸਰ ਦਾਜ ਲਿਆਉਣ ਜਾਂ ਪੈਸਿਆਂ ਦੀ ਮੰਗ ਕਰਨ ਤੋਂ ਇਲਾਵਾ ਕੁੜੀ ਦੀ ਕੁੱਟਮਾਰ ਕਰਦੇ ਰਹਿੰਦੇ ਸਨ, ਜਿਸ ਤੋਂ ਤੰਗ ਆ ਕੇ ਉਨ੍ਹਾਂ ਦੀ ਕੁੜੀ ਕੋਮਲ ਕੌਰ ਨੂੰ ਅਜਿਹਾ ਕਰਨ ਲਈ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਵੀ ਸਵੇਰੇ ਕੋਮਲ ਦਾ ਫੋਨ ਆਇਆ ਸੀ ਕਿ ਉਸ ਦਾ ਸਹੁਰਾ ਪਰਿਵਾਰ ਉਸ ਦੀ ਕੁੱਟਮਾਰ ਕਰ ਰਿਹਾ ਹੈ ਅਤੇ ਉਸ ਨੂੰ ਆਪਣੇ ਪਿਤਾ ਤੋਂ 25 ਹਜ਼ਾਰ ਰੁਪਏ ਲਿਆ ਕੇ ਦੇਣ ਲਈ ਕਹਿ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ ਦੇ ਸਫ਼ਰ ਨੂੰ ਲੈ ਕੇ ਰਾਹਤ ਭਰੀ ਖ਼ਬਰ, ਹੁਣ 19 ਨਵੰਬਰ ਨੂੰ...
ਬਾਅਦ ਦੁਪਿਹਰ ਉਸ ਨੂੰ ਪਿੰਡ ਸੁੱਖੇਵਾਲਾ ਦੇ ਕਿਸੇ ਵਿਅਕਤੀ ਨੇ ਫੋਨ ਕਰ ਕੇ ਦੱਸਿਆ ਕਿ ਕੋਮਲ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਹੈ ਅਤੇ ਉਸ ਦੇ ਅੰਤਿਮ ਸੰਸਕਾਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਉਪਰੰਤ ਉਨ੍ਹਾਂ ਨੇ ਥਾਣਾ ਸਦਰ ਜ਼ੀਰਾ ਪੁਲਸ ਨੂੰ ਜਾਣਕਾਰੀ ਦਿੱਤੀ ਅਤੇ ਪੁਲਸ ਪਾਰਟੀ ਨੇ ਲਾਸ਼ ਨੂੰ ਸਰਕਾਰੀ ਹਸਪਤਾਲ ਜ਼ੀਰਾ ਵਿਖੇ ਲਿਆਂਦਾ। ਓਧਰ ਜਦ ਮਾਮਲੇ ਸਬੰਧੀ ਥਾਣਾ ਸਦਰ ਜ਼ੀਰਾ ਦੇ ਐੱਸ. ਐੱਚ. ਓ. ਜਸਵਿੰਦਰ ਸਿੰਘ ਬਰਾੜ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਕੁੜੀ ਕੋਮਲ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਜ਼ੀਰਾ ਵਿਖੇ ਪੋਸਟਮਾਰਟਮ ਕਰਵਾਉਣ ਲਈ ਲਿਆਂਦਾ ਗਿਆ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਤੱਥਾਂ ਦੇ ਆਧਾਰ ’ਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
