ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

Sunday, Aug 24, 2025 - 01:39 PM (IST)

ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ(ਸਰਬਜੀਤ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮਾਂ ਸਮੇਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।

ਇਹ ਵੀ ਪੜ੍ਹੋ- ਪੰਜਾਬ 'ਚ 27 ਤਰੀਖ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ

ਇਸ ਦੌਰਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਿੱਖ ਪਰੰਪਰਾ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਪਿਆਰੇ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸਖ਼ਸ਼ੀਅਤਾਂ ਅਤੇ ਸੰਗਤਾਂ ਪੁੱਜੀਆਂ ਹੋਈਆਂ ਸਨ।

PunjabKesari

ਇਹ ਵੀ ਪੜ੍ਹੋ- ਪੰਜਾਬ ਦੇ ਵੱਡੇ ਹਿੱਸੇ 'ਚ ਭਾਰੀ ਮੀਂਹ ਦੀ ਚਿਤਾਵਨੀ, ਇਹ ਜ਼ਿਲ੍ਹੇ ਹੋ ਜਾਣ ALERT

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਸਿੱਖ ਦੇ ਜੀਵਨ ਦਾ ਅਧਾਰ ਹੈ। ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਸੰਗਤਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨੂੰ ਆਪਣੇ ਜੀਵਨ ਵਿਚ ਢਾਲ ਕੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ।

PunjabKesari

ਨਗਰ ਕੀਰਤਨ ’ਚ ਸ਼ਾਮਲ ਹੋਣ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰਮਤਿ ਰਹਿਣੀ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਂਦੀ ਹੈ ਅਤੇ ਹਰ ਪ੍ਰਾਣੀ ਮਾਤਰ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਇਕ ਅਹਿਮ ਮਾਰਗ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਗੁਰਬਾਣੀ ਨਿਤਨੇਮ ਨਾਲ ਜੁੜਣ ਅਤੇ ਖੰਡੇ ਬਾਟੇ ਦੀ ਪਹੁਲ ਦੇ ਧਾਰਨੀ ਹੋਣ ਦੀ ਪ੍ਰੇਰਣਾ ਕੀਤੀ।

ਇਹ ਵੀ ਪੜ੍ਹੋ- ਸਰਕਾਰੀ ਮੈਡੀਕਲ ਕਾਲਜ ਦੇ ਡਾਕਟਰ ਨਾਲ ਟ੍ਰੇਨ 'ਚ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਨਗਰ ਕੀਰਤਨ ਸਮੇਂ ਸਿੱਖ ਨੌਜਵਾਨਾਂ ਵੱਲੋਂ ਗਤਕਾ ਪ੍ਰਦਰਸ਼ਨ ਦੇ ਨਾਲ-ਨਾਲ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਰਸਤੇ ਵਿਚ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਭਲਾਈਪੁਰ, ਰਘੁਬੀਰ ਸਿੰਘ ਸਹਾਰਨਮਾਜਰਾ, ਅਮਰਜੀਤ ਸਿੰਘ ਬੰਡਾਲਾ, ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਯੁਵਰਾਜ ਸਿੰਘ, ਗੁਰਤਿੰਦਰਪਾਲ ਸਿੰਘ ਸਮੇਤ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸੰਗਤਾਂ ਨੇ ਹਾਜ਼ਰੀ ਭਰੀ।

PunjabKesari

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇ ਜਲੌਅ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਦੀਪਮਾਲਾ ਨਾਲ ਸਜਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗੁਰਮਤਿ ਸਮਾਗਮ ਅੰਦਰ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Shivani Bassan

Content Editor

Related News