ਪੰਜਾਬ ਵਿਚ ਜ਼ਮੀਨਾਂ ਦੇ ਕੁਲੈਕਟਰ ਰੇਟਾਂ ''ਚ ਵਾਧੇ ਨੂੰ ਹਰੀ ਝੰਡੀ
Thursday, Aug 08, 2024 - 06:43 PM (IST)
ਚੰਡੀਗੜ੍ਹ : ਪੰਜਾਬ ਵਿਚ ਆਉਣ ਵਾਲੇ ਦਿਨਾਂ ਦੌਰਾਨ ਪ੍ਰਾਪਰਟੀ ਰਜਿਸਟਰੇਸ਼ਨ ਮਹਿੰਗੀ ਹੋ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਨੇ ਸੂਬੇ ਦੀ ਵਿੱਤੀ ਸਿਹਤ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਮੀਨਾਂ ਦੇ ਕੁਲੈਕਟਰ ਰੇਟਾਂ ਵਿਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਸੂਬੇ ਦੇ ਮਾਲ ਮਹਿਕਮੇ ਤੋਂ ਆਮਦਨੀ ’ਚ ਵਾਧੇ ਲਈ ਆਉਂਦੇ ਦਿਨਾਂ ਵਿਚ ਕੁਲੈਕਟਰ ਰੇਟ ਵੱਧ ਸਕਦੇ ਹਨ। ਜ਼ਿਲ੍ਹਾ ਪਟਿਆਲਾ ਨੇ ਇਸ ਮਾਮਲੇ ਵਿਚ ਪਹਿਲ ਕਰ ਦਿੱਤੀ ਹੈ ਜਦਕਿ ਬਾਕੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਫੌਰੀ ਕੁਲੈਕਟਰ ਰੇਟਾਂ ’ਚ ਵਾਧੇ ਲਈ ਆਖ ਦਿੱਤਾ ਗਿਆ ਹੈ। ਬੇਸ਼ੱਕ ਪ੍ਰਾਪਰਟੀ ਕਾਰੋਬਾਰੀਆਂ ਲਈ ਇਹ ਇਕ ਝਟਕਾ ਹੋਵੇਗਾ ਪ੍ਰੰਤੂ ਪੰਜਾਬ ਸਰਕਾਰ ਵਿੱਤੀ ਸਰੋਤ ਜੁਟਾਉਣ ਲਈ ਕਦਮ ਅੱਗੇ ਵਧਾਉਣਾ ਚਾਹੁੰਦੀ ਹੈ। ਚਾਲੂ ਵਿੱਤੀ ਵਰ੍ਹੇ ਦੌਰਾਨ ਕੁਲੈਕਟਰ ਰੇਟਾਂ ਵਿਚ ਵਾਧੇ ਨਾਲ ਜਿੱਥੇ ਸਰਕਾਰੀ ਖ਼ਜ਼ਾਨੇ ਵਿਚ ਵਾਧੂ ਪੈਸਾ ਆਵੇਗਾ, ਉੱਥੇ ਹੀ ਕਾਲੇ ਧਨ ਦਾ ਪਾਸਾਰ ਵੀ ਰੁਕੇਗਾ।
ਇਹ ਵੀ ਪੜ੍ਹੋ : ਦਿੱਲੀ ਏਅਰਪੋਰਟ ਜਾਣ ਵਾਲੇ NRI ਪੰਜਾਬੀਆਂ ਨੂੰ ਪੰਜਾਬ ਸਰਕਾਰ ਦੀ ਸੌਗਾਤ, ਹੁਣ ਨਹੀਂ ਹੋਣਾ ਪਵੇਗਾ ਖੱਜਲ
ਪੰਜਾਬ ਸਰਕਾਰ ਨੇ ਨਵੇਂ ਵਾਧੇ ਨਾਲ ਸਾਲਾਨਾ ਕਰੀਬ 1500 ਕਰੋੜ ਰੁਪਏ ਦੀ ਵਾਧੂ ਆਮਦਨ ਹੋਣ ਦਾ ਅਨੁਮਾਨ ਲਾਇਆ ਹੈ। ਸੂਤਰਾਂ ਮੁਤਾਬਕ ਡਿਪਟੀ ਕਮਿਸ਼ਨਰਾਂ ਨੂੰ ਮੰਗਲਵਾਰ ਨੂੰ ਵਿਸ਼ੇਸ਼ ਮੁੱਖ ਸਕੱਤਰ (ਮਾਲ) ਕੇ. ਏ. ਪੀ. ਸਿਨਹਾ ਨੇ ਕੁਲੈਕਟਰ ਰੇਟਾਂ ਵਿਚ ਵਾਧੇ ਬਾਰੇ ਨੋਟੀਫ਼ਿਕੇਸ਼ਨ ਦੇ ਆਦੇਸ਼ ਦਿੱਤੇ ਹਨ। ਕਈ ਜ਼ਿਲ੍ਹਿਆਂ ਵਿਚ ਡਿਪਟੀ ਕਮਿਸ਼ਨਰਾਂ ਨੇ ਕੁਲੈਕਟਰ ਰੇਟਾਂ ਵਿਚ ਵਾਧਾ ਕਰਨ ਵਾਸਤੇ ਅੱਜ ਤੋਂ ਹੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਆਮ ਤੌਰ ’ਤੇ ਕੁਲੈਕਟਰ ਰੇਟਾਂ ਵਿਚ 5 ਤੋਂ 10 ਫ਼ੀਸਦੀ ਤੱਕ ਦਾ ਵਾਧਾ ਹੁੰਦਾ ਰਿਹਾ ਹੈ। ਪੰਜਾਬ ਸਰਕਾਰ ਨੇ ਇਸ ਵਾਰ ਕੁਲੈਕਟਰ ਰੇਟ ਜ਼ਿਆਦਾ ਵਧਾਉਣ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਸ਼ਾਨਦਾਰ ਕਦਮ ਚੁੱਕਣ ਦੀ ਤਿਆਰੀ ਵਿਚ ਪੰਜਾਬ ਸਕੂਲ ਸਿੱਖਿਆ ਵਿਭਾਗ
ਰਜਿਸਟਰੀਆਂ ਤੋਂ ਆਮਦਨ ’ਚ 71 ਫ਼ੀਸਦ ਦਾ ਵਾਧਾ: ਜਿੰਪਾ
ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪਿਛਲੇ ਮਹੀਨੇ ਸੂਬੇ ’ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਹੋਣ ਵਾਲੀ ਆਮਦਨ ਵਿਚ ਰਿਕਾਰਡ 71 ਫ਼ੀਸਦ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਪ੍ਰਾਪਰਟੀ ਦੇ ਰੇਟ ਕਾਫ਼ੀ ਵਧ ਗਏ ਹਨ ਪ੍ਰੰਤੂ ਉਸ ਲਿਹਾਜ਼ ਨਾਲ ਕੁਲੈਕਟਰ ਰੇਟ ਨਹੀਂ ਵਧੇ ਸਨ। ਉਨ੍ਹਾਂ ਕਿਹਾ ਕਿ ਹੁਣ ਕੁਲੈਕਟਰ ਰੇਟ ਵਧਾਏ ਜਾ ਰਹੇ ਹਨ ਤਾਂ ਜੋ ਪੰਜਾਬ ਸਰਕਾਰ ਦੇ ਮਾਲੀਏ ਵਿਚ ਵਾਧਾ ਹੋ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਰਦਰਸ਼ੀ, ਸਾਫ-ਸੁਥਰੀਆਂ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਮੁਹੱਈਆ ਕਰਵਾਉਣ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿੰਪਾ ਨੇ ਕਿਹਾ ਕਿ ਜੁਲਾਈ ਵਿਚ ਸਟੈਂਪ ਅਤੇ ਰਜਿਸਟਰੇਸ਼ਨ ਤੋਂ ਸਰਕਾਰ ਨੂੰ 463.08 ਕਰੋੜ ਰੁਪਏ ਦੀ ਆਮਦਨ ਹੋਈ, ਜੋ ਪਿਛਲੇ ਸਾਲ ਨਾਲੋਂ 71 ਫ਼ੀਸਦੀ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਅਪਰੈਲ ਤੋਂ ਜੁਲਾਈ ਤੱਕ ਪੰਜਾਬ ਦੇ ਖ਼ਜ਼ਾਨੇ ਵਿੱਚ ਕੁੱਲ 1854.12 ਕਰੋੜ ਰੁਪਏ ਆਏ ਹਨ ਜਦਕਿ ਪਿਛਲੇ ਵਰ੍ਹੇ ਇਨ੍ਹਾਂ ਮਹੀਨਿਆਂ ਵਿਚ ਇਹ ਰਕਮ 1461.87 ਕਰੋੜ ਰੁਪਏ ਸੀ। ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਫ਼ਸਰ ਨੂੰ ਰਿਸ਼ਵਤ ਨਾ ਦੇਣ।
ਇਹ ਵੀ ਪੜ੍ਹੋ : ਪੰਜਾਬ 'ਚ ਬੈਠ ਕੇ ਅਮਰੀਕਾ ਵਿਚ ਮਾਰੀ ਜਾਂਦੀ ਸੀ ਠੱਗੀ, ਫੜੀ ਗਈ ਗੈਂਗ ਦਾ ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8