ਤਰੱਕੀ ਦੇ ਰਾਹ 'ਤੇ ਪੰਜਾਬ, ਨੌਜਵਾਨਾਂ ਨੂੰ ਧੜਾ-ਧੜ ਨੌਕਰੀਆਂ ਦੇ ਰਹੀ CM ਮਾਨ ਦੀ ਸਰਕਾਰ
Thursday, Sep 26, 2024 - 04:05 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਾਅਦਾਂ ਵਿੱਚੋਂ ਇਕ ਵੱਡਾ ਵਾਅਦਾ 'ਘਰ-ਘਰ ਰੁਜ਼ਗਾਰ ਮਿਸ਼ਨ' ਦੀ ਸ਼ੁਰੂਆਤ ਕੀਤੀ ਹੈ, ਜਿਸ ਦਾ ਮਕਸਦ ਪੰਜਾਬ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਹੱਲ ਕਰਨਾ ਹੈ। ਇਸ ਮਿਸ਼ਨ ਦੇ ਤਹਿਤ, ਪੰਜਾਬ ਦੇ ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਨਵੇਂ ਕਾਰੋਬਾਰ ਅਤੇ ਸਟਾਰਟਅਪਸ ਨੂੰ ਉਤਸ਼ਾਹਨ ਕਰਨਾ ਸ਼ਾਮਲ ਹੈ।
ਇਥੇ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ। ਪੰਜਾਬ ਸਰਕਾਰ ਰੋਜ਼ਾਨਾ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਾ ਸਿਰਫ਼ ਉਨ੍ਹਾਂ ਨੂੰ ਪੈਰਾਂ ਸਿਰ ਖੜ੍ਹੇ ਕਰ ਰਹੀ ਹੈ ਸਗੋਂ ਉਨ੍ਹਾਂ ਦੇ ਜੀਵਨ ਪੱਧਰ ਵੀ ਉੱਚੀ ਚੁੱਕ ਰਹੀ ਹੈ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਧੜਾ-ਧੜ ਨੌਕਰੀਆਂ ਦੇ ਚੱਲਦੇ ਨੌਜਵਾਨਾਂ ਦਾ ਪ੍ਰਵਾਸ ਵੀ ਰੁਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਤਾਬਕ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ।
ਘਰ-ਘਰ ਰੁਜ਼ਗਾਰ ਮਿਸ਼ਨ ਦਾ ਮਕਸਦ ਪੰਜਾਬ ਦੇ ਹਰ ਨੌਜਵਾਨ ਨੂੰ ਨੌਕਰੀ ਦੇ ਮੌਕੇ ਦੇਣਾ ਹੈ। ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨੌਕਰੀਆਂ ਦੇ ਮੌਕੇ ਸਿਰਜੇ ਜਾ ਰਹੇ ਹਨ, ਜਿਸ ਵਿੱਚ ਸਰਕਾਰੀ, ਨਿੱਜੀ, ਅਤੇ ਸਵੈ-ਰੁਜ਼ਗਾਰ ਦੇ ਮੌਕੇ ਸ਼ਾਮਲ ਹਨ। ਇਹ ਯੋਜਨਾ ਨਵੇਂ ਸਟਾਰਟਅਪਸ ਅਤੇ ਕਾਰੋਬਾਰਾਂ ਨੂੰ ਵੀ ਬੜਾਵਾ ਦਿੰਦੀ ਹੈ। ਸਰਕਾਰ ਵੱਲੋਂ ਨਵੇਂ ਕਾਰੋਬਾਰ ਖੋਲ੍ਹਣ ਲਈ ਮਾਲੀ ਸਹਾਇਤਾ, ਸਿਖਲਾਈ ਅਤੇ ਬਾਕੀ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ, ਤਾਂ ਜੋ ਨੌਜਵਾਨ ਆਪਣਾ ਖ਼ੁਦ ਦਾ ਕਾਰੋਬਾਰ ਸ਼ੁਰੂ ਕਰ ਸਕਣ। ਬੀਤੇ ਦਿਨੀਂ ਹੀ ਟੈਗੋਰ ਥੀਏਟਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ 586 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਨੂੰ ਵੱਡੀ ਪ੍ਰਾਪਤੀ ਦੱਸਿਆ ਸੀ, ਜੋ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਮਿਸ਼ਨ ਰੋਜ਼ਗਾਰ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੜਾਅਵਾਰ 1390 ਡਾਕਟਰਾਂ ਦੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ ਪਹਿਲੇ ਪੜਾਅ ਵਿੱਚ 400 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ 435 ਹਾਊਸ ਸਰਜਨਾਂ ਦੀ ਨਿਯੁਕਤੀ ਵੀ ਪ੍ਰਕਿਰਿਆ ਅਧੀਨ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵਿੱਚ ਅੱਜ ਭਰਤੀ ਹੋਏ 586 ਉਮੀਦਵਾਰਾਂ ਸਮੇਤ ਕੁੱਲ੍ਹ 1910 ਨਵੇਂ ਉਮੀਦਵਾਰਾਂ ਦੀ ਭਰਤੀ ਕੀਤੀ ਗਈ ਹੈ ।
ਇਥੇ ਇਹ ਵੀ ਦੱਸਣਯੋਗ ਹੈ ਕਿ ਘਰ-ਘਰ ਰੁਜ਼ਗਾਰ ਮਿਸ਼ਨ ਦੇ ਹਿੱਸੇ ਵਜੋਂ ਸੂਬੇ ਭਰ ਵਿੱਚ ਵੱਖ-ਵੱਖ ਸਥਾਨਾਂ 'ਤੇ ਰੁਜ਼ਗਾਰ ਮੇਲੇ ਵੀ ਲਗਾਏ ਜਾਂਦੇ ਹਨ, ਜਿੱਥੇ ਕੰਪਨੀਆਂ ਆਪਣੇ ਨੌਕਰੀ ਦੇ ਮੌਕੇ ਲੈ ਕੇ ਆਉਂਦੀਆਂ ਹਨ ਅਤੇ ਨੌਜਵਾਨਾਂ ਨੂੰ ਨੌਕਰੀ ਦੀਆਂ ਪੇਸ਼ਕਸ਼ਾਂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਨੌਜਵਾਨਾਂ ਨੂੰ ਘਰ ਬੈਠੇ ਰੁਜ਼ਗਾਰ ਦੇ ਮੌਕੇ ਪਾਉਣ ਲਈ ਇਕ ਡਿਜੀਟਲ ਪੋਰਟਲ ਅਤੇ ਮੋਬਾਇਲ ਐਪ ਵੀ ਬਣਾਈ ਗਈ ਹੈ। ਇਸ ਪੋਰਟਲ ਦੁਆਰਾ ਉਨ੍ਹਾਂ ਦੀਆਂ ਸਾਰੀਆਂ ਸੂਚਨਾਵਾਂ ਅਤੇ ਨੌਕਰੀ ਦੀਆਂ ਮੰਗਾਂ ਨੂੰ ਰਜਿਸਟਰ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਨੌਕਰੀ ਦੇ ਉਪਲੱਬਧ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਮਿਸ਼ਨ ਦਾ ਸਿੱਧਾ ਪ੍ਰਭਾਵ ਨੌਜਵਾਨਾਂ ਦੀ ਆਰਥਿਕ ਸਥਿਤੀ 'ਤੇ ਪਵੇਗਾ। ਨੌਕਰੀ ਦੇ ਮੌਕੇ ਬਨਣ ਨਾਲ ਨੌਜਵਾਨ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਣਗੇ। ਪੰਜਾਬ ਵਿੱਚ ਬੇਰੁਜ਼ਗਾਰੀ ਦੀ ਦਰ ਘੱਟ ਹੋਣੀ ਸ਼ੁਰੂ ਹੋ ਗਈ ਹੈ ਅਤੇ ਇਸ ਮਿਸ਼ਨ ਨਾਲ ਇਹ ਹੋਰ ਵੀ ਘੱਟ ਹੋਵੇਗੀ। ਇਸ ਯੋਜਨਾ ਦੇ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਰਾਜ ਵਿੱਚ ਹੀ ਵਧੀਆ ਰੁਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ, ਜਿਸ ਨਾਲ ਵਿਦੇਸ਼ ਜਾਣ ਦੀ ਲਹਿਰ ਵਿੱਚ ਕਮੀ ਹੋ ਰਹੀ ਹੈ। ਭਗਵੰਤ ਮਾਨ ਦੀ ਸਰਕਾਰ ਦੇ ਅਧੀਨ 'ਘਰ-ਘਰ ਰੁਜ਼ਗਾਰ ਮਿਸ਼ਨ' ਦਾ ਮਕਸਦ ਨੌਜਵਾਨਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਹੈ। ਇਸ ਦੇ ਮਾਧਿਅਮ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲੇ ਹਨ ਅਤੇ ਰਾਜ ਵਿੱਚ ਨਵੇਂ ਉਦਯੋਗਕਰਨ ਦੇ ਮੌਕੇ ਵੀ ਵਧੇ ਹਨ।